ਪੰਥਕ ਅਕਾਲੀ ਲਹਿਰ ਵੱਲੋਂ ਅੰਮ੍ਰਿਤਸਰ ਵਿੱਚ ਕਨਵੈਨਸ਼ਨ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਕਤੂਬਰ
ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਅਤੇ ਬਾਦਲ ਦਲ ਦੋਵੇਂ ਮਿਲ ਕੇ ਖੇਡ ਰਹੇ ਹਨ। ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਉਧਾਰੇ ਉਮੀਦਵਾਰ ਲਾਏ ਹਨ ਅਤੇ ਮੈਦਾਨ ਵਿੱਚ ਖੜ੍ਹੇ ਕੀਤੇ ਹਨ। ਇਸੇ ਕਾਰਨ ਸ਼੍ਰੋਮਣੀ ਅਕਾਲੀ ਦਲ ਮੈਦਾਨ ਛੱਡ ਗਿਆ ਹੈ। ਉਹ ਅੱਜ ਇੱਥੇ ਪੰਥਕ ਅਕਾਲੀ ਲਹਿਰ ਦੀ ਅੰਮ੍ਰਿਤਸਰ ਵਿੱਚ ਹੋਈ ਇੱਕ ਕਨਵੈਨਸ਼ਨ ਨੂੰ ਸੰਬੋਧਨ ਕਰ ਰਹੇ ਸਨ। ਤਿੰਨ ਜ਼ਿਲ੍ਹਿਆਂ ਦੀ ਇਸ ਕਨਵੈਨਸ਼ਨ ਵਿੱਚ ਆਪਣੇ ਸੰਬੋਧਨ ਦੌਰਾਨ ਸਾਬਕਾ ਜਥੇਦਾਰ ਨੇ ਸ਼੍ਰੋੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਨੇ ਤਖਤਾਂ ਦੇ ਜਥੇਦਾਰਾਂ ਨੂੰ ਸੁਝਾਅ ਦਿੱਤਾ ਕਿ ਉਹ ਪੰਥ ਅਤੇ ਗ੍ਰੰਥ ਦੇ ਦੋਸ਼ੀਆਂ ਨੂੰ ਵਧੇਰੇ ਸਮਾਂ ਦੇ ਕੇ ਪੰਥਕ ਗੁੱਸੇ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ’ਤੇ ਤਿੱਖੇ ਨਿਸ਼ਾਨੇ ਸੇਧੇ। ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਨੇ ਦੋਸ਼ ਲਾਇਆ ਕਿ ਅੱਜ ਦੇ ਪੰਥਕ ਲੀਡਰ ਸਿੱਖੀ ਨੂੰ ਕਮਜ਼ੋਰ ਕਰ ਰਹੇ ਹਨ। ਉਨ੍ਹਾਂ ਨੇ ਸਿੱਖ ਕੌਮ ਨੂੰ ਭਾਈ ਰਣਜੀਤ ਸਿੰਘ ਅਤੇ ਉਹਨਾਂ ਦੀ ਟੀਮ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਜਥੇਬੰਦੀ ਦੇ ਬੁਲਾਰੇ ਅਤੇ ਸ਼੍ਰੋੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਅਜੋਕੀ ਪੰਥਕ ਸਥਿਤੀ ਵਿੱਚ ਬਜ਼ੁਰਗਾਂ ਦੀਆਂ ਕੁਰਬਾਨੀਆਂ ਨੂੰ ਰੋਲਿਆ ਜਾ ਰਿਹਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਜਲਦੀ ਕਰਵਾਈਆਂ ਜਾਣ।