ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ
ਨਵੀਂ ਦਿੱਲੀ, 29 ਨਵੰਬਰ
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਝੋਨੇ ਦੀ ਖਰੀਦ ਵਿੱਚ ਕਥਿਤ ਦੇਰੀ ਅਤੇ ਖਾਦਾਂ ਦੀ ਕਿੱਲਤ ਖ਼ਿਲਾਫ਼ ਅੱਜ ਸੰਸਦ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਘੱਟ ਕੀਮਤ ’ਤੇ ਫਸਲ ਵੇਚਣ ਲਈ ਮਜਬੂਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਪੈਦਾ ਹੋਏ ਹਾਲਾਤ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਵੜਿੰਗ ਨੇ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਪੰਜਾਬ ਦੇ ਸੰਸਦ ਮੈਂਬਰਾਂ ਨੇ ਸੂਬੇ ਦੇ ਕਿਸਾਨਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ (ਕਿਸਾਨਾਂ) ਨੇ ਦੀਵਾਲੀ ਦੀ ਰਾਤ ਵੀ ਮੰਡੀਆਂ ਵਿੱਚ ਕੱਟੀ ਅਤੇ ਐੱਮਐੱਸਪੀ ਤੋਂ ਘੱਟ ਕੀਮਤ ’ਤੇ ਫ਼ਸਲ ਵੇਚਣ ਲਈ ਮਜਬੂਰ ਹੋਏ।’ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਮੇਟੀ ਬਣਾ ਕੇ ਐੱਮਐੱਸਪੀ ਤੋਂ ਘੱਟ ਭਾਅ ’ਤੇ ਫ਼ਸਲ ਖਰੀਦਣ ਵਾਲਿਆਂ ਦੀ ਜਾਂਚ ਕਰਨੀ ਚਾਹੀਦੀ ਹੈ। ਕਿਸਾਨਾਂ ਨੂੰ ਐੱਮਐੱਸਮੀ ਅਨੁਸਾਰ ਕੀਮਤ ਮਿਲਣੀ ਚਾਹੀਦੀ ਹੈ। -ਪੀਟੀਆਈ