For the best experience, open
https://m.punjabitribuneonline.com
on your mobile browser.
Advertisement

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਕਾਂਗਰਸ: ਬਾਂਸਲ

07:51 AM Apr 12, 2024 IST
ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਕਾਂਗਰਸ  ਬਾਂਸਲ
ਚੰਡੀਗੜ੍ਹ ਕਾਂਗਰਸ ਦੇ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਪਰੈਲ
ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਗਤੀਵੀਧੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਚੰਡੀਗੜ੍ਹ ਦੇ ਸੈਕਟਰ-35 ਸਥਿਤ ਪਾਰਟੀ ਦਫ਼ਤਰ ਵਿੱਚ ਲੋਕ ਸਭਾ ਚੋਣਾਂ ਲਈ ਜਾਰੀ ਕੀਤੇ 25 ਗਾਰੰਟੀਆਂ ਦੇ ਪੱਤਰ ਬਾਰੇ ਚਾਨਣਾ ਪਾਇਆ ਗਿਆ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਪ੍ਰਚਾਰ ਇੰਚਾਰਜ ਵਰਿੰਦਰ ਵਸ਼ੀਸ਼ਟ ਅਤੇ ਚੰਡੀਗੜ੍ਹ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਤੇ ਗਰੀਬਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।
ਬਾਂਸਲ ਨੇ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਰਾਜ ਵਿੱਚ ਦੇਸ਼ ਦਾ ਵਿਨਾਸ਼ ਹੋਇਆ ਹੈ। ਦੇਸ਼ ਵਿੱਚ ਮਹਿੰਗਾਈ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਨਣ ’ਤੇ ਪਿਛਲੇ 10 ਸਾਲਾਂ ਵਿੱਚ ਦੇਸ਼ ਦੇ ਹੋਏ ਵਿਨਾਸ਼ ਨੂੰ ਸਵਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਰਾਹੀਂ ਦੇਸ਼ ਭਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੋਣ ਮਨੋਰੱਥ ਪੱਤਰ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੱਤਾ ਵਿੱਚ ਆਉਂਦਿਆਂ ਹੀ ਲੋਕਾਂ ਦੀਆਂ ਮੁੱਖ ਸਮੱਸਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਬਾਂਸਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਨਣ ’ਤੇ ਗਰੀਬ ਪਰਿਵਾਰਾਂ ਵਿੱਚ ਔਰਤਾਂ ਨੂੰ ਇਕ ਲੱਖ ਰੁਪਏ ਸਾਲਾਨਾ ਮਦਦ ਦਿੱਤੀ ਜਾਵੇਗੀ। ਸਰਕਾਰੀ ਮੁਲਾਜ਼ਮਾਂ ਨੂੰ ਬਰਾਬਰ ਕੰਮ ਤੇ ਬਰਾਬਰ ਤਨਖਾਹ ਦਿੱਤੀ ਜਾਵੇਗੀ। ਕਿਸਾਨਾਂ ਨੂੰ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। 30 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਦੇ ਹੀ ਦੇਸ਼ ਵਿੱਚੋਂ ਅਗਨੀਪਥ ਯੋਜਨਾ ਨੂੰ ਖਤਮ ਕੀਤਾ ਜਾਵੇਗਾ ਅਤੇ 12ਵੀਂ ਤੱਕ ਸਿੱਖਿਆ ਮੁਫ਼ਤ ਕੀਤੀ ਜਾਵੇਗੀ।
ਚੰਡੀਗੜ੍ਹ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਭਾਜਪਾ ਨੇ ਲੋਕ ਸਭਾ ਚੋਣਾਂ 2014 ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਰਕਾਰੀ ਤੰਤਰ ਨੂੰ ਖਤਮ ਕਰਕੇ ਨਿੱਜੀਕਰਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਲੋਕ ਭਾਜਪਾ ਦੇ ਅਸਲ ਚਿਹਰੇ ਨੂੰ ਪਛਾਣ ਚੁੱਕੇ ਹਨ, ਜੋ ਕਿ ਕਾਂਗਰਸ ਨੂੰ ਵੋਟ ਪਾ ਕੇ ਕਾਮਯਾਬ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਦੇਸ਼ ਦਾ ਤੇਜ਼ੀ ਨਾਲ ਵਿਕਾਸ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×