ਕਰੋਨਾ: ਯੂਟੀ ਪ੍ਰਸ਼ਾਸਨ ਸਖ਼ਤੀ ਦੇ ਰੌਂਅ ਵਿੱਚ
ਆਤਿਸ਼ ਗੁਪਤਾ
ਚੰਡੀਗੜ੍ਹ, 27 ਜੁਲਾਈ
ਸਿਟੀ ਬਿਊਟੀਫੁਲ ਵਿੱਚ ਹਫ਼ਤੇ ਦੇ ਆਖਰੀ ਦਨਿ ਕਰਫਿਊ ਲਗਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਵੱਲੋਂ ਇਨਕਾਰ ਕਰਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਸ਼ਹਿਰ ਵਿਚਲੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਹਫ਼ਤੇ ਦੇ ਆਖਰੀ ਦਨਿ ਕਰਫਿਊ ਜਾਂ ਮੁੜ ਔਡ/ਈਵਨ ਫਾਰਮੂਲਾ ਲਾਗੂ ਕਰਨ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਯੂਟੇ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਕੋਵਿਡ-19 ਦੇ ਪ੍ਰਬੰਧਾਂ ਦੀ ਸਮੀਖਿਆ ਬੈਠਕ ਦੌਰਾਨ ਸ਼ਹਿਰ ਵਿਚਲੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਸ਼ਾਸਕ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਜਿਹੜੇ ਬਾਜ਼ਾਰਾਂ ਸੰਘਣੇ ਹਨ ਤੇ ਜਿੱਥੇ ਸਮਾਜਿਕ ਦੁਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਲਾਕਿਆਂ ਵਿੱਚ ਯੂਟੀ ਪ੍ਰਸ਼ਾਸਨ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ।
ਯੂਟੀ ਦੇ ਪ੍ਰਸ਼ਾਸਕ ਨੇ ਨਗਰ ਨਿਗਮ ਕਮਿਸ਼ਨਰ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਵਿੱਚ ਸੈਨੀਟਾਈਜ਼ੇਸ਼ਨ ਲਈ ਟੀਮਾਂ ਵਧਾਈਆਂ ਜਾਣ ਤਾਂ ਜੋ ਸੈਨੀਟਾਈਜੇਸ਼ਨ ਰਾਹੀਂ ਕਰੋਨਾਵਾਇਰਸ ਦੇ ਫੈਲਾਅ ’ਤੇ ਕਾਬੂ ਪਾਇਆ ਜਾ ਸਕੇ। ਸ੍ਰੀ ਬਦਨੌਰ ਨੇ ਸਿਹਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਕਿ ਸ਼ਹਿਰ ਵਿਚਲੇ ਸਨੇਹਾਲਿਆ, ਸੀਨੀਅਰ ਸੀਟੀਜ਼ਨ ਹੋਮ ਵਿੱਚ ਰਹਿਣ ਵਾਲਿਆਂ ਦੇ ਵੀ ਸੈਂਪਲ ਲਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਿੱਚ ਸ਼ੱਕੀ ਵਿਅਕਤੀਆਂ ਦੇ ਵਧ ਤੋਂ ਵਧ ਵਿਅਕਤੀਆਂ ਦੇ ਕਰੋਨਾ ਟੈਸਟ ਕਰਨ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਸ੍ਰੀ ਬਦਨੌਰ ਨੇ ਸ਼ਹਿਰ ਵਾਸੀਆਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਜਿਹੜਾ ਵਿਅਕਤੀ ਬਨਿਾਂ ਮਾਸਕ ਤੋਂ ਘਰੋਂ ਬਾਹਰ ਨਿਕਲਦਾ ਹੈ ਉਸ ਦਾ ਚਾਲਾਨ ਕੀਤਾ ਜਾਵੇਗਾ। ਸ੍ਰੀ ਬਦਨੌਰ ਨੇ ਦੱਸਿਆ ਕਿ ਯੂਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲੀਸ ਨੇ ਮਾਸਕ ਦੀ ਵਰਤੋਂ ਨਾ ਕਰਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ 7500 ਵਿਅਕਤੀਆਂ ਦੇ ਚਾਲਾਨ ਕੀਤੇ ਗਏ ਹਨ। ਸ਼ਹਿਰ ਵਿੱਚ ਲੋਕਾਂ ਵੱਲੋਂ ਮਾਸਕ ਦੀ ਘੱਟ ਗਿਣਤੀ ਵਿੱਚ ਵਰਤੋਂ ਕਰਨ ’ਤੇ ਯੂਟੀ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾ ਰਹ ਹਨ।
ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਉਨ੍ਹਾਂ ਨੂੰ ਨਜ਼ਦੀਕੀ ਕਰੋਨਾ ਮਰੀਜ਼ ਬਾਰੇ ਪਤਾ ਲੱਗ ਸਕੇ। ਪ੍ਰਸ਼ਾਸਨ ਅਨੁਸਾਰ ਸ਼ਹਿਰ ਵਿੱਚ 4 ਲੱਖ 24 ਹਜ਼ਾਰ ਲੋਕਾਂ ਵੱਲੋਂ ਅਰੋਗਿਆ ਸੇਤੂ ਐਪ ਡਾਊਨਲੋਡ ਕੀਤੀ ਜਾ ਚੁੱਕੀ ਹੈ।
‘ਕੋਵਿਡ ਜਾਗਰੂਕਤਾ ਵੈਨ’ ਰਵਾਨਾ
ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅੱਜ ‘ਕੋਵਿਡ ਜਾਗਰੂਕਤਾ ਵੈਨ’ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਸ਼ਹਿਰ ਵਾਸੀਆਂ ਨੂੰ ਕਰੋਨਾਵਾਇਰਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਵੈਨ ਰਾਹੀਂ ਚੰਡੀਗੜ੍ਹ ਵਿਚਲੇ ਕਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਸਮੇਤ ਹੋਰਨਾਂ ਪ੍ਰਬੰਧਾਂ ਬਾਰੇ ਦੱਸਿਆ ਜਾਵੇਗਾ। ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਇਹ ਵੈਨ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰੇਗੀ।