ਸਿਹਤ ਮੰਤਰੀ ਦੇ ਦਫ਼ਤਰ ਬਾਹਰ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ
ਪੱਤਰ ਪ੍ਰੇਰਕ
ਪਟਿਆਲਾ, 24 ਜੂਨ
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨ ਸਾਂਝੇ ਫ਼ਰੰਟ ਅਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ ‘ਤੇ ਅੱਜ ਪਟਿਆਲਾ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਫ਼ਤਰ ਬਾਹਰ ਰੋਸ ਰੈਲੀ ਕਰ ਕੇ ਪੈਨਸ਼ਨ ‘ਚੋਂ ਵਿਕਾਸ ਟੈਕਸ ਕੱਟਣ ਸਬੰਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ। ਆਗੂ ਧਨਵੰਤ ਸਿੰਘ ਭੱਠਲ, ਦਰਸ਼ਨ ਸਿੰਘ ਬੇਲੂਮਾਜਰਾ, ਗੁਰਜੀਤ ਘੱਗਾ ਅਤੇ ਜਸਬੀਰ ਸਿੰਘ ਖੋਖਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਲੋਂ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਸਬੰਧੀ ਅਤੇ ਬਾਕੀ ਮੰਗਾਂ ਸਬੰਧੀ ਸੰਘਰਸ਼ ਪ੍ਰੋਗਰਾਮ ਉਲੀਕਣ ਲਈ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੀ ਮੀਟਿੰਗ 2 ਜੁਲਾਈ ਨੂੰ ਬੁਲਾ ਲਈ ਗਈ ਹੈ। ਪਟਿਆਲਾ ਜ਼ਿਲ੍ਹੇ ਦੇ ਬਾਕੀ ਐੱਮਐੱਲਏਜ਼ ਦੇ ਨਿਵਾਸ ਸਥਾਨਾਂ ‘ਤੇ ਪ੍ਰਦਰਸ਼ਨ ਕਰ ਕੇ ਵਿਵਾਦਤ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ।
ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਧੂਰੀ (ਨਿੱਜੀ ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਮਾਨ ਦੇ ਸਥਾਨਕ ਦਫ਼ਤਰ ਅੱਗੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਸੁਖਦੇਵ ਸ਼ਰਮਾ, ਵਿੱਤ ਸਕੱਤਰ ਰਤਨ ਸਿੰਘ ਭੰਡਾਰੀ, ਜ਼ਿਲ੍ਹਾ ਸਰਪ੍ਰਸਤ ਕੁਲਵੰਤ ਸਿੰਘ ਧੂਰੀ ਆਦਿ ਦੀ ਅਗਵਾਈ ਵਿੱਚ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਆਪਣੀ ਜ਼ੋਰਦਾਰ ਤਕਰੀਰ ਵਿੱਚ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਵਾਅਦਾਖਿਲਾਫੀ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਪੈਨਸ਼ਨਰ ਮਾਰੂ ਪੱਤਰ ਵਾਪਸ ਨਾ ਲਿਆ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਬਜ਼ੁਰਗ ਪੈਨਸ਼ਨਰਾਂ ਵੱਲੋਂ ਸੜਕਾਂ ‘ਤੇ ਉੱਤਰ ਕੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ।