ਨਿਗਮ ਮੁਲਾਜ਼ਮਾਂ ਵੱਲੋਂ ‘ਕਲਮਛੋੜ ਹੜਤਾਲ’
ਹਰਪ੍ਰੀਤ ਕੌਰ
ਹੁਸ਼ਿਆਰਪੁਰ, 18 ਅਗਸਤ
ਪੰਜਾਬ ਨਗਰਪਾਲਿਕਾ ਕਰਮਚਾਰੀ ਸੰਗਠਨ ਦੇ ਸੱਦੇ ’ਤੇ ਨਗਰ ਨਿਗਮ ਦੇ ਸਟਾਫ਼ ਵੱਲੋਂ ਕਲਮਛੋੜ ਹੜਤਾਲ ਕੀਤੀ ਗਈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਇਸ ਹੜਤਾਲ ’ਚ ਵੱਡੀ ਗਿਣਤੀ ’ਚ ਕਰਮਚਾਰੀਆਂ ਨੇ ਭਾਗ ਲਿਆ।
ਇਸ ਮੌਕੇ ਸ੍ਰੀ ਸੈਣੀ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਅੱਜ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਆਮ ਲੋਕਾਂ ’ਤੇ ਤਰ੍ਹਾਂ-ਤਰ੍ਹਾਂ ਦੇ ਟੈਕਸ ਅਤੇ ਹੋਰ ਬੋਝ ਪਾ ਕੇ ਉਨ੍ਹਾਂ ਦੀ ਲੁੱਟ-ਖਸੁੱਟ ਕੀਤੀ ਜਾ ਰਹੀ ਹੈ ਜਦੋਂਕਿ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ, ਸਫ਼ਾਈ ਸੇਵਕਾਂ ਨੂੰ ਇੱਕ ਹਜ਼ਾਰ ਰੁਪਏ ਸਪੈਸ਼ਲ ਭੱਤਾ ਦਿੱਤਾ ਜਾਵੇ, ਸ਼ਹਿਰ ਦੀਆਂ ਬੀਟਾਂ ਅਨੁਸਾਰ ਸਫ਼ਾਈ ਸੇਵਕ ਭਰਤੀ ਕੀਤੇ ਜਾਣ, ਮੁਲਾਜ਼ਮਾਂ ਦੀਆਂ ਬਣਦੀਆਂ ਤਰੱਕੀਆਂ ਕੀਤੀਆਂ ਜਾਣ ਅਤੇ ਹੋਰ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਰਾਜਾ ਹੰਸ, ਸੰਨੀ ਲਹੋਰੀਆ, ਜੈ ਗੋਪਾਲ, ਹਰਬਿਲਾਸ, ਜੈ ਪਾਲ ਤੇ ਹੋਰ ਮੁਲਾਜ਼ਮ ਮੌਜੂਦ ਸਨ।
ਸਫ਼ਾਈ ਮਜ਼ਦੂਰਾਂ ਵੱਲੋਂ ‘ਕੰਮ ਛੱਡੋ ਹੜਤਾਲ’
ਪਠਾਨਕੋਟ (ਪੱਤਰ ਪ੍ਰੇਰਕ): ‘ਸਵੱਛ ਭਾਰਤ ਸਫ਼ਾਈ ਮਜ਼ਦੂਰ ਯੂਨੀਅਨ’ ਵੱਲੋਂ ਪੰਜਾਬ ਸਫ਼ਾਈ ਮੁਲਾਜ਼ਮ ਯੂਨੀਅਨ ਦੇ ਸੱਦੇ ’ਤੇ ਇੱਕ ਦਿਨ ਲਈ ‘ਕੰਮ ਛੱਡੋ ਹੜਤਾਲ’ ਕੀਤੀ ਗਈ। ਇਸ ਦੌਰਾਨ ਸਮੂਹ ਮੁਲਾਜ਼ਮਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਰਮੇਸ਼ ਕੁਮਾਰ ਪੱਪੂ ਅਤੇ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਨਿਗਮ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ। ਇਸ ਮੌਕੇ ਪ੍ਰੇਮ ਕੁਮਾਰ, ਮਨੋਜ ਭੱਟੀ, ਰਮੇਸ਼ ਪੱਪੂ, ਕਾਮਰੇਡ ਕੇਵਲ ਕਾਲੀਆ, ਕਾਮਰੇਡ ਹਰਨਾਮ ਨੇ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਨਗਰ ਨਿਗਮ ਮੁਲਾਜ਼ਮ ਨਿਗੁਣੀਆਂ ਤਨਖਾਹਾਂ ਤੇ ਆਪਣੀਆਂ ਸੇਵਾਵਾਂ ਦਿੰਦੇ ਆ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਅਸਥਾਈ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਸਥਾਈ ਕੀਤਾ ਜਾਵੇ, ਸਫ਼ਾਈ ਮੁਲਾਜ਼ਮਾਂ ਨੂੰ ਵਿਕਾਸ ਟੈਕਸ 200 ਰੁਪਏ ਪ੍ਰਤੀ ਮਹੀਨੇ ਤੋਂ ਛੋਟ ਦਿੱਤੀ ਜਾਵੇ ਅਤੇ ਘੱਟੋ-ਘੱਟ ਉਜ਼ਰਤ ਕਾਨੂੰਨ ਤਹਿਤ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ, ਮੁਲਾਜ਼ਮਾਂ ਨੂੰ ਕੰਮ ਦੌਰਾਨ ਸੁਰੱਖਿਆ ਲਈ ਸੇਫਟੀ ਕਿੱਟਾਂ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣ ਅਤੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਜਾਵੇ।