ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ, ਲੋਕ ਸਭਾ ਚੋਣਾਂ ’ਚ ਪਾਰਟੀ ਪ੍ਰਦਰਸ਼ਨ ’ਤੇ ਚਰਚਾ
ਨਵੀਂ ਦਿੱਲੀ, 8 ਜੂਨ
ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਅੱਜ ਇਥੇ ਜਾਰੀ ਹੈ, ਜਿਸ 'ਚ ਲੋਕ ਸਭਾ ਚੋਣਾਂ ਅਤੇ ਇਸ 'ਚ ਪਾਰਟੀ ਦੇ ਪ੍ਰਦਰਸ਼ਨ 'ਤੇ ਚਰਚਾ ਕੀਤੀ ਜਾ ਰਹੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋ ਰਹੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਰਟੀ ਪਾਰਲੀਮਾਨੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ, ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਵਰਕਿੰਗ ਕਮੇਟੀ ਦੇ ਸੀਨੀਅਰ ਆਗੂ ਹਾਜ਼ਰ ਹਨ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਚੰਗੀ ਕਾਰਗੁਜ਼ਾਰੀ ਲਈ ਪਾਰਟੀ ਲੀਡਰਸ਼ਿਪ ਦੀ ਸ਼ਲਾਘਾ ਕਰਦਿਆਂ ਮਤਾ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ। ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼ਾਮ 5.30 ਵਜੇ ਸੰਸਦੀ ਦਲ ਦੀ ਮੀਟਿੰਗ ਬੁਲਾਈ ਗਈ ਹੈ। ਲੋਕ ਸਭਾ ਦੇ ਨਵੇਂ ਚੁਣੇ ਮੈਂਬਰ ਅਤੇ ਰਾਜ ਸਭਾ ਦੇ ਮੈਂਬਰ ਪਾਰਲੀਮਾਨੀ ਪਾਰਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਬੈਠਕ 'ਚ ਕਾਂਗਰਸ ਸੰਸਦੀ ਦਲ ਦੇ ਨੇਤਾ ਦੀ ਚੋਣ 'ਤੇ ਵੀ ਵਿਚਾਰ ਹੋ ਸਕਦਾ ਹੈ। ਇਸ ਵਾਰ ਪਾਰਟੀ ਨੇ 99 ਸੀਟਾਂ ਜਿੱਤੀਆਂ ਹਨ, ਜਦ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ 52 ਸੀਟਾਂ ਜਿੱਤੀਆਂ ਸਨ।