ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਲੰਧਰ ਸਰਕਲ ਵੱਲੋਂ ਕਨਵੈਨਸ਼ਨ
ਪੱਤਰ ਪ੍ਰੇਰਕ
ਜਲੰਧਰ, 8 ਜਨਵਰੀ
ਪੰਜਾਬ ਰਾਜ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਲੰਧਰ ਸਰਕਲ ਦੀ ਕਨਵੈਨਸ਼ਨ ਸਰਕਲ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਸ਼ਿਰੀ ਰਾਮ ਜੱਗੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕੀਤੀ ਗਈ। ਇਸ ਮੌਕੇ ਸੂਬਾ ਕਮੇਟੀ ਦੇ ਉਪ ਜਨਰਲ ਸਕੱਤਰ ਸ਼ਿਵ ਕੁਮਾਰ ਤਿਵਾੜੀ ਉਚੇਚੇ ਤੌਰ ’ਤੇ ਪਹੁੰਚੇ। ਕਨਵੈਨਸ਼ਨ ਵਿੱਚ ਜਲੰਧਰ ਦੀਆਂ ਡਿਵੀਜ਼ਨਾਂ ਮਾਡਲ ਟਾਊਨ, ਪੂਰਬ ਮੰਡਲ, ਪੱਛਮ ਮੰਡਲ, ਕੈਂਟ ਮੰਡਲ ਅਤੇ ਫਗਵਾੜਾ ਮੰਡਲ ਦੇ ਸੈਂਕੜੇ ਪੈਨਸ਼ਨਰ ਸ਼ਾਮਲ ਹੋਏ। ਸਭ ਤੋਂ ਪਹਿਲਾਂ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਬੁਲਾਰਿਆਂ ਨੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ-ਮਸਲਿਆਂ ਬਾਰੇ ਚਰਚਾ ਕੀਤੀ। ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਜਲਦੀ ਹੀ ਮੀਟਿੰਗ ਕਰ ਕੇ ਅਗਲੇ ਸੰਘਰਸ਼ ਦਾ ਐਲਾਨ ਕਰੇਗੀ। ਆਗੂਆਂ ਨੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰਾਂ ਅਤੇ ਹੋਰ ਆਗੂਆਂ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਧਰਨਾ ਦੇਣ ਸਮੇਂ ਦਰਜ ਕੀਤੇ ਗਏ ਕੇਸ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਗੌਰ ਨਹੀਂ ਕਰਦੀ ਤਾਂ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 18 ਜਨਵਰੀ ਨੂੰ ਮੀਟਿੰਗ ਕਰ ਕੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।