ਬਿਜਲੀ ਸੰਕਟ ਦੇ ਮੁੱਦੇ ’ਤੇ ਕਾਂਗਰਸ ਨੇ ‘ਆਪ’ ਨੂੰ ਘੇਰਿਆ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 23 ਜੁਲਾਈ
ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬਿਜਲੀ ਦੇ ਸੰਕਟ ਦੇ ਮੁੱਦੇ ’ਤੇ ‘ਆਪ’ ਨੂੰ ਘੇਰਿਆ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰਿਆਣਾ ਸਣੇ ਹੋਰ ਰਾਜਾਂ ਦੇ ਲੋਕ ਵਿਸ਼ਵਾਸ ਨਾ ਕਰਨ ਕਿਉਂਕਿ ਇਨ੍ਹਾਂ ਦੀਆਂ ਗਾਰੰਟੀਆਂ ਝੂਠੀਆਂ ਹਨ। ਐਕਸ ’ਤੇ ਰਾਜਿੰਦਰਾ ਹਸਪਤਾਲ ਵਿੱਚ ਬਿਜਲੀ ਗੁੱਲ ਹੋਣ ਦੀ ਵੀਡੀਓ ਸ਼ੇਅਰ ਕਰਦਿਆਂ ਸੁਖਪਾਲ ਖਹਿਰਾ ਨੇ ਲਿਖਿਆ ਹੈ ਕਿ ਪੰਜਾਬ ਵਿੱਚ ਬਿਜਲੀ ਦੇ ਕੱਟ ਨਾ ਸਿਰਫ਼ ਖੇਤੀਬਾੜੀ ਅਤੇ ਘਰੇਲੂ ਸਪਲਾਈ ਨੂੰ ਪ੍ਰਭਾਵਿਤ ਕਰ ਰਹੇ ਹਨ, ਸਗੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਰਗੀਆਂ ਪ੍ਰਮੁੱਖ ਸਿਹਤ ਸੰਸਥਾਵਾਂ ਵੀ ਬਿਜਲੀ ਦੀ ਕਿੱਲਤ ਨਾਲ ਜੂਝ ਰਹੀਆਂ ਹਨ, ਮਰੀਜ਼ਾਂ ਨੂੰ ਹਸਪਤਾਲ ਦੇ ਗਲਿਆਰਿਆਂ ਵਿੱਚ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ‘ਆਪ’ ਟੀਮ ਅਰਵਿੰਦ ਕੇਜਰੀਵਾਲ ਤੇ ਹੋਰ ਆਗੂਆਂ ਵੱਲੋਂ ਪ੍ਰਚਾਰੀ ਗਈ ਤਬਦੀਲੀ ਦੀ ਸਿਆਸਤ ਨਾ ਸਿਰਫ਼ ਫ਼ੇਲ੍ਹ ਹੋਈ ਹੈ, ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ਪਿਛਲੀਆਂ ਸਰਕਾਰਾਂ ਨਾਲੋਂ ਵੀ ਮਾੜੀ ਹੈ। ਉਨ੍ਹਾਂ ਵੋਟਰਾਂ ਨੂੰ ਸਲਾਹ ਦਿੱਤੀ ਕਿ ਉਹ ‘ਆਪ’ ਦੀਆਂ ਝੂਠੀਆਂ ਗਾਰੰਟੀਆਂ ਦਾ ਸ਼ਿਕਾਰ ਨਾ ਹੋਣ। ਜ਼ਿਕਰਯੋਗ ਹੈ ਕਿ ਪਿਛਲੀਆਂ ਦੋ ਰਾਤਾਂ ਰਾਜਿੰਦਰਾ ਹਸਪਤਾਲ ਵਿੱਚ ਬਿਜਲੀ ਗੁੱਲ ਰਹੀ ਹੈ, ਜਿਸ ਕਾਰਨ ਡਾਕਟਰਾਂ ਨੂੰ ਇਕ ਜਣੇਪਾ ਵੀ ਮੋਬਾਈਲ ਦੀਆਂ ਟਾਰਚਾਂ ਜਗਾ ਕੇ ਕਰਵਾਉਣਾ ਪਿਆ। ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਹੈ ਕਿ ਪੰਜਾਬ ’ਚ ਬਿਜਲੀ ਦੀ ਕਿੱਲਤ ਪੈਦਾ ਹੋ ਗਈ ਹੈ, ਹਸਪਤਾਲਾਂ ਵਿੱਚ ਬਿਜਲੀ ਦੇ ਸੰਕਟ ਕਾਰਨ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ, ਇਸ ਕਰ ਕੇ ਕਾਂਗਰਸ ਨੇ ਫ਼ੈਸਲਾ ਕੀਤਾ ਹੈ ਕਿ 24 ਜੁਲਾਈ ਨੂੰ ਪਾਵਰਕੌਮ ਦਾ ਦਫ਼ਤਰ ਘੇਰਿਆ ਜਾਵੇਗਾ।