ਮੈਡੀਕਲ ਕਾਲਜਾਂ ਦੀ ਉਸਾਰੀ ਸਮੇਂ ਸਿਰ ਮੁਕੰਮਲ ਕੀਤੀ ਜਾਵੇ: ਮਾਨ
ਆਤਿਸ਼ ਗੁਪਤਾ
ਚੰਡੀਗੜ੍ਹ, 15 ਅਕਤੂਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਹਾਲੀ, ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਹ ਆਦੇਸ਼ ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਵਿੱਚ ਦਿੱਤੇ। ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਵਧੀਆ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸੂਬੇ ਕੋਲ ਵਿਸ਼ਵ ਪੱਧਰੀ ਡਾਕਟਰ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ। ਅੱਜ ਵੀ ਵੱਡੀ ਗਿਣਤੀ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਦੀ ਨੁਹਾਰ ਬਦਲਣ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਤੋਂ ਲੋਕਾਂ ਨੂੰ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਵੱਲੋਂ 13,400 ਕਿੱਲੋਮੀਟਰ ਲਿੰਕ ਸੜਕਾਂ ਬਣਾਉਣ ਦੀ ਮਨਜ਼ੂਰੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 2436.49 ਕਰੋੜ ਰੁਪਏ ਦੀ ਲਾਗਤ ਨਾਲ 13,400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਮੁੱਖ ਮੰਤਰੀ ਨੇ ਇੱਥੇ ਅਧਿਕਾਰੀਆਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅੱਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਇਸ ਕਾਰਜ ਨੂੰ ਅਲਾਟ ਕਰਨ ਸਮੇਂ ਇਸ ਪ੍ਰਾਜੈਕਟ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੇਂਡੂ ਸੜਕਾਂ ਦੀ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ।