ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ’ਚ ਸਭ ਤੋਂ ਵੱਡਾ ਅੜਿੱਕਾ ਕਰਾਰ
ਪੱਤਰ ਪ੍ਰੇਰਕ
ਮਾਨਸਾ, 1 ਨਵੰਬਰ
‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੇ ਬੈਨਰ ਹੇਠ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ ਤੋਂ 3 ਨਵੰਬਰ ਤੱਕ ‘ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ’ ਹਫ਼ਤੇ ਤਹਿਤ ਅੱਜ ਇਥੇ ਮਾਤਾ ਸੁੰਦਰੀ ਗਰਲਜ਼ ਕਾਲਜ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਨੇ ਕਿਹਾ, ‘‘ਭ੍ਰਿਸ਼ਟਾਚਾਰ ਦੇਸ਼ ਨੂੰ ਅੰਦਰੋ ਖੋਖਲਾ ਕਰਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟ ਬਣਦਾ ਹੈ। ਰਿਸ਼ਵਤ ਲੈਣਾ ਅਤੇ ਦੇਣਾ ਦੋਨੋਂ ਹੀ ਜੁਰਮ ਹਨ ਅਤੇ ਕਿਸੇ ਵੀ ਬੁਰਾਈ ਜਾਂ ਅਲ੍ਹਾਮਤ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਹਮੇਸ਼ਾਂ ਸਾਨੂੰ ਖੁਦ ਤੋਂ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਖੁਦ ਇਮਾਨਦਾਰੀ ਨਾਲ ਆਪਣੇ ਕੰਮਾਂ ਨੂੰ ਕਰਾਂਗੇ ਅਤੇ ਰਿਸ਼ਵਤ ਲੈਣ ਜਾਂ ਦੇਣ ਦੀ ਬਜਾਏ ਨਿਯਮਾਂ ਅਨੁਸਾਰ ਆਪਣਾ ਕਿਰਦਾਰ ਨਿਭਾਵਾਂਗੇ ਤਾਂ ਹੀ ਸਮਾਜ ਤੋਂ ਭ੍ਰਿਸ਼ਟਾਚਾਰ ਜਾਂ ਹੋਰ ਬੁਰਾਈਆਂ ਨੂੰ ਦੂਰ ਕਰ ਸਕਾਂਗੇ। ਇਸ ਮੌਕੇ ਐਸ.ਐਸ.ਪੀ. ਵਿਜੀਲੈਂਸ ਬਿਊਰੋ ਹਰਪਾਲ ਸਿੰਘ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਹਫ਼ਤੇ ਤਹਿਤ ਵੱਖ-ਵੱਖ ਸਕੂਲਾਂ, ਕਾਲਜਾਂ, ਸੰਸਥਾਵਾਂ ਅਤੇ ਹੋਰ ਪਬਲਿਕ ਥਾਵਾਂ ’ਤੇ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਿਸ਼ਵਤ ਨੂੰ ਖ਼ਤਮ ਕਰਨ ਲਈ ਵਿਦਿਆਰਥੀਆਂ ਦਾ ਜਾਣੂ ਹੋਣਾ ਬਹੁਤ ਜ਼ਰੂਰੀ ਹੈ।
ਭ੍ਰਿਸ਼ਟਾਚਾਰ ਖਿਲਾਫ਼ ਡਟਣ ਦਾ ਹੋਕਾ
ਸ਼ਹਿਣਾ (ਪੱਤਰ ਪ੍ਰੇਰਕ): ਵਿਜੀਲੈਂਸ ਵਿਭਾਗ ਵੱਲੋਂ ਪੰਚਾਇਤ ਘਰ ਸ਼ਹਿਣਾ ’ਚ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੇ ਦੇਸ਼ ਤੇ ਸਮਾਜ ਨੂੰ ਖੋਖਲਾ ਕੀਤਾ ਹੈ। ਰਿਸ਼ਵਤਖੋਰੀ ਰੋਕਣ ਲਈ ਪੰਜਾਬ ਸਰਕਾਰ ਬੇਹੱਦ ਗੰਭੀਰ ਹੈ ਤੇ ਹਰ ਪੰਜਾਬੀ ਦਾ ਫਰਜ਼ ਬਣਦਾ ਹੈ ਕਿ ਉਹ ਭ੍ਰਿਸ਼ਟਾਚਾਰ ਖਿਲਾਫ਼ ਖੜ੍ਹਾ ਹੋਵੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨੰਬਰ 98157-26101 ਜਾਰੀ ਕੀਤਾ ਹੋਇਆ ਹੈ। ਜੇਕਰ ਕੋਈ ਅਧਿਕਾਰੀ ਕੰਮ ਬਦਲੇ ਰਿਸ਼ਵਤ ਮੰਗਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਵਸੀਲਿਆਂ ਦਾ ਨਿੱਜੀ ਹਿੱਤ ਲਈ ਦੁਰਉਪਯੋਗ ਕਰਦਾ ਹੈ ਤੇ ਇਸ ਦੀ ਸੂਚਨਾ ਤੁਰੰਤ ਵਿਜੀਲੈਂਸ ਨੂੰ ਦਿੱਤੀ ਜਾਵੇ।