For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਨਿਗਮ ਤੇ ਕੌਂਸਲ ਚੋਣਾਂ 21 ਨੂੰ

05:40 AM Dec 09, 2024 IST
ਪੰਜਾਬ ਵਿੱਚ ਨਿਗਮ ਤੇ ਕੌਂਸਲ ਚੋਣਾਂ 21 ਨੂੰ
ਪੰਜਾਬ ਰਾਜ ਚੋਣ ਕਮਿਸ਼ਨਰ ਆਰ.ਕੇ.ਚੌਧਰੀ ਚੋਣ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ। -ਫੋਟੋ: ਪ੍ਰਦੀਪ ਤਿਵਾੜੀ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 8 ਦਸੰਬਰ
ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਨਗਰ ਨਿਗਮਾਂ ਅਤੇ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਸਥਾਨਕ ਸ਼ਹਿਰੀ ਸੰਸਥਾਵਾਂ ਲਈ ਵੋਟਾਂ 21 ਦਸੰਬਰ ਨੂੰ ਪੈਣਗੀਆਂ। ਇਹ ਚੋਣਾਂ ਸੁਪਰੀਮ ਕੋਰਟ ਦੇ ਦਖ਼ਲ ਮਗਰੋਂ ਹੋ ਰਹੀਆਂ ਹਨ। ਕਰੀਬ ਡੇਢ ਸਾਲ ਪਹਿਲਾਂ ਵੱਖ ਵੱਖ ਨਿਗਮਾਂ ਤੇ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ। ਚੋਣਾਂ ਦੇ ਐਲਾਨ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਆਰ.ਕੇ.ਚੌਧਰੀ ਨੇ ਅੱਜ ਚੋਣ ਪ੍ਰੋਗਰਾਮ ਜਾਰੀ ਕਰਦਿਆਂ ਦੱਸਿਆ ਕਿ ਇਨ੍ਹਾਂ ਸਥਾਨਕ ਸ਼ਹਿਰੀ ਸੰਸਥਾਵਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਪੈਣਗੀਆਂ। ਉਸ ਦਿਨ ਹੀ ਚੋਣ ਨਤੀਜੇ ਐਲਾਨੇ ਜਾਣਗੇ। ਵੋਟਿੰਗ ਲਈ ਈ.ਵੀ.ਐੱਮਜ਼. ਦੀ ਵਰਤੋਂ ਕੀਤੀ ਜਾਣੀ ਹੈ ਅਤੇ ਚੋਣ ਕਮਿਸ਼ਨ ਨੇ ਇਸ ਬਾਰੇ ਲੋੜੀਂਦੇ ਪ੍ਰਬੰਧ ਕਰ ਲਏ ਹਨ। ਇਨ੍ਹਾਂ ਚੋਣਾਂ ਵਿਚ ਕੁੱਲ 37,32,636 ਵੋਟਰ ਆਪਣੇ ਹੱਕ ਦਾ ਇਸਤੇਮਾਲ ਕਰ ਸਕਣਗੇ ਜਿਨ੍ਹਾਂ ਵਿਚ 19,55,888 ਪੁਰਸ਼, 17,76,544 ਮਹਿਲਾਵਾਂ ਅਤੇ 204 ਹੋਰ ਸ਼ਾਮਲ ਹਨ।
ਵੇਰਵਿਆਂ ਅਨੁਸਾਰ 21 ਦਸੰਬਰ ਨੂੰ ਨਗਰ ਨਿਗਮ ਪਟਿਆਲਾ, ਲੁਧਿਆਣਾ, ਫਗਵਾੜਾ, ਜਲੰਧਰ ਅਤੇ ਅੰਮ੍ਰਿਤਸਰ ਤੋਂ ਇਲਾਵਾ 44 ਨਗਰ ਕੌਂਸਲਾਂ/ਨਗਰ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਵੱਖ ਵੱਖ ਨਿਗਮਾਂ ਤੇ ਕੌਂਸਲਾਂ ਦੇ ਕਰੀਬ 49 ਵਾਰਡਾਂ ’ਤੇ ਉਪ ਚੋਣ ਵੀ ਹੋਣੀ ਹੈ। ਚੋਣ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮਾਂ ਦੇ 381 ਵਾਰਡਾਂ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 598 ਵਾਰਡਾਂ ਲਈ ਵੋਟਿੰਗ ਕਰਵਾਈ ਜਾਵੇਗੀ। ਇਨ੍ਹਾਂ ਚੋਣਾਂ ਵਿਚ 23 ਹਜ਼ਾਰ ਅਧਿਕਾਰੀ ਤੇ ਮੁਲਾਜ਼ਮ ਚੋਣ ਅਮਲੇ ਵਜੋਂ ਤਾਇਨਾਤ ਕੀਤੇ ਜਾਣਗੇ ਅਤੇ 25 ਆਈ.ਏ.ਐਸ./ ਪੀ.ਸੀ.ਐੱਸ.ਅਫ਼ਸਰਾਂ ਨੂੰ ਜਨਰਲ ਨਿਗਰਾਨ ਵਜੋਂ ਨਿਯੁਕਤ ਕੀਤਾ ਜਾਵੇਗਾ।
ਚੋਣ ਪ੍ਰੋਗਰਾਮ ਅਨੁਸਾਰ ਭਲਕੇ 9 ਦਸੰਬਰ ਤੋਂ ਰਿਟਰਨਿੰਗ ਅਫ਼ਸਰਾਂ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅਮਲ ਸ਼ੁਰੂ ਹੋਵੇਗਾ ਅਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਉਮੀਦਵਾਰ ਕਾਗ਼ਜ਼ ਦਾਖਲ ਕਰ ਸਕਣਗੇ। ਕਾਗ਼ਜ਼ ਦਾਖਲ ਕਰਨ ਦੀ ਆਖ਼ਰੀ ਮਿਤੀ 12 ਦਸੰਬਰ ਨੂੰ 3 ਵਜੇ ਤੱਕ ਚੱਲੇਗੀ। ਕਾਗ਼ਜ਼ਾਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 14 ਦਸੰਬਰ ਨੂੰ ਵਾਪਸ ਲੈ ਸਕਣਗੇ।

Advertisement


ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਅੱਠ ਹਫ਼ਤਿਆਂ ਅੰਦਰ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਦੇ ਆਦੇਸ਼ ਜਾਰੀ ਕੀਤੇ ਸਨ। ਉਪਰੋਕਤ ਨਿਗਮਾਂ ਦੀ ਮਿਆਦ ਜਨਵਰੀ 2023 ਤੋਂ ਮਾਰਚ 2023 ਦੇ ਦਰਮਿਆਨ ਖ਼ਤਮ ਹੋ ਗਈ ਸੀ। ਚੋਣ ਕਮਿਸ਼ਨਰ ਨੇ ਅੱਜ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 7 ਦਸੰਬਰ ਨੂੰ ਕੀਤੀ ਜਾ ਚੁੱਕੀ ਹੈ ਜੋ ਸਬੰਧਤ ਐੱਸ.ਡੀ.ਐੱਮਜ਼ ਕੋਲ ਉਪਲੱਬਧ ਹੈ।
ਚੋਣ ਕਮਿਸ਼ਨਰ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਵੋਟਾਂ ਲਈ ਕੁੱਲ 1609 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨ੍ਹਾਂ ਵਿੱਚ 3809 ਪੋਲਿੰਗ ਬੂਥ ਹਨ। ਇਨ੍ਹਾਂ ’ਚੋਂ 344 ਪੋਲਿੰਗ ਸਟੇਸ਼ਨਾਂ ਦੀ ਪਛਾਣ ਅਤਿ-ਸੰਵੇਦਨਸ਼ੀਲ ਅਤੇ 665 ਪੋਲਿੰਗ ਸਥਾਨਾਂ ਦੀ ਪਛਾਣ ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਨੂੰ 1 ਐਚ.ਸੀ. ਅਤੇ 1 ਸੀ ਦੀ ਵਾਧੂ ਫੋਰਸ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਖੇਤਰਾਂ ਨੂੰ ਮੋਬਾਈਲ ਗਸ਼ਤ ਦੁਆਰਾ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋੜੀਂਦੀ ਗਿਣਤੀ ਵਿਚ ਪਲਟੂਨਾਂ ਨੂੰ ਰਾਖਵਾਂ ਰੱਖਿਆ ਗਿਆ ਹੈ। ਵੋਟਾਂ ਵਾਲੇ ਜ਼ਿਲ੍ਹਿਆਂ ਵਿੱਚ ਪੁਲੀਸ ਦੇ 21,500 ਜਵਾਨ ਅਤੇ ਹੋਮ ਗਾਰਡ ਜਵਾਨਾਂ ਨੂੰ ਤਾਇਨਾਤ ਕੀਤਾ ਜਾਵੇਗਾ। ਸਿੰਗਲ ਪੋਲਿੰਗ ਸਟੇਸ਼ਨ ਲਈ 3 ਮੁਲਾਜ਼ਮ ਅਤੇ ਡਬਲ ਪੋਲਿੰਗ ਸਟੇਸ਼ਨ ਲਈ 4 ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸੇ ਤਰ੍ਹਾਂ ਤੀਹਰੇ ਪੋਲਿੰਗ ਸਟੇਸ਼ਨ ਲਈ 5 ਮੁਲਾਜ਼ਮ ਅਤੇ ਕੁਆਡ ਪੋਲਿੰਗ ਸਟੇਸ਼ਨ ਲਈ 6 ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।
ਚੋਣ ਕਮਿਸ਼ਨਰ ਨੇ ਦੱਸਿਆ ਕਿ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਜਾਣ ਦੀ ਮਨਾਹੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅਸਲਾ ਐਕਟ ਅਧੀਨ ਸਮਰੱਥ ਅਥਾਰਿਟੀ ਹੋਣ ਦੇ ਨਾਤੇ ਜ਼ਿਲ੍ਹਾ ਮੈਜਿਸਟਰੇਟ ਹਥਿਆਰ ਜਮ੍ਹਾਂ ਕਰਨ ਸਬੰਧੀ ਲੋੜ ਦਾ ਮੁਲਾਂਕਣ ਕਰਨਗੇ। ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ 20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਦੀ ਵੈੱਬਸਾਈਟ sec.punjab.gov.in ’ਤੇ ਉਪਲਬਧ ਕਰਾਇਆ ਗਿਆ ਹੈ।

Advertisement

ਸਿਆਸੀ ਪ੍ਰੀਖਿਆ ਬਣਨਗੀਆਂ ਚੋਣਾਂ

ਪੰਜਾਬ ਦੀਆਂ ਸਿਆਸੀ ਧਿਰਾਂ ਲਈ ਸਥਾਨਕ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ ਸਿਆਸੀ ਪ੍ਰੀਖਿਆ ਸਾਬਤ ਹੋਣਗੀਆਂ। ਜ਼ਿਮਨੀ ਚੋਣਾਂ ’ਚ ਜਿੱਤ ਮਗਰੋਂ ‘ਆਪ’ ਇਹ ਚੋਣਾਂ ਜਿੱਤਣ ਲਈ ਵਾਹ ਲਾਏਗੀ ਕਿਉਂਕਿ ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਅਸਰ ਦਿੱਲੀ ਚੋਣਾਂ ’ਤੇ ਵੀ ਪਵੇਗਾ। ‘ਆਪ’ ਨੇ ਇਨ੍ਹਾਂ ਚੋਣਾਂ ਲਈ ਵਜ਼ੀਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਹਨ। ਕਾਂਗਰਸ ਪਾਰਟੀ ਜ਼ਿਮਨੀ ਚੋਣਾਂ ’ਚ ਮਿਲੀ ਹਾਰ ਦਾ ਖੱਪਾ ਇਨ੍ਹਾਂ ਚੋਣਾਂ ਜ਼ਰੀਏ ਪੂਰਨ ਦੀ ਕੋਸ਼ਿਸ਼ ਕਰੇਗੀ ਜਦੋਂ ਕਿ ਭਾਜਪਾ ਆਪਣੀ ਸ਼ਹਿਰੀ ਪਕੜ ਦਿਖਾਉਣ ਲਈ ਕੁੱਦੇਗੀ। ਸ਼੍ਰੋਮਣੀ ਅਕਾਲੀ ਦਲ ਵੀ ਚੋਣ ਪਿੜ ਵਿਚ ਉੱਤਰ ਕੇ ਆਪਣਾ ਸਿਆਸੀ ਕੱਦ ਨਾਪੇਗਾ।

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਚੋਣ ਤਰੀਕ ਬਦਲੀ ਜਾਵੇ: ਧਾਮੀ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਉਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਧਾਮੀ ਨੇ ਕਿਹਾ ਕਿ ਦਸੰਬਰ ਮਹੀਨਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ 22 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਸਬੰਧ ਵਿੱਚ 21 ਦਸੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਸਮਾਗਮ ਆਰੰਭ ਹੋਣਗੇ। ਉਸੇ ਦਿਨ ਪੰਜਾਬ ਸਰਕਾਰ ਵੱਲੋਂ ਚੋਣਾਂ ਕਰਵਾਈਆਂ ਜਾਣੀਆਂ ਸਿੱਖ ਭਾਵਨਾਵਾਂ ਦੇ ਬਿਲਕੁਲ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਚੋਣਾਂ ਜਨਵਰੀ ਵਿੱਚ ਕਰਵਾਉਣ ਲਈ ਪਹਿਲਾਂ ਹੀ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣਾਂ ਜਨਵਰੀ ਮਹੀਨੇ ਵਿੱਚ ਕਰਵਾਉਂਦੀ ਅਤੇ ਇਸ ਸਬੰਧੀ ਪਹਿਲਾਂ ਹੀ ਚੋਣ ਕਮਿਸ਼ਨ ਨੂੰ ਸਪਸ਼ਟ ਕਰਦੀ।

ਚੋਣ ਖ਼ਰਚ ਦੀ ਸੀਮਾ ਤੈਅ

ਚੋਣ ਮੈਦਾਨ ’ਚ ਉੱਤਰਨ ਵਾਲੇ ਉਮੀਦਵਾਰਾਂ ਲਈ ਖ਼ਰਚੇ ਦੀ ਸੀਮਾ ਤੈਅ ਕੀਤੀ ਗਈ ਹੈ। ਨਗਰ ਨਿਗਮ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਚਾਰ ਲੱਖ ਰੁਪਏ, ਨਗਰ ਕੌਂਸਲ (ਕਲਾਸ 1) ਲਈ 3.60 ਲੱਖ ਰੁਪਏ, ਨਗਰ ਕੌਂਸਲ (ਕਲਾਸ 2) ਲਈ 2.30 ਲੱਖ ਰੁਪਏ ਅਤੇ ਨਗਰ ਕੌਂਸਲ (ਕਲਾਸ 3) ਲਈ ਦੋ ਲੱਖ ਰੁਪਏ ਖ਼ਰਚੇ ਦੀ ਹੱਦ ਤੈਅ ਕੀਤੀ ਗਈ ਹੈ। ਨਗਰ ਪੰਚਾਇਤ ਲਈ ਚੋਣ ਲੜ ਰਹੇ ਉਮੀਦਵਾਰ ਲਈ ਖ਼ਰਚੇ ਦੀ ਸੀਮਾ 1.40 ਲੱਖ ਰੁਪਏ ਹੋਵੇਗੀ।

ਚੋਣਾਂ ਜਨਵਰੀ ਵਿਚ ਹੋਣ: ਅਕਾਲੀ ਦਲ

ਸ਼੍ਰੋੋਮਣੀ ਅਕਾਲੀ ਦਲ ਨੇ ਨਿਗਮ ਤੇ ਕੌਂਸਲ ਚੋਣਾਂ 21 ਦਸੰਬਰ ਨੂੰ ਕਰਵਾਉਣ ’ਤੇ ਰੋਸ ਜ਼ਾਹਿਰ ਕਰਦਿਆਂ ਰਾਜ ਚੋਣ ਕਮਿਸ਼ਨ ਨੂੰ ਆਪਣਾ ਚੋਣਾਂ ਵਾਲਾ ਹੁਕਮ ਵਾਪਸ ਲੈਣ ਲਈ ਕਿਹਾ ਹੈ ਅਤੇ ਸਥਾਨਕ ਸਰਕਾਰ ਦੀਆਂ ਚੋਣਾਂ ਜਨਵਰੀ ਵਿਚ ਕਰਵਾਉਣ ਦੀ ਮੰਗ ਕੀਤੀ ਹੈ। ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਜਾਰੀ ਬਿਆਨ ’ਚ ਕਿਹਾ ਕਿ ਸਿੱਖ ਕੌਮ ਹਮੇਸ਼ਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਸੰਬਰ ਦੇ ਦੂਜੇ ਹਫ਼ਤੇ ਵਿਚ ਮਨਾਉਂਦੀ ਹੈ ਤੇ ਚੰਗਾ ਹੋਵੇਗਾ ਕਿ ਇਸ ਸਮੇਂ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪਵਿੱਤਰ ਦਿਹਾੜਿਆਂ ਮੌਕੇ ਚੋਣਾਂ ਹਮੇਸ਼ਾ ਅੱਗੇ ਪਾ ਦਿੱਤੀਆਂ ਜਾਂਦੀਆਂ ਹਨ। ਚੋਣ ਕਮਿਸ਼ਨ ਦੇ ਫ਼ੈਸਲੇ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਅਕਾਲੀ ਦਲ ਇਹ ਚੋਣਾਂ ਲੜੇਗਾ ਅਤੇ ਪਾਰਟੀ ਉਮੀਦਵਾਰਾਂ ਦੀ ਚੋਣ ਸਮੇਤ ਹੋਰ ਰਣਨੀਤੀ ਤੈਅ ਕਰਨ ਲਈ ਲੋੜੀਂਦੀਆਂ ਮੀਟਿੰਗਾਂ ਵੀ ਹੋਣਗੀਆਂ।

Advertisement
Author Image

sukhwinder singh

View all posts

Advertisement