ਕਾਂਗਰਸ ਸਾਰੀਆਂ ਸੀਟਾਂ ਜਿੱਤਣ ਲਈ ਲੜ ਰਹੀ ਹੈ ਚੋਣ: ਸ਼ੈਲਜਾ
ਪ੍ਰਭੂ ਦਿਆਲ
ਸਿਰਸਾ, 28 ਸਤੰਬਰ
ਸਾਬਕਾ ਕੇਂਦਰੀ ਮੰਤਰੀ ਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਾਂਗਰਸ ਸੂਬੇ ਦੀਆਂ ਸਾਰੀਆਂ 90 ਸੀਟਾਂ ਜਿੱਤਣ ਲਈ ਚੋਣ ਲੜ ਰਹੀ ਹੈ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਕਾਂਗਰਸ ਬਹੁਮਤ ਨਾਲ ਸਰਕਾਰ ਬਣਾ ਰਹੀ ਹੈ। ਜਨਤਾ ਨੇ ਭਾਜਪਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਕਾਂਗਰਸ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ, ਸਿਰਫ ਨਤੀਜੇ ਆਉਣੇ ਬਾਕੀ ਹਨ। ਸ਼ੈਲਜਾ ਹਿਸਾਰ, ਫਤਿਹਾਬਾਦ, ਜੀਂਦ ਅਤੇ ਸਿਰਸਾ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਸਿਰਸਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ਼ੈਲਜਾ ਹਾਲੇ ਵੀ ਮੁੱਖ ਮੰਤਰੀ ਦੀ ਦੌੜ ਵਿੱਚ ਹਨ, ਉਨ੍ਹਾਂ ਸਪੱਸ਼ਟ ਕਿਹਾ ਕਿ ਮੁੱਖ ਮੰਤਰੀ ਕੌਣ ਹੋਵੇਗਾ, ਇਸ ਬਾਰੇ ਫੈਸਲਾ ਕਾਂਗਰਸ ਹਾਈਕਮਾਨ ਵੱਲੋਂ ਚੋਣਾਂ ਤੋਂ ਬਾਅਦ ਹੀ ਲੈਣਾ ਹੈ। ਇਸ ਵੇਲੇ ਸੂਬੇ ਵਿੱਚ ਮਾਹੌਲ ਕਾਂਗਰਸ ਦੇ ਹੱਕ ਵਿੱਚ ਹੈ। ਚੋਣ ਪ੍ਰਚਾਰ ਵਿੱਚ ਦੇਰੀ ਨਾਲ ਦਾਖ਼ਲ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਿਰਸਾ ਵਿੱਚ ਦੇਰੀ ਕਿੱਥੇ ਹੈ, ਸਿਰਸਾ ਉਨ੍ਹਾਂ ਦਾ ਆਪਣਾ ਘਰ ਹੈ, ਸਿਰਸਾ ਤੋਂ ਮੂੰਹ ਮੋੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਆਗੂ ਇਕਜੁੱਟ ਹੋ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ, ਭਾਵੇਂ ਇਕ-ਦੋ ਜਣੇ ਨਾਰਾਜ਼ ਹਨ ਤਾਂ ਵੀ ਉਨ੍ਹਾਂ ਨੂੰ ਗੱਲ ਕਰਕੇ ਮਨਾ ਲਿਆ ਜਾਵੇਗਾ।