ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਨਵੰਬਰ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਅਧਿਆਪਕਾਂ/ਮੁਲਾਜਮਾਂ ਵਲੋਂ ਜਿਲ੍ਹੇ ’ਚ ਵੱਖ-ਵੱਖ ਸਕੂਲਾਂ ਵਿਚ ਕਾਲੇ ਬਿਲੇ ਲਗਾ ਕੇ ਪੰਜਾਬ ਸਰਕਾਰ ਦੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ ਅਤੇ ਪੰਜਾਬ ਸਰਕਾਰ ਦੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨੋਟੀਫਿਕੇਸ਼ਨ ਨੂੰ ਜੁਮਲਾ ਕਰਾਰ ਦਿੰਦਿਆਂ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਜੱਸਾ ਪਿਸ਼ੌਰੀਆਂ, ਸਤਵੰਤ ਸਿੰਘ ਆਲਮਪੁਰ, ਗੁਰਮੇਲ ਸਿੰਘ, ਹੁਸ਼ਿਆਰ ਸਿੰਘ, ਸੁਰੇਸ਼ ਬਾਂਸਲ ਅਤੇ ਪ੍ਰਿੰਸ ਸਿੰਗਲਾ ਵੱਲੋਂ ਜ਼ਿਲ੍ਹਾ ਕਨਵੀਨਰ ਸਰਬਜੀਤ ਪੁੰਨਾਂਵਾਲ ਰਾਹੀਂ ਜਾਰੀ ਬਿਆਨ ਵਿਚ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਸਾਲ 2022 ਵਿੱਚ ਅੱਜ ਦੇ ਦਿਨ 18 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਕਿ ਬਾਕੀ ਐਲਾਨਾਂ ਵਾਂਗ ਜੁਮਲਾ ਹੀ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਨੋਟੀਫਿਕੇਸ਼ਨ ਦੀ ਦੂਜੇ ਵਰ੍ਹੇਗੰਢ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੂਰੇ ਪੰਜਾਬ ਵਿੱਚ ਹਜ਼ਾਰਾਂ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਕਾਲਾ ਦਿਵਸ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਪਣਾ ਹਰਾ ਪੈੱਨ ਆਮ ਪੰਜਾਬੀਆਂ ਦੇ ਹੱਕ ਵਿੱਚ ਚਲਾਉਣ ਦਾ ਵਾਅਦਾ ਕੀਤਾ ਸੀ ਪਰੰਤੂ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਹ ਹਰਾ ਪੈੱਨ ਪੁਰਾਣੀ ਪੈਨਸ਼ਨ ਦਾ ਐੱਸਓਪੀ ਜਾਰੀ ਕਰਨ ਲਈ ਕਿਉਂ ਨਹੀਂ ਚੱਲ ਰਿਹਾ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਕਰਮਚਾਰੀਆਂ ਵਿੱਚ ਰੋਸ ਅਤੇ ਬੇਚੈਨੀ ਲਗਾਤਾਰ ਵੱਧ ਰਹੀ ਹੈ ਜੋ ਆਉਣ ਵਾਲੇ ਸਮੇਂ ਵਿੱਚ ਵੱਡੇ ਅੰਦੋਲਨ ਦਾ ਰੂਪ ਧਾਰਨ ਕਰੇਗੀ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਅੱਜ ਨੇੜਲੇ ਪਿੰਡ ਬਖੋਰਾ ਕਲਾ ਦੇ ਸਰਕਾਰੀ ਹਸਪਤਾਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਨੋਟੀਫਿਕੇਸ਼ਨ ਦੀ ਦੂਜੇ ਵਰ੍ਹੇਗੰਢ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੂਰੇ ਪੰਜਾਬ ਵਿੱਚ ਕਾਲੇ ਬਿੱਲੇ ਲਗਾ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਕਾਲਾ ਦਿਵਸ ਮਨਾਇਆ ਗਿਆ।
ਪਟਿਆਲਾ ਦੀ ਉਦਯੋਗਿਕ ਸਿਖਲਾਈ ਸੰਸਥਾ ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਪਟਿਆਲਾ(ਗੁਰਨਾਮ ਸਿੰਘ ਅਕੀਦਾ): ਅੱਜ ਇੱਥੇ ਨਾਭਾ ਰੋਡ ਤੇ ਸਥਿਤ ਪਟਿਆਲਾ ਦੀ ਉਦਯੋਗਿਕ ਸਿਖਲਾਈ ਸੰਸਥਾ (ਆਈਟੀਆਈ)ਦੇ ਮੁਲਾਜ਼ਮਾਂ ਨੇ ਗੇਟ ’ਤੇ ਰੋਸ ਧਰਨਾ ਦਿੱਤੇ ਤੇ ਪ੍ਰਦਰਸ਼ਨ ਕਰਨ ਤੋਂ ਬਾਅਦ ਇੱਥੇ ਜਾਰੀ ਕੀਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਹ ਰੋਸ ਧਰਨਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵਿਰੁੱਧ ਵਿਆਪਕ ਰੋਸ ਦਾ ਮੁਜ਼ਾਹਰਾ ਕੀਤਾ ਗਿਆ। ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਆਈਟੀਆਈ ਮਾਡਲ ਟਾਊਨ ਪਟਿਆਲਾ ਦੇ 2004 ਤੋਂ ਬਾਅਦ ਭਰਤੀ, ਐੱਨਪੀਐੱਸ ਸਕੀਮ ਨਾਲ ਪੀੜਤ ਸਾਰੇ ਮੁਲਾਜ਼ਮਾਂ ਨੇ ਲੰਚ ਟਾਈਮ ਦੇ ਸਮੇਂ ਦੌਰਾਨ ਸੰਸਥਾ ਦੇ ਮੁੱਖ ਗੇਟ ਅੱਗੇ ਕਾਲੇ ਬਿੱਲੇ ਲਗਾ ਕੇ ਅਤੇ ਅਧੂਰੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਇਹ ਝੂਠਾ ਨੋਟੀਫ਼ਿਕੇਸ਼ਨ ਸਾਨੂੰ ਮਨਜ਼ੂਰ ਨਹੀਂ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ ਇਸੇ ਕਰਕੇ ਅੱਜ ਨਾਅਰੇਬਾਜ਼ੀ ਕੀਤੀ ਅਤੇ ਰੋਸ ਦਿਵਸ ਵਜੋਂ ਮਨਾਇਆ। ਸੂਬਾ ਜਨਰਲ ਸਕੱਤਰ ਗੁਰਮੁਖ ਸਿੰਘ, ਸੂਬਾ ਪ੍ਰੈੱਸ ਸਕੱਤਰ ਬਲਜੀਤ ਸਿੰਘ ਵਿਰਦੀ, ਕਮੇਟੀ ਮੈਂਬਰਜ਼ ਹਰਪਾਲ ਸਿੰਘ, ਨਿਰਮਲ ਸਿੰਘ ਭੰਗੂ, ਆਦਿ ਨੇ ‘ਆਪ’ ਸਰਕਾਰ ’ਤੇ ਨਿਸ਼ਾਨੇ ਸੇਧੇ।