ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ’ਚ ਟਰੈਕਟਰ ਮਾਰਚ
ਜਸਬੀਰ ਸਿੰਘ ਚਾਨਾ
ਫਗਵਾੜਾ, 28 ਫਰਵਰੀ
ਜ਼ਿਲ੍ਹਾ ਕਪੂਰਥਲਾ ਕਾਂਗਰਸ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ’ਚ ਕਿਸਾਨਾਂ ਦੀਆਂ ਮੰਗਾਂ ਦੇ ਹੱਕ ’ਚ ਕੇਂਦਰ ਸਰਕਾਰ ਖਿਲਾਫ਼ ਦਾਣਾ ਮੰਡੀ ਤੋਂ ਟਰੈਕਟਰ ਮਾਰਚ ਕੱਢਿਆ ਗਿਆ ਜੋ ਹੁਸ਼ਿਆਰਪੁਰ ਰੋਡ, ਜੀਟੀ ਰੋਡ, ਬੰਗਾ ਰੋਡ, ਸੁਖਚੈਨ ਰੋਡ, ਖਲਵਾੜਾ ਰੋਡ ਤੋਂ ਲੰਘਦਾ ਹੋਇਆ ਮੰਡੀ ’ਚ ਪੁੱਜ ਕੇ ਸਮਾਪਤ ਹੋਇਆ।
ਸ੍ਰੀ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਨੂੰ ਰੋਲਣ ’ਤੇ ਤੁਲੀ ਹੋਈ ਹੈ ਤੇ ਕਈ ਦਿਨਾਂ ਤੋਂ ਸ਼ੰਭੂ ਬਾਰਡਰ ’ਤੇ ਧਰਨਾ ਦੇ ਰਹੇ ਹਨ ਤੇ ਕਿਸਾਨਾਂ ’ਤੇ ਤਸ਼ੱਦਦ ਕਰ ਕੇ ਮੰਗਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਡਟ ਕੇ ਹਮਾਇਤ ਕਰਦੀ ਹੈ ਤੇ ਕਰਦੀ ਰਹੇਗੀ।
ਜਲੰਧਰ (ਹਤਿੰਦਰ ਮਹਿਤਾ): ਕਾਂਗਰਸ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਟਰੈਕਟਰ ਰੈਲੀ ਕੱਢੀ ਗਈ। ਡਾ. ਦਾਹੀਆ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।
ਤਰਨ ਤਾਰਨ (ਗੁਰਬਖ਼ਸ਼ਪੁਰੀ): ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹੇ ਅੰਦਰ ਟਰੈਕਟਰ ਮਾਰਚ ਕੀਤੇ ਗਏ| ਇੱਕ ਟਰੈਕਟਰ ਮਾਰਚ ਦੀ ਅਗਵਾਈ ਪੀਪੀਸੀਸੀ ਮੈਂਬਰ ਮਨਿੰਦਰਪਾਲ ਸਿੰਘ ਪਲਾਸੌਰ ਨੇ ਕੀਤੀ| ਇਹ ਮਾਰਚ ਤਰਨ ਤਾਰਨ ਦੇ ਐਸਡੀਐਮ ਦੇ ਦਫ਼ਤਰ ਤੱਕ ਆਏ|
ਪਠਾਨਕੋਟ (ਐਨਪੀ ਧਵਨ): ਕਿਸਾਨਾਂ ਦੇ ਹੱਕ ਵਿੱਚ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਆਪਣੇ ਸਮਰਥਕਾਂ ਸਮੇਤ ਟਰੈਕਟਰ ਮਾਰਚ ਕੱਢਿਆ। ਇਹ ਮਾਰਚ ਬਣੀਲੋਧੀ ਅੱਡਾ ਸੁੰਦਰਚੱਕ ਤੋਂ ਸ਼ੁਰੂ ਹੋ ਕੇ ਅਲੱਗ-ਅਲੱਗ ਪਿੰਡਾਂ ਵਿੱਚੋਂ ਦੀ ਹੁੰਦੇ ਹੋਏ ਸਰਨਾ ਵਿੱਚ ਪੁੱਜ ਕੇ ਸਮਾਪਤ ਹੋਇਆ।
ਮਜੀਠਾ (ਰਾਜਨ ਮਾਨ): ਕਿਸਾਨਾਂ ਨਾਲ ਹਮਦਰਦੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਵੱਡੀ ਤਾਦਾਦ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਵਿਧਾਨ ਸਭਾ ਹਲਕਾ ਮਜੀਠਾ ਅਤੇ ਰਾਜਾਸਾਂਸੀ ਵਿੱਚ ਇਲਾਕੇ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤਾ ਗਿਆ।
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਕਾਂਗਰਸੀ ਵਰਕਰਾਂ ਵੱਲੋਂ ਇੱਥੇ ਕਿਸਾਨਾਂ ਦੀ ਹਮਾਇਤ ਵਿੱਚ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਟਰੈਕਟਰ ਮਾਰਚ ਕੀਤਾ ਗਿਆ। ਇਸ ਵਿੱਚ 200 ਤੋਂ ਵੱਧ ਕਿਸਾਨ ਟਰੈਕਟਰ ਲੈ ਕੇ ਪੁੱਜੇ।
ਪੱਟੀ (ਬੇਅੰਤ ਸਿੰਘ ਸੰਧੂ): ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪੱਟੀ ਅੰਦਰ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਟਰੈਕਟਰਾਂ ਨਾਲ ਪ੍ਰਦਰਸ਼ਨ ਕੀਤਾ ਗਿਆ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਹੁਸ਼ਿਆਰਪੁਰ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ਼ ਟਰੈਕਟਰ ਮਾਰਚ ਕੱਢਿਆ ਗਿਆ। ਟਰੈਕਟਰ ਮਾਰਚ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਰਾਜੇਸ਼ ਗੁਪਤਾ ਅਤੇ ਸ਼ਹਿਰੀ ਪ੍ਰਧਾਨ ਨਵਪ੍ਰੀਤ ਰੈਹਲ ਨੇ ਕੀਤੀ। ਇਹ ਮਾਰਚ ਬਜਵਾੜਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਰੋਸ਼ਨ ਗਰਾਊਂਡ ਵਿੱਚ ਜਾ ਕੇ ਸਮਾਪਤ ਹੋਇਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਜੁਗਲ ਕਿਸ਼ੋਰ, ਸ਼ਹਿਰੀ ਯੁਵਾ ਪ੍ਰਧਾਨ ਆਨੰਤ ਗਰਗ, ਜ਼ਿਲ੍ਹਾ ਪ੍ਰਧਾਨ ਰਵਿੰਦਰ ਆਦੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।