For the best experience, open
https://m.punjabitribuneonline.com
on your mobile browser.
Advertisement

ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ

07:26 AM Apr 13, 2024 IST
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼  ਆਤਿਸ਼ੀ
Advertisement

* ਅਧਿਕਾਰੀ ਮੀਟਿੰਗਾਂ ’ਚ ਨਹੀਂ ਆਉਂਦੇ
* ਉਪ ਰਾਜਪਾਲ ਗ੍ਰਹਿ ਮੰਤਰਾਲੇ ਨੂੰ ਲਿਖ ਰਹੇ ਨੇ ਪੱਤਰ: ਮੰਤਰੀ

Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਅਪਰੈਲ
‘ਆਪ’ ਦੀ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵੱਲੋਂ ਕੌਮੀ ਰਾਜਧਾਨੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਭਾਜਪਾ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਗ਼ੈਰ-ਕਾਨੂੰਨੀ, ਅਸੰਵਿਧਾਨਕ ਅਤੇ ਦਿੱਲੀ ਦੇ ਲੋਕਾਂ ਦੇ ਫ਼ਤਵੇ ਖ਼ਿਲਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਰਾਸ਼ਟਰਪਤੀ ਰਾਜ ਲਾਇਆ ਗਿਆ ਤਾਂ ਲੋਕ ਇਸ ਦਾ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ,‘‘ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਂਦੇ ਦਿਨਾਂ ’ਚ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਜਾਵੇਗਾ।’’ ਉਨ੍ਹਾਂ ਦਾਅਵਾ ਕੀਤਾ ਕਿ ਹਾਲੀਆ ਸਮੇਂ ’ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਤੋਂ ਖ਼ਦਸ਼ਾ ਪ੍ਰਗਟ ਹੁੰਦਾ ਹੈ ਕਿ ਕੌਮੀ ਰਾਜਧਾਨੀ ’ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਪਿਛਲੇ ਕਈ ਮਹੀਨਿਆਂ ਤੋਂ ਕੋਈ ਵੀ ਸੀਨੀਅਰ ਆਈਏਐੱਸ ਅਧਿਕਾਰੀ ਤਾਇਨਾਤ ਨਹੀਂ ਹੋਇਆ ਹੈ।‌ ‘ਕਈ ਵਿਭਾਗਾਂ ’ਚ ਅਹੁਦੇ ਖਾਲੀ ਹਨ। ਮੰਤਰੀਆਂ ਵੱਲੋਂ ਸੱਦੀਆਂ ਜਾਂਦੀਆਂ ਮੀਟਿੰਗਾਂ ’ਚ ਅਧਿਕਾਰੀ ਚੋਣ ਜ਼ਾਬਤੇ ਦਾ ਹਵਾਲਾ ਦਿੰਦਿਆਂ ਹਾਜ਼ਰ ਨਹੀਂ ਹੁੰਦੇ ਹਨ। ਪਿਛਲੇ ਇੱਕ ਹਫ਼ਤੇ ਤੋਂ ਉਪ ਰਾਜਪਾਲ ਦਿੱਲੀ ਸਰਕਾਰ ਦੇ ਕੰਮਕਾਰ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੂੰ ਵਾਰ-ਵਾਰ ਪੱਤਰ ਲਿਖ ਰਹੇ ਹਨ। ਆਪਣੇ ਪੱਤਰਾਂ ਵਿੱਚ ਉਹ ਕਹਿ ਰਹੇ ਹਨ ਕਿ ਮੰਤਰੀ ਮੀਟਿੰਗਾਂ ਵਿੱਚ ਨਹੀਂ ਆਉਂਦੇ ਹਨ।’ ਉਨ੍ਹਾਂ ਕਿਹਾ ਕਿ ਭਾਜਪਾ ਵੀ ਜਾਣਦੀ ਹੈ ਕਿ ਉਹ ਦਿੱਲੀ ਦੀ ਸੱਤਾ ’ਚ ਨਹੀਂ ਆ ਸਕਦੀ ਹੈ। ਇਸੇ ਕਰਕੇ ਕੇਜਰੀਵਾਲ ਦੀ ਸਰਕਾਰ ਨੂੰ ਡੇਗਣ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ।

ਭਾਜਪਾ ਨੇ ਕੇਜਰੀਵਾਲ ਦਾ ਅਸਤੀਫ਼ਾ ਮੰਗਿਆ

ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ‘ਆਪ’ ’ਤੇ ਵਰ੍ਹਦਿਆਂ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ’ਚ ਬਹੁਮਤ ਹਾਸਲ ਹੋਣ ਦੇ ਬਾਵਜੂਦ ਰਾਸ਼ਟਰਪਤੀ ਰਾਜ ਦਾ ਖ਼ਤਰਾ ਜਤਾ ਰਿਹਾ ਹੈ। ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਮੰਗਦਿਆਂ ਉਨ੍ਹਾਂ ਕਿਹਾ,‘‘ਆਤਿਸ਼ੀ ਦੇ ਝੂਠੇ ਬਿਰਤਾਂਤ ਨੇ ਹੁਣ ਨਵਾਂ ਰੂਪ ਲੈ ਲਿਆ ਹੈ। ਅਪਰੇਸ਼ਨ ਲੋਟਸ ਤੋਂ ਬਾਅਦ ਅੱਜ ਸਵੇਰੇ ਨਵੀਂ ਕਹਾਣੀ ਗੜ੍ਹ ਲਈ ਗਈ ਹੈ। ਅੱਜ ਉਹ ਆਖ ਰਹੀ ਹੈ ਕਿ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕਦਾ ਹੈ।’’ ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਅਸਤੀਫ਼ਾ ਦਿੰਦੇ ਹਨ ਅਤੇ ਨਵਾਂ ਮੁੱਖ ਮੰਤਰੀ ਸਰਕਾਰ ਚਲਾਏਗਾ ਤਾਂ ਦਿੱਲੀ ਦਾ ਕੰਮਕਾਰ ਢੁੱਕਵੇਂ ਢੰਗ ਨਾਲ ਚੱਲੇਗਾ।

ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਈਡੀ ਅਤੇ ਸੀਬੀਆਈ ਨੂੰ ਨੋਟਿਸ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਆਮ ਚੋਣਾਂ ਲਈ ਪ੍ਰਚਾਰ ਕਰਨ ਵਾਸਤੇ ਆਬਕਾਰੀ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਅੱਜ ਈਡੀ ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ 20 ਅਪਰੈਲ ਤੱਕ ਆਪਣਾ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਉਸੇ ਦਿਨ ਮਾਮਲੇ ’ਤੇ ਸੁਣਵਾਈ ਕਰ ਸਕਦੀ ਹੈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×