ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਅਦਾਲਤ ਦਾ ਰੁਖ਼ ਕਰੇਗੀ ਕਾਂਗਰਸ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਕਤੂਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਿਛਲੇ ਦਿਨੀਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਰੋਕਣ ਤੇ ਜਬਰੀ ਕਾਗਜ਼ ਰੱਦ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਕਾਂਗਰਸ ਨੇ ‘ਆਪ’ ’ਤੇ ਲੋਕਤੰਤਰੀ ਪ੍ਰਕਿਰਿਆ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰਨ ਦਾ ਦੋਸ਼ ਲਗਾਇਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਦੇ ਰਾਜ ਵਿੱਚ ਪੰਜਾਬ ਵਿੱਚ ਲੋਕਤੰਤਰ ਦਾ ਘਾਣ ਹੋ ਰਿਹਾ ਹੈ। ਕਾਂਗਰਸ ਪਾਰਟੀ ਪੰਚਾਇਤੀ ਚੋਣਾਂ ’ਚ ਨਾਮਜ਼ਦਗੀਆਂ ਦੌਰਾਨ ਹੋਈ ਹੇਰਾਫੇਰੀ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਏਗੀ।ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਨੇ ਆਪਣੇ ਉਮੀਦਵਾਰਾਂ ਨੂੰ ਜਬਰੀ ਜਿਤਾਉਣ ਲਈ ਪੰਚਾਇਤੀ ਚੋਣਾਂ ਦੇ ਅਮਲ ਵਿੱਚ ਹੇਰਾਫੇਰੀ ਕੀਤੀ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਪੰਚਾਇਤੀ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਂਦੀ ਹੈ ਤਾਂ ਸੂਬੇ ਦੇ ਪਿੰਡਾਂ ਵਿੱਚੋਂ ‘ਆਪ’ ਦਾ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਕੀਤੇ ਗਏ ਹਮਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੰਚਾਇਤੀ ਚੋਣਾਂ ਦੌਰਾਨ ਸਹੀ ਢੰਗ ਨਾਲ ਡਿਊਟੀ ਨਾ ਕਰਨ ਵਾਲੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਿਤ ਕਰਨੀ ਚਾਹੀਦੀ ਹੈ।
ਕਾਂਗਰਸ ਤੇ ਅਕਾਲੀ ਦਲ ਨੇ ਹਰ ਵੇਲੇ ਚੋਣਾਂ ’ਚ ਵਿਘਨ ਪਾਇਆ: ‘ਆਪ’
ਚੰਡੀਗੜ੍ਹ (ਟਨਸ): ‘ਆਪ’ ਨੇ ਪੱਟੀ ਹਲਕੇ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਿੱਚ ‘ਆਪ’ ਵਰਕਰ ਰਾਜਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਲਈ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰ ਦੇ ਕੇ ਗੈਂਗਸਟਰ ਬਣਾਇਆ ਹੈ। ਸ੍ਰੀ ਕੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਤੇ ਅਕਾਲੀ ਦਲ ਨੇ ਕਦੇ ਵੀ ਨਗਰ ਨਿਗਮ, ਕੌਂਸਲ ਅਤੇ ਸਰਪੰਚ ਦੀਆਂ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਨਹੀਂ ਹੋਣ ਦਿੱਤੀਆਂ। ਅੱਜ ‘ਆਪ’ ਸਰਕਾਰ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਲਈ ਯਤਨ ਕਰ ਰਹੀ ਹੈ ਤਾਂ ਇਹ ਦੋਵੇਂ ਪਾਰਟੀਆਂ ਦੇ ਆਗੂ ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਦੌਰਾਨ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਚੋਣਾਂ ਪਾਰਟੀ ਆਧਾਰ ’ਤੇ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ।