ਸੋਨੀਆ ਤੇ ਰਾਹੁਲ ਖ਼ਿਲਾਫ਼ ਚਾਰਜਸ਼ੀਟ ਵਿਰੁੱਧ ਕਾਂਗਰਸ ਵੱਲੋਂ ਪ੍ਰਦਰਸ਼ਨ
ਨਵੀਂ ਦਿੱਲੀ, 16 ਅਪਰੈਲ
ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ‘ਨੈਸ਼ਨਲ ਹੈਰਾਲਡ’ ਮਾਮਲੇ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚਾਰਜਸ਼ੀਟ ਦਾਇਰ ਕੀਤੇ ਜਾਣ ਖ਼ਿਲਾਫ਼ ਅੱਜ ਦੇਸ਼ ਦੇ ਵੱਖ‘ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ਥਾਵਾਂ ’ਤੇ ਕਾਂਗਰਸ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਕੌਮੀ ਰਾਜਧਾਨੀ ਵਿੱਚ ਅੱਜ ਸਵੇਰੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਪਾਰਟੀ ਦੇ ਪੁਰਾਣੇ ਹੈੱਡਕੁਆਰਟਰ 24, ਅਕਬਰ ਰੋਡ ਪਹੁੰਚੇ ਅਤੇ ਆਪਣੇ ਆਗੂਆਂ ਦੇ ਹੱਕ ਵਿੱਚ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਪ੍ਰਦਰਸ਼ਨ ਵਿੱਚ ਕਈ ਕਾਂਗਰਸੀ ਸੰਸਦ ਮੈਂਬਰ, ਕਾਰਕੁਨ ਅਤੇ ਭਾਰਤੀ ਯੁਵਾ ਕਾਂਗਰਸ ਤੇ ਰਾਸ਼ਟਰੀ ਵਿਦਿਆਰਥੀ ਯੂਨੀਅਨ (ਐੱਨਐੱਸਯੂਆਈ) ਵਰਗੀਆਂ ਕਾਂਗਰਸ ਸੰਸਥਾਵਾਂ ਦੇ ਮੈਂਬਰ ਸ਼ਾਮਲ ਹੋਏ। ਇਸ ਦੌਰਾਨ ਪੁਲੀਸ ਨੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਸਮੇਤ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਵੀ ਲਿਆ।
ਇਸ ਦੌਰਾਨ ਕਾਂਗਰਸ ਆਗੂ ਸੁਪ੍ਰਿਆ ਸ੍ਰੀਨੇਤ ਨੇ ਚਾਰਜਸ਼ੀਟ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਗਾਂਧੀ ਪਰਿਵਾਰ ਅਤੇ ਕਾਂਗਰਸ ਨੂੰ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਹ ਰਾਹੁਲ ਗਾਂਧੀ ਦੀ ਰਾਜਨੀਤੀ ਤੋਂ ਡਰਦੇ ਹਨ। ਕਾਂਗਰਸ ਦੇ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਨੇ ਕਿਹਾ, ‘ਭਾਜਪਾ ਡਰੀ ਹੋਈ ਹੈ। ਉਸ ਦੀਆਂ ਸੀਟਾਂ 400 ਤੋਂ ਘੱਟ ਕੇ 240 ਰਹਿ ਗਈਆਂ ਹਨ। ਜੇ ਨਿਤੀਸ਼ ਕੁਮਾਰ ਅਤੇ ਚੰਦਰਬਾਬੂ ਨਾਇਡੂ ਪਿੱਛੇ ਹਟ ਜਾਣ ਤਾਂ ਸਰਕਾਰ ਡਿੱਗ ਜਾਵੇਗੀ।’ ਕਾਂਗਰਸ ਦੇ ਜਨਰਲ ਸਕੱਤਰ ਸਚਿਨ ਪਾਇਲਟ ਨੇ ਵੀ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਦੱਸਿਆ। -ਪੀਟੀਆਈ