ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੁਆਵਜ਼ੇ ਲਈ ਕਾਂਗਰਸੀ ਆਗੂ ਡਟੇ
ਪੱਤਰ ਪ੍ਰੇਰਕ
ਮਾਛੀਵਾੜਾ, 31 ਜੁਲਾਈ
ਮਾਛੀਵਾੜਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਅੱਜ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਮੁਆਵਜ਼ਾ ਜਾਰੀ ਕਰਵਾਉਣ ਸਬੰਧੀ ਐੱਸਡੀਐੱਮ ਸਮਰਾਲਾ ਨੂੰ ਮੰਗ ਪੱਤਰ ਸੌਂਪਿਆ। ਮੀਡੀਆ ਇੰਚਾਰਜ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਸਮਰਾਲਾ ਐੱਸਡੀਐੱਮ ਦਫ਼ਤਰ ਪਹੁੰਚੇ ਜਿਨ੍ਹਾਂ ਪੱਤਰ ਸੌਂਪ ਕੇ ਮੰਗ ਕੀਤੀ ਕਿ ਸੂਬੇ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਜੋ ਤਬਾਹੀ ਹੋਈ ਹੈ ਉਸਦੇ ਸਾਰੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਵਲੋਂ ਤੁਰੰਤ ਰਾਹਤ ਦੀ ਲੋੜ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੂਬੇ ਵਿਚ 5 ਲੱਖ ਏਕੜ ਫਸਲ ਹੜ੍ਹ ਕਾਰਨ ਤਬਾਹ ਹੋਈ ਜਿਸ ਲਈ ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਅਤੇ ਜੋ ਘਰ ਨੁਕਸਾਨੇ ਹਨ ਉਨ੍ਹਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਹੜ੍ਹਾਂ ਕਾਰਨ ਜ਼ਖ਼ਮੀ ਹੋਏ ਲੋਕਾਂ ਨੂੰ 5 ਲੱਖ ਰੁਪਏ ਅਤੇ ਮ੍ਰਿਤਕ ਵਿਅਕਤੀ ਨੂੰ 10 ਲੱਖ ਰੁਪਏ ਦਿੱਤੇ ਜਾਣ। ਜਿਨ੍ਹਾਂ ਦੁਕਾਨਦਾਰਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ 2 ਲੱਖ ਰੁਪਏ ਅਤੇ ਕੁਦਰਤੀ ਆਫ਼ਤ ਕਾਰਨ ਮਰੇ ਪਸ਼ੂ ਮਾਲਕਾਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣ।
ਪਾਇਲ (ਪੱਤਰ ਪ੍ਰੇਰਕ): ਬਲਾਕ ਕਾਂਗਰਸ ਮਲੋਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾ ਅਤੇ ਬਲਾਕ ਕਾਂਗਰਸ ਦੋਰਾਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ ਘਲੋਟੀ ਦੀ ਅਗਵਾਈ ਹੇਠ ਅੱਜ ਐਸਡੀਐਮ ਪਾਇਲ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਕਰਦੇ ਹੋਏ ਮੰਗ ਪੱਤਰ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਰੋੜਾਂ ਰੁਪਏ ਫੋਕੀ ਇਸ਼ਤਿਹਾਰਬਾਜ਼ੀ ਅਤੇ ਫਲੈਕਸਾਂ ’ਤੇ ਖ਼ਰਚੇ ਹਨ ਇਹੀ ਕਰੋੜਾ ਰੁਪਏ ਜੇ ਹੜ੍ਹਾਂ ਦੀ ਰੋਕਥਾਮ ਲਈ ਖ਼ਰਚ ਕੀਤੇ ਹੁੰਦੇ ਤਾਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੀ ਨਾ ਬਣਦੀ। ਇਸ ਮੌਕੇ ਰਾਜਿੰਦਰ ਸਿੰਘ ਕਾਕਾ ਰੋੜੀਆ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਲੋਦ, ਦਰਸਨ ਸਿੰਘ ਕਰਤਾਰਪੁਰ, ਗੁਰਪ੍ਰੀਤ ਸਿੰਘ ਸਿਰਥਲਾ ਇੰਚਾਰਜ ਸੋਸਲ ਮੀਡੀਆ ਬਲਾਕ ਕਾਂਗਰਸ ਮਲੋਦ, ਪਰਵਿੰਦਰ ਸਿੰਘ ਵਾਲੀਆ ਆਦਿ ਹਾਜ਼ਰ ਸਨ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਇਥੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ ਦੀ ਅਗਵਾਈ ਹੇਠ ਤਹਿਸੀਲਦਾਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਕਾਂਗਰਸੀ ਆਗੂਆਂ ਨੇ ‘ਟ੍ਰਿਬਿਊਨ’ ਅਦਾਰੇ ਵਲੋਂ ਹੜ੍ਹਾਂ ਬਾਰੇ ਕਈ ਦਿਨਾਂ ਤੋਂ ਰੋਜ਼ਾਨਾ ਕੀਤੀ ਜਾ ਰਹੀ ਕਵਰੇਜ ਨੂੰ ਸ਼ਲਾਘਾਯੋਗ ਕਰਾਰ ਦਿੰਦਿਆਂ ੇ ਕਿਹਾ ਕਿ ਇਸ ਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸਨ ਨੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਬਿ ਅਤੇ ਬਲਾਕ ਪ੍ਰਧਾਨ ਨਵਦੀਪ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚਲੇ ਵਿਧਾਇਕਾਂ ਦੀ ਕਾਰਗੁਜ਼ਾਰੀ ਜਾਂਚਣ ਦਾ ਪਾਖੰਡ ਕਰ ਰਹੀ ਹੈ ਜੋ ਕਿਤੇ ਵੀ ਲੁਕੀ ਹੋਈ ਨਹੀਂ ਹੈ।
ਆਪ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਫੰਡ ਜਾਰੀ ਕਰੇ: ਪੂਰਬਾ
ਸਮਰਾਲਾ (ਪੱਤਰ ਪ੍ਰੇਰਕ): ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਇੱਥੇ ਹਲਕਾ ਸਮਰਾਲਾ ਦੇ ਕਾਂਗਰਸ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਬਲਾਕ ਸੰਮਤੀ ਦੇ ਚੇਅਰਮੈਨ ਅਜਮੇਰ ਸਿੰਘ ਪੂਰਬਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਂ ਆਪਣਾ ਮੰਗ ਪੱਤਰ ਸਥਾਨਕ ਐੱਸ.ਡੀ.ਐੱਮ. ਨੂੰ ਸੌਂਪਿਆ ਗਿਆ। ਇਸ ਮੌਕੇ ਸ. ਪੂਰਬਾ ਸਮੇਤ ਕਈ ਹੋਰ ਪ੍ਰਮੁੱਖ ਪਾਰਟੀ ਅਹੁਦੇਦਾਰ ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਸਿੰਘ ਜੋਗਾ ਬਲਾਲਾ, ਐਡ. ਜਸਪ੍ਰੀਤ ਸਿੰਘ ਕਲਾਲਮਾਜਰਾ, ਪ੍ਰਧਾਨ ਸਨੀ ਦੂਆ ਅਤੇ ਪਰਮਿੰਦਰ ਤਿਵਾੜੀ ਆਦਿ ਵੀ ਹਾਜ਼ਰ ਸਨ। ਉਨ੍ਹਾਂ ਫ਼ਸਲਾਂ ਦੇ ਨੁਕਸਾਨ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ ਪ੍ਰਤੀ ਪਰਿਵਾਰ 5 ਲੱਖ, ਹੜ੍ਹ ਦੀ ਲਪੇਟ ’ਚ ਆਏ ਦੁਕਾਨਦਾਰਾਂ ਲਈ 2 ਲੱਖ ਰੁਪਏ, ਕੁਦਰਤੀ ਆਫ਼ਤ ’ਚ ਜਾਨ ਗੁਵਾ ਚੁੱਕੇ ਮਿ੍ਰਤਕਾਂ ਦੇ ਆਸ਼ਰਤ ਪਰਿਵਾਰਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਲਈ 5 ਲੱਖ ਰੁਪਏ ਪ੍ਰਤੀ ਵਿਅਕਤੀ ਮੁਆਵਜੇ ਦੀ ਮੰਗ ਕਰਦਿਆਂ ਕਿਹਾ ਕਿ ਰਾਜ ਦੇ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਪੂਨਰ ਨਿਰਮਾਣ ਲਈ ਆਪ ਸਰਕਾਰ ਤੁਰੰਤ ਫੰਡ ਜਾਰੀ ਕਰੇ।