ਕਾਂਗਰਸ ਵੱਲੋਂ ਭਗਵੰਤ ਮਾਨ ਖ਼ਿਲਾਫ਼ ਮੁਜ਼ਾਹਰੇ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ , 1 ਅਪਰੈਲ
ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕੀਤੀਆਂ ਟਿੱਪਣੀਆਂ ਦੇ ਰੋਸ ਵਜੋਂ ਮੁਜ਼ਾਹਰਾ ਕੀਤਾ। ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਵਿੱਚ ਮੁਜ਼ਾਹਰੇ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਕੀਤੀ। ਇਸ ਦੌਰਾਨ ਅਜਨਾਲਾ ਨੇ ਦੋਸ਼ ਲਾਇਆ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ ਅਤੇ ਮਾੜੀ ਸ਼ਬਦਾਵਲੀ ਵਰਤੀ ਗਈ ਹੈ। ਇਸ ਦੀ ਕਾਂਗਰਸ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਵੱਲੋਂ ਇਸ ਸਬੰਧ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਪਾਰਟੀ ਦੇ ਆਗੂਆਂ, ਵਰਕਰਾਂ ਤੇ ਦਿਹਾਤੀ ਕਾਂਗਰਸ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਰਪ੍ਰਤਾਪ ਸਿੰਘ ਨੇ ਬੋਲਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਇਹ ਸ਼ੋਭਾ ਨਹੀਂ ਦਿੰਦਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਈ ਵਾਰ ਸੰਸਦ ਮੈਂਬਰ ਰਹਿ ਚੁੱਕੇ ਵਿਅਕਤੀ ਦੇ ਖ਼ਿਲਾਫ਼ ਅਜਿਹੀ ਮਾੜੀ ਸ਼ਬਦਾਵਲੀ ਵਰਤੀ ਜਾਵੇ। ਹਲਕਾ ਮਜੀਠਾ ਦੇ ਕਾਂਗਰਸ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਨਵਤੇਜ ਪਾਲ ਸਿੰਘ ਸੋਹੀਆਂ ਤੇ ਨਵਦੀਪ ਸਿੰਘ ਸੋਨਾ ਮਜੀਠਾ ਆਦਿ ਹਾਜ਼ਰ ਸਨ।
ਬਲਾਚੌਰ (ਬਹਾਦਰਜੀਤ ਸਿੰਘ): ਕਾਂਗਰਸੀ ਆਗੂ ਰਾਹੁਲ ਗਾਂਧੀ ਲਈ ਵਰਤੀ ਸ਼ਬਦਾਵਲੀ ਲਈ ਭਗਵੰਤ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਬਲਾਚੌਰ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਗਵੰਤ ਮਾਨ ਵੱਲੋਂ ਕਥਿਤ ਤੌਰ ’ਤੇ ਕਿਹਾ ਗਿਆ ਸੀ ਕਿ ਰਾਹੁਲ ਗਾਂਧੀ ਆਗੂ ਬਣਨ ਦੇ ਕਾਬਲ ਨਹੀਂ ਹੈ, ਰੱਬ ਨੇ ਰਾਹੁਲ ਗਾਂਧੀ ਨੂੰ ਨੇਤਾ ਵਾਲੇ ਗੁਣ ਨਹੀਂ ਦਿੱਤੇ। ਇਸ ਮੌਕੇ ਤਰਸੇਮ ਚੌਧਰੀ ਸਾਬਕਾ ਚੇਅਰਮੈਨ, ਹਰਜੀਤ ਸਿੰਘ ਜਾਡਲੀ ਮੈਂਬਰ ਡੀਸੀਸੀ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ ਤੇ ਮੋਹਿੰਦਰ ਪਾਲ ਮੀਤ ਪ੍ਰਧਾਨ ਆਦਿ ਹਾਜ਼ਰ ਸਨ।
ਪਠਾਨਕੋਟ (ਐੱਨਪੀ ਧਵਨ): ਜ਼ਿਲ੍ਹਾ ਕਾਂਗਰਸ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਵਿਰੋਧ ਵਿਚ ਅੱਜ ਪਠਾਨਕੋਟ ਦੇ ਡੀਸੀ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਡੀਸੀ ਆਦਿੱਤਿਆ ਉੱਪਲ ਨੂੰ ਮੰਗ ਪੱਤਰ ਸੌਂਪਿਆ।
ਮੁਕੇਰੀਆਂ (ਜਗਜੀਤ ਸਿੰਘ): ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਂਗਰਸੀ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਖਿਲਾਫ਼ ਕੀਤੀ ਟਿੱਪਣੀ ਦੇ ਵਿਰੋਧ ਵਿੱਚ ਕਾਂਗਰਸੀਆਂ ਵਲੋਂ ਤਲਵਾੜਾ ਚੌਕ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਮਹਿਲਾ ਕਾਂਗਰਸ ਦੀ ਪ੍ਰਧਾਨ ਹਰਮਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਿਕ ਅੰਬੇਡਕਰ ਪਾਰਕ ਵਿੱਚ ਇਕੱਠ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਕੀਤੀ ਟਿੱਪਣੀ ਅਸਹਿਣਯੋਗ ਹੈ, ਜਿਸ ਦੇ ਖਿਲਾਫ਼ ਸਮੁੱਚੀ ਕਾਂਗਰਸ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਨੂੰ ਲੀਹਾਂ ’ਤੇ ਲਿਜਾਣ ਤੋਂ ਅਸਫਲ ਰਹਿਣ ਵਾਲੇ ਮੁੱਖ ਮੰਤਰੀ ਭਾਜਪਾ ਦੇ ਇਸ਼ਾਰੇ ’ਤੇ ਕਾਂਗਰਸੀ ਆਗੂ ਖਿਲਾਫ਼ ਟਿੱਪਣੀਆਂ ਕਰ ਰਹੇ ਹਨ।
ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਰੋਸ ਮਾਰਚ
ਤਰਨ ਤਾਰਨ (ਗੁਰਬਖ਼ਸ਼ਪੁਰੀ): ਕਾਂਗਰਸੀ ਵਰਕਰਾਂ ਵੱਲੋਂ ਅੱਜ ਇੱਥੇ ਰੋਸ ਮਾਰਚ ਕੀਤਾ ਗਿਆ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ| ਇਸ ਮੌਕੇ ਤਰਨ ਤਾਰਨ ਦੇ ਕਾਂਗਰਸ ਭਵਨ ਵਿੱਚ ਇਕੱਠੇ ਹੋਏ ਵਰਕਰਾਂ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਹੁਲ ਗਾਂਧੀ ਖ਼ਿਲਾਫ਼ ਅਜਿਹੀ ਟਿੱਪਣੀ ਨਹੀਂ ਕਰਨੀ ਚਾਹੀਦੀ। ਇਸ ਮਗਰੋਂ ਪਾਰਟੀ ਵਰਕਰਾਂ ਨੇ ਕਾਂਗਰਸ ਭਵਨ ਵਿੱਚ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਰਾਹੁਲ ਨੂੰ ਮੁੱਖ ਮੰਤਰੀ ਦੇ ਨਾਂ ’ਤੇ ਇਕ ਮੰਗ ਪੱਤਰ ਦਿੱਤਾ|