ਕਾਂਗਰਸ ਨੇ ਦਿੱਲੀ ਸਰਕਾਰ ਨੂੰ ਘੇਰਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਕਤੂਬਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ, ਜਿਸ ਨੂੰ ਘਟਾਉਣ ਬੱਸ ਮਾਰਸ਼ਲਾਂ ਨੂੰ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਘਟਾਉਣ ਲਈ ਹੁਣ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਅਚਾਨਕ 10,000 ਬੱਸ ਮਾਰਸ਼ਲਾਂ ਦੀ ਯਾਦ ਆ ਗਈ ਹੈ। ਉਨ੍ਹਾਂ ਕਿਹਾ ਕਿ ਮਾਰਸ਼ਲਾਂ ਦੀਆਂ ਸੇਵਾਵਾਂ ਨੂੰ ਕੇਜਰੀਵਾਲ ਨੇ ਖਤਮ ਕਰ ਦਿੱਤਾ ਸੀ। ਸਰਕਾਰ ਵੱਲੋਂ ਪਿਛਲੇ ਸਾਲ ਜਦੋਂ ਇਨ੍ਹਾਂ ਮਾਰਸ਼ਲਾਂ ਨੂੰ ਸਹੀ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਨਿਯੁਕਤ ਕੀਤੇ ਜਾਣ ਦੇ ਤਰੀਕੇ ’ਤੇ ਸਵਾਲ ਉਠਾਏ ਗਏ ਸਨ ਤਾਂ ਮਾਰਸ਼ਲਾਂ ਦਾ ਕੋਈ ਕਸੂਰ ਨਹੀਂ ਸੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪ੍ਰਦੂਸ਼ਣ ਨਿਯਮਾਂ ਨੂੰ ਲਾਗੂ ਕਰਨ ਲਈ ਵਿੰਟਰ ਐਕਸ਼ਨ ਪਲਾਨ ਤਹਿਤ ਲੈਫਟੀਨੈਂਟ ਗਵਰਨਰ ਵੱਲੋਂ ਮਾਰਸ਼ਲਾਂ ਦੀ ਨਿਯੁਕਤੀ ਦੀ ਪ੍ਰਵਾਨਗੀ ਇੱਕ ਸ਼ਲਾਘਾਯੋਗ ਕਦਮ ਹੈ, ਇਹ ਕਾਰਵਾਈ ਬਹੁਤ ਪਹਿਲਾਂ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਸਰਕਾਰ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੱਸ ਮਾਰਸ਼ਲਾਂ ਨੂੰ ਸਿਰਫ਼ ਚਾਰ ਮਹੀਨੇ ਪਹਿਲਾਂ ਹੀ ਬਹਾਲ ਕਰਨ ਦੀ ਇੱਛੁਕ ਹੈ ਕਿਉਂਕਿ ਵਿਧਾਨ ਸਭਾ ਚੋਣਾਂ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਆਰਜ਼ੀ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ, ਜਿਵੇਂ ਪਿਛਲੇ ਸਾਲ ਕੇਜਰੀਵਾਲ ਸਰਕਾਰ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਰਿਹਾਇਸ਼ ਅਤੇ ਦਿੱਲੀ ਸਕੱਤਰੇਤ ਦੇ ਬਾਹਰ ਬੱਸ ਮਾਰਸ਼ਲਾਂ ਦੇ ਲਗਾਤਾਰ ਧਰਨੇ ਅਤੇ ਸੰਘਰਸ਼ ਦੇ ਬਾਵਜੂਦ ਕੇਜਰੀਵਾਲ ਸਰਕਾਰ ਨੇ ਮਾਰਸ਼ਲਾਂ ਦੀ ਨਿਯੁਕਤੀ ਬਾਰੇ ਕੁਝ ਨਹੀਂ ਸੋਚਿਆ। ਹੁਣ ਜਦੋਂ ਹਵਾ ਪ੍ਰਦੂਸ਼ਣ ਵਧ ਗਿਆ ਤੇ ਸਿਹਤ ਲਈ ਗੰਭੀਰ ਖ਼ਤਰਾ ਬਣ ਗਿਆ ਹੈ ਤਾਂ ‘ਆਪ’ ਮਾਰਸ਼ਲਾਂ ਨੂੰ ਨੌਕਰੀਆਂ ਦੇਣ ਲਈ ਤਿਆਰ ਹੈ।