ਕੋਆਰਡੀਨੇਟਰ ਢਿੱਲੋਂ ਨੇ ਵਾਲੰਟੀਅਰਾਂ ਦੀਆਂ ਸਮੱਸਿਆਵਾਂ ਸੁਣੀਆਂ
ਮੁਕੰਦ ਸਿੰਘ ਚੀਮਾ
ਸੰਦੌੜ, 10 ਸਤੰਬਰ
ਆਮ ਆਦਮੀ ਪਾਰਟੀ ਵੱਲੋਂ ਹੇਠਲੇ ਪੱਧਰ ਤੱਕ ਵਰਕਰਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਪਾਰਟੀ ਦੀਆਂ ਸਰਗਰਮੀਆਂ ਵਧਾਉਣ ਲਈ ਹਲਕਾ ਮਾਲੇਰਕੋਟਲਾ ਲਈ ਲਗਾਏ ਗਏ ਕੋਆਰਡੀਨੇਟਰ ਦਲਵੀਰ ਸਿੰਘ ਢਿੱਲੋਂ ਚੇਅਰਮੈਨ ਲਘੂ ਉਦਯੋਗ ਪੰਜਾਬ ਨੇ ਅੱਜ ਪਿੰਡ ਸ਼ੇਰਗੜ੍ਹ ਚੀਮਾ ਅਤੇ ਸੰਦੌੜ ਵਿਖੇ ਪਿੰਡਾਂ ਨਾਲ ਸਬੰਧਿਤ ਵਰਕਰਾਂ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਦੇ ਚੇਅਰਮੈਨ ਸਾਕਬਿ ਅਲੀ ਰਾਜਾ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਰਕਰਾਂ ਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਪਿੰਡਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਵਰਕਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਵਰਕਰ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਸਾਡਾ ਫਰਜ਼ ਹੈ। ਵਿਧਾਇਕ ਡਾ. ਜ਼ਮੀਲ ਉਰ ਰਹਿਮਾਨ ਅਤੇ ਚੇਅਰਮੈਨ ਸਾਕਬਿ ਅਲੀ ਰਾਜਾ ਨੇ ਵੀ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।