ਨੌਜਵਾਨ ਦੇਸ਼ ਤੇ ਸੂਬੇ ਦੀ ਤਰੱਕੀ ’ਚ ਯੋਗਦਾਨ ਪਾਉਣ: ਕਟਾਰੀਆ
ਪਾਲ ਸਿੰਘ ਨੌਲੀ
ਜਲੰਧਰ, 16 ਨਵੰਬਰ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਡਾ. ਬੀਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਵਿੱਚ 20ਵੇਂ ਸਾਲਾਨਾ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ ਹਾਸਲ ਕਰਨ ਦੇ ਨਾਲ-ਨਾਲ ਸੂਬੇ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਵਿੱਚ ਸਾਰਥਕ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਟਾਰੀਆ ਨੇ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀ ਜੀਵਨ ਵਿੱਚ ਬੜੀ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਇਕ ਪੜਾਅ ਤੋਂ ਦੂਜੇ ਪੜਾਅ ਵਿੱਚ ਤਬਦੀਲੀ ਦਾ ਦਿਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੌਕੇ ਸਾਰੀ ਉਮਰ ਸਿੱਖਦੇ ਰਹਿਣ ਦਾ ਮਸ਼ਵਰਾ ਦਿੰਦਿਆਂ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ। ਵਿਦਿਆਰਥੀ ਜੀਵਨ ਵਿੱਚ ‘ਗੁਰੂ’ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਰਾਜਪਾਲ ਨੇ ਕਿਹਾ ਕਿ ਵਿਦਿਆਰਥੀ ਦੀ ਪ੍ਰਤਿਭਾ ਨੂੰ ਨਿਖਾਰਣ ਵਾਲਾ ਅਧਿਆਪਕ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਇਆ।
ਰਾਜਪਾਲ ਨੇ ਤਕਨੀਕੀ ਸਿੱਖਿਆ ਦੇ ਨਾਲ-ਨਾਲ ਕਦਰਾਂ-ਕੀਮਤਾਂ ਦੇ ਗਿਆਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਵੀਂ ਤਕਨੀਕ ਵਿਕਸਿਤ ਕਰਦੇ ਸਮੇਂ ਸਿੱਖਿਆ ਦੀ ਮੂਲ ਭਾਵਨਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ਼ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਬਣਾਉਂਦੀਆਂ ਸਗੋਂ ਸਮਾਜ ਅਤੇ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਮਾਜ ਦੇ ਚਰਿੱਤਰ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਡਿਗਰੀ ਵੰਡ ਸਮਾਰੋਹ ਲਈ ਸੰਸਥਾ ਨੂੰ ਮੁਬਾਰਕਬਾਦ ਦਿੰਦਿਆਂ ਕਟਾਰੀਆ ਨੇ ਕਿਹਾ ਕਿ ਕਾਨਵੋਕੇਸ਼ਨ ਮੌਕੇ ਮੁੱਖ ਮਹਿਮਾਨ ਬਣਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਸਮਾਰੋਹ ਦੌਰਾਨ 1293 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਤੋਂ ਪਹਿਲਾਂ ਸ਼੍ਰੀ ਕਟਾਰੀਆ ਵੱਲੋਂ ਸੰਸਥਾ ਦੇ ਇਲੈਕਟ੍ਰੀਕਲ ਇੰਜਨੀਅਰਿੰਗ ਬਲਾਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਚੇਅਰਮੈਨ ਬੋਰਡ ਆਫ ਗਵਰਨਸ ਅਤੇ ਡਾਇਰੈਕਟਰ ਪ੍ਰੋਫੈਸਰ ਬਿਨੋਦ ਕੁਮਾਰ ਕਨੌਜੀਆ ਨੇ ਸੰਸਥਾ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ।