ਕਾਂਗਰਸ ਵੱਲੋਂ ਮਹਾਰਾਸ਼ਟਰ ਦੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ
ਨਵੀਂ ਦਿੱਲੀ, 21 ਅਕਤੂਬਰ
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ। ਪਾਰਟੀ ਹੈੱਡਕੁਆਰਟਰ ’ਚ ਹੋਈ ਸੀਈਸੀ ਦੀ ਮੀਟਿੰਗ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਅਤੇ ਜਥੇਬੰਦਕ ਸਕੱਤਰ ਕੇਸੀ ਵੇਣੂਗੋਪਾਲ ਤੇ ਹੋਰ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਦਿਨੇ ਸ਼ਿਵ ਸੈਨਾ (ਯੂਬੀਟੀ) ਆਗੂ ਸੰਜੈ ਰਾਊਤ ਨੇ ਕਿਹਾ ਕਿ ਮਹਾ ਵਿਕਾਸ ਅਘਾੜੀ ਗੱਠਜੋੜ ਵਿਚਾਲੇ ਮਹਾਰਾਸ਼ਟਰ ਦੀਆਂ 288 ’ਚੋਂ 210 ਸੀਟਾਂ ’ਤੇ ਸਹਿਮਤੀ ਬਣ ਗਈ ਹੈ ਜੋ ਕਿ ਵੱਡੀ ਪ੍ਰਾਪਤੀ ਹੈ। ਉਨ੍ਹਾਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ, ਭਾਜਪਾ ਤੇ ਅਜੀਤ ਪਵਾਰ ਦੀ ਅਗਵਾਈ ਹੇਠਲੀ ਐੱਨਸੀਪੀ ’ਤੇ ਤਨਜ਼ ਕਸਦਿਆਂ ਕਿਹਾ ਕਿ ਉਨ੍ਹਾਂ (ਰਾਊਤ) ਦਾ ਟੀਚਾ ਮਹਾਰਾਸ਼ਟਰ ’ਚ ਲੁਟੇਰੀਆਂ ਤਾਕਤਾਂ ਨੂੰ ਹਰਾਉਣਾ ਹੈ।
ਮੀਟਿੰਗ ਤੋਂ ਪਹਿਲਾਂ ਮਹਾਰਾਸ਼ਟਰ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਨਾ ਪਟੋਲੇ ਨੇ ਕਿਹਾ ਕਿ ਕੁਝ ਸੀਟਾਂ ਨੂੰ ਲੈ ਕੇ ਵਿਵਾਦ ਹੈ ਪਰ ਸ਼ਿਵ ਸੈਨਾ (ਯੂਬੀਟੀ) ਅਤੇ ਐੱਨਸੀਪੀ (ਸ਼ਰਦਚੰਦਰ ਪਵਾਰ) ਦੀ ਲੀਡਰਸ਼ਿਪ ਨਾਲ ਗੱਲਬਾਤ ਕਰਕੇ ਜਲਦੀ ਹੀ ਮਸਲਾ ਹੱਲ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਮਹਾ ਵਿਕਾਸ ਅਘਾੜੀ ਗੱਠਜੋੜ ’ਚ ਕਾਂਗਰਸ, ਸ਼ਿਵ ਸੈਨਾ (ਯੂਬੀਟੀ) ਅਤੇ ਐੱਨਸੀਪੀ (ਸ਼ਰਦਚੰਦਰ ਪਵਾਰ) ਸ਼ਾਮਲ ਹਨ। ਮਹਾਰਾਸ਼ਟਰ ’ਚ ਵਿਧਾਨ ਸਭਾ ਚੋਣਾਂ ਲਈ ਵੋਟਾਂ 20 ਨਵੰਬਰ ਨੂੰ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। -ਪੀਟੀਆਈ