For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਭਾਜਪਾ ਦਫ਼ਤਰ ਅੱਗੇ ਧਰਨਾ

07:56 AM Feb 17, 2024 IST
ਕਾਂਗਰਸ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਭਾਜਪਾ ਦਫ਼ਤਰ ਅੱਗੇ ਧਰਨਾ
ਕਾਂਗਰਸੀ ਕਾਰਕੁਨਾਂ ਨੂੰ ਪਾਣੀ ਦੀਆਂ ਬੋਤਲਾਂ ਵੰਡਦੇ ਹੋਏ ਭਾਜਪਾ ਵਰਕਰ।
Advertisement

ਸ਼ਗਨ ਕਟਾਰੀਆ
ਬਠਿੰਡਾ, 16 ਫ਼ਰਵਰੀ
‘ਦਿੱਲੀ ਚੱਲੋ’ ਅੰਦੋਲਨ ਤਹਿਤ ਪੰਜਾਬ-ਹਰਿਆਣਾ ਅੰਤਰਰਾਜੀ ਹੱਦਾਂ ’ਤੇ ਡਟੇ ਕਿਸਾਨਾਂ ਦੀ ਹਮਾਇਤ ’ਚ ਅੱਜ ਕਾਂਗਰਸ ਵੱਲੋਂ ਇੱਥੇ ਭਾਜਪਾ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਰਸਤਿਆਂ ’ਚੋਂ ਰੋਕਾਂ ਹਟਾ ਕੇ ਕਿਸਾਨਾਂ ਨੂੰ ਦਿੱਲੀ ਜਾਣ ਦੇਣ ਅਤੇ ਸੰਘਰਸ਼ਕਾਰੀ ਕਿਸਾਨਾਂ ’ਤੇ ਅੱਤਿਆਚਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ, (ਦਿਹਾਤੀ) ਪ੍ਰਧਾਨ ਖ਼ੁਸ਼ਬਾਜ਼ ਜਟਾਣਾ, ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਾਕ ਬਠਿੰਡਾ ਦੇ ਪ੍ਰਧਾਨ ਬਲਰਾਜ ਸਿੰਘ ਪੱਕਾ, ਇੰਪਰੂਵਮੈਂਟ ਟਰਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ.ਕੇ.ਅਗਰਵਾਲ, ਨੌਜਵਾਨ ਆਗੂ ਰਮਨਦੀਪ ਢਿੱਲੋਂ ਆਦਿ ਨੇ ਕੇਂਦਰ ਤੇ ਹਰਿਆਣਾ ਸਰਕਾਰਾਂ ’ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਨੇ ਅੰਨਦਾਤੇ ਦੇ ਸਬਰ ਨੂੰ ਦੁਬਾਰਾ ਪਰਖਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਿਸਾਨਾਂ ਦੀ ਜਿੱਤ ਹੋਈ ਸੀ ਅਤੇ ਹੁਣ ਵੀ ਕਿਸਾਨ ਹੀ ਜਿੱਤਣ ਵਾਲੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲਾਂ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅਰਥਚਾਰੇ ਦਾ ਧੁਰਾ ਹਨ। ਜੇ ਕਿਸਾਨੀ ਡਾਵਾਂਡੋਲ ਹੋ ਗਈ ਤਾਂ ਦੇਸ਼ ’ਤੇ ਵੀ ਮੁਸੀਬਤ ਪਵੇਗੀ।
ਇਕੱਠ ਨੂੰ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਹਰਵਿੰਦਰ ਲੱਡੂ, ਟਹਿਲ ਸਿੰਘ ਸੰਧੂ, ਦਰਸ਼ਨ ਜੀਦਾ, ਕਮਲਜੀਤ ਭੰਗੂਰ, ਰਣਜੀਤ ਗਰੇਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਸਾਬਕਾ ਮੇਅਰ ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਰਮੇਸ਼ ਰਾਣੀ, ਰਜਨੀ ਬਾਲਾ, ਰਣਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਕੀ, ਲੱਖਾ ਚੇਅਰਮੈਨ, ਮਨਜੀਤ ਸਿੰਘ ਬੁਲਾਡੇ ਵਾਲਾ, ਕ੍ਰਿਸ਼ਨ ਸਿੰਘ ਭਾਗੀਬਾਂਦਰ, ਦਰਸ਼ਨ ਸਿੰਘ ਸੰਧੂ, ਵਿਪਨ ਮਿੱਤੂ ਤੇ ਹੋਰ ਹਾਜ਼ਰ ਸਨ।
ਇਸ ਦੌਰਾਨ ਭਾਜਪਾ ਵਰਕਰਾਂ ਨੇ ਧਰਨਾਕਾਰੀਆਂ ਨੂੰ ਪਾਣੀ ਪਿਲਾਇਆ। ਠੰਢਾ ਪਾਣੀ ਵਰਤਾਉਣ ਵਾਲੇ ਭਾਜਪਾ ਆਗੂ ਸੰਦੀਪ ਅਗਰਵਾਲ ਨੇ ਕਿਹਾ ਕਿ ਕਾਂਗਰਸੀ ਕਿਸਾਨੀ ਦੀ ਆੜ ’ਚ ਘਟੀਆ ਰਾਜਨੀਤੀ ਕਰ ਰਹੇ ਹਨ। ਇਹ ਕਿਸਾਨਾਂ ਨੂੰ ਗੁੰਮਰਾਹ ਕਰ ਕੇ ਕੇਂਦਰ ਸਰਕਾਰ ਵਿਰੁੱਧ ਭੜਕਾਉਣਾ ਚਾਹੁੰਦੇ ਹਨ ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ।

Advertisement

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ

ਮਲੋਟ (ਨਿੱਜੀ ਪੱਤਰ ਪ੍ਰੇਰਕ): ਇੱਥੇ ਅੱਜ ਦਰਜਨਾਂ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਅਤਿਆਚਾਰ ਖ਼ਿਲਾਫ਼ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸ਼ੁਭਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਨਾਲ ਧੱਕੇ ਦੇ ਨਾਲ-ਨਾਲ ਮੋਦੀ ਸਰਕਾਰ ਆਮ ਲੋਕਾਂ ਨਾਲ ਵੀ ਧੱਕੇ ’ਤੇ ਉਤਾਰੂ ਹੈ। ਇਸ ਮਗਰੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਮੰਗ ਪੱਤਰ ਹਾਸਲ ਕੀਤਾ। ਇਸ ਮੌਕੇ ਨੱਥੂ ਰਾਮ ਗਾਂਧੀ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਹਾਜ਼ਰ ਸਨ।

Advertisement
Author Image

sukhwinder singh

View all posts

Advertisement
Advertisement
×