ਕੋਆਰਡੀਨੇਸ਼ਨ ਕਮੇਟੀ ਵੱਲੋਂ ਸੀਵਰੇਜ ਕਾਮਿਆਂ ਦੀ ਭੁੱਖ ਹੜਤਾਲ ਦਾ ਸਮਰਥਨ
ਚੰਡੀਗੜ੍ਹ, 5 ਜੂਨ
ਸੀਵਰੇਜ ਦੇ ਆਊਟਸੋਰਸ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ ਵਿੱਚ ਵਾਟਰ ਵਰਕਸ ਸੈਕਟਰ-32 ਵਿੱਚ ਸੀਵਰੇਜ ਕਰਮਚਾਰੀ ਯੂਨੀਅਨ ਵੱਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵੀਰਵਾਰ ਨੂੰ 101ਵੇਂ ਦਿਨ ਵਿੱਚ ਦਾਖਲ ਹੋ ਗਈ। ਇਸ ਦੇ ਸਮਰਥਨ ਵਿੱਚ ਅੱਜ ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਦੀਆਂ ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਨੇ ਹਿੱਸਾ ਲਿਆ। ਮੁੱਖ ਤੌਰ ’ਤੇ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਰਾਜੇਂਦਰ ਕੁਮਾਰ, ਸੁਖਬੀਰ ਸਿੰਘ, ਕੈਸ਼ੀਅਰ ਕਿਸ਼ੋਰੀ ਲਾਲ, ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਨਿਰਮਲ ਸਿੰਘ, ਰਾਮਵੀਰ, ਸੁਰਿੰਦਰ ਸ਼ਰਮਾ, ਅਸ਼ੋਕ ਬੇਨੀਵਾਲ, ਨਰੇਸ਼ ਕੁਮਾਰ, ਵੀਰ ਸਿੰਘ, ਰਾਜੂ, ਰੋਹਿਤ ਅਤੇ ਸ਼ੰਕਰ ਠਾਕੁਰ ਵੀ ਭੁੱਖ ਹੜਤਾਲ ’ਤੇ ਬੈਠੇ।
ਸੀਵਰੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ ਅਤੇ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ ਅਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਸੀਵਰੇਜ ਵਿਭਾਗ ਵਿੱਚ ਕੰਮ ਕਰਦੇ ਆਊਟਸੋਰਸ ਸੀਵਰ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਬੰਧਿਤ ਵਿਭਾਗ ਅਤੇ ਚੰਡੀਗੜ੍ਹ ਨਗਰ ਨਿਗਮ ਨੂੰ ਵਾਰ-ਵਾਰ ਲਿਖਤੀ ਮੰਗ ਪੱਤਰ ਦਿੱਤੇ ਗਏ ਹਨ ਤੇ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਾਮਿਆਂ ਦੀਆਂ ਮੰਗਾਂ ਪ੍ਰਤੀ ਇਸ ਬੇਰੁਖੀ ਬਾਰੇ ਉਨ੍ਹਾਂ ’ਚ ਭਾਰੀ ਰੋਸ ਹੈ।
ਆਗੂਆਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਮਜ਼ਦੂਰਾਂ ਨੂੰ ਤੇਲ, ਸਾਬਣ ਅਤੇ ਬਰਸਾਤੀ ਨਹੀਂ ਦਿੱਤੇ ਜਾ ਰਹੇ, ਤਿੰਨ ਮਹੀਨਿਆਂ ਦੀ ਤਨਖਾਹ ਬਕਾਇਆ ਹੈ, ਵਰਦੀਆਂ ਨਹੀਂ ਦਿੱਤੀਆਂ ਜਾ ਰਹੀਆਂ, ਟੈਂਡਰ ਸਮੇਂ ਸਿਰ ਨਹੀਂ ਕੀਤੇ ਜਾ ਰਹੇ, ਸਬੰਧਿਤ ਵਿਭਾਗ ਅਤੇ ਚੰਡੀਗੜ੍ਹ ਨਗਰ ਨਿਗਮ ਮਜ਼ਦੂਰਾਂ ਦੀਆਂ ਮੰਗਾਂ ’ਤੇ ਚਰਚਾ ਕਰਨ ਲਈ ਯੂਨੀਅਨ ਨੂੰ ਮੀਟਿੰਗ ਲਈ ਸਮਾਂ ਨਹੀਂ ਦੇ ਰਹੇ। ਇਸ ਤੋਂ ਇਲਾਵਾ ਅਜਿਹੀਆਂ ਹੋਰ ਵੀ ਕਈ ਮੰਗਾਂ ਹਨ ਜੋ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਕਾਮਿਆਂ ਦੀ ਚੱਲ ਰਹੀ ਲਗਾਤਾਰ ਭੁੱਖ ਹੜਤਾਲ ਅੱਜ 101ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ ਪਰ ਸਬੰਧਿਤ ਵਿਭਾਗ ਅਤੇ ਨਗਰ ਨਿਗਮ ਅਜੇ ਵੀ ਵਰਕਰਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੇ ਹਨ। ਯੂਨੀਅਨ ਅਤੇ ਕੋਆਰਡੀਨੇਸ਼ਨ ਕਮੇਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤੇਜ਼ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।