ਆਪਸੀ ਝਗੜੇ ਛੱਡ ਕੇ ਸ਼ਹਿਰ ਦੀ ਸਫ਼ਾਈ ਵੱਲ ਧਿਆਨ ਦੇਣ ਕੌਂਸਲਰ: ਕੇਜਰੀਵਾਲ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 8 ਅਕਤੂਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਨਿਗਮ ਕੌਂਸਲਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕੌਂਸਲਰਾਂ ਨੂੰ ਆਪਸੀ ਝਗੜੇ ਛੱਡ ਕੇ ਸ਼ਹਿਰ ਦੀ ਸਫ਼ਾਈ ਵੱਲ ਧਿਆਨ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਲੋਕ ਨਿਗਮ ਤੋਂ ਸਫ਼ਾਈ ਦੀ ਉਮੀਦ ਕਰਦੇ ਹਨ। ਇਸ ਲਈ ਸਾਰੇ ਕੌਂਸਲਰ ਆਪਣੇ ਖੇਤਰਾਂ ਵਿੱਚ ਰੋਜ਼ਾਨਾ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਮੰਤਰ ਵੀ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਜਿੱਤਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਬਹੁਤ ਨੇੜੇ ਹਨ, ਜਿਸ ਵਿੱਚ ਪਾਰਟੀ ਦੀ ਜਿੱਤ ਲਈ ਕੌਂਸਲਰ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਐੱਮਸੀਡੀ ਵਿੱਚ ‘ਆਪ’ ਸਰਕਾਰ ਹੈ ਇਸ ਲਈ ਦਿੱਲੀ ਨੂੰ ਸਾਫ਼ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵਾਲੇ ਹਰਿਆਣਾ ਜਾ ਕੇ ਕਾਂਗਰਸ ਨੂੰ ਗਾਲ੍ਹਾਂ ਕੱਢ ਰਹੇ ਹਨ ਪਰ ਜਦੋਂਕਿ ਉਨ੍ਹਾਂ ਨੇ 10 ਸਾਲਾਂ ਵਿੱਚ ਹਰਿਆਣਾ ਵਿੱਚ ਕੁਝ ਨਹੀਂ ਕੀਤਾ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਵੀ ਕੌਂਸਲਰਾਂ ਨੂੰ ਕਿਹਾ ਕਿ ਪਿਛਲੇ ਦੋ ਸਾਲ ਆਮ ਆਦਮੀ ਪਾਰਟੀ ਲਈ ਬਹੁਤ ਔਖੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਤਬਾਹ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਪ੍ਰਦੇਸ਼ ਕਨਵੀਨਰ ਤੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਭਾਰਤ ਦੇ ਹਰ ਸੂਬੇ ਦਾ ਬਜਟ ਘਾਟੇ ’ਚ ਜਾਂਦਾ ਹੈ ਅਤੇ ਦਿੱਲੀ ਅੰਦਰ ਇੰਨਾ ਪੈਸਾ ਦੇਣ ਦੇ ਬਾਵਜੂਦ ਬਜਟ ਦੁੱਗਣਾ ਹੋ ਜਾਂਦਾ ਹੈ। ਇਸ ਦੌਰਾਨ ਮੇਅਰ ਡਾ. ਸ਼ੈਲੀ ਓਬਰਾਏ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸਾਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਫਿਰ ਇਮਤਿਹਾਨ ਦੀ ਘੜੀ ਆ ਗਈ ਹੈ। ਦਿੱਲੀ ਵਿਧਾਨ ਸਭਾ ਚੋਣਾਂ ਹਨ ਅਤੇ ਭਾਜਪਾ ਫਿਰ ਤੋਂ ਸਾਜ਼ਿਸ਼ ਰਚਣ ਦੀ ਕੋਸ਼ਿਸ਼ ਕਰੇਗੀ।
ਨਿਗਮ ਵੱਲੋਂ ਕੂੜੇ ਨਾਲ ਨਜਿੱਠਣ ਲਈ ਵਿਸ਼ੇਸ ਮੁਹਿੰਮ ਸ਼ੁਰੂ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਨਗਰ ਨਿਗਮ ਨੇ ਤਿਉਹਾਰਾਂ ਤੋਂ ਪਹਿਲਾਂ ਦਿੱਲੀ ’ਚ ਕੂੜੇ, ਮਲਬੇ ਅਤੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਮੇਅਰ ਡਾ. ਸ਼ੈਲੀ ਓਬਰਾਏ ਅਤੇ ਸਦਨ ਦੇ ਨੇਤਾ ਮੁਕੇਸ਼ ਗੋਇਲ ਨੇ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਇਸ ਮੁਹਿੰਮ ਦਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਦੇ ਸਾਰੇ 250 ਵਾਰਡਾਂ ਵਿੱਚੋਂ ਕੂੜੇ ਅਤੇ ਮਲਬੇ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਮੇਅਰ ਨੇ ਦੱਸਿਆ ਕਿ ਦਿੱਲੀ ’ਚ ਕੂੜਾ ਅਤੇ ਮਲਬਾ ਦੋ ਵੱਡੀਆਂ ਸਮੱਸਿਆਵਾਂ ਹਨ। ਦਿੱਲੀ ਦੇ ਸਾਰੇ 12 ਖੇਤਰਾਂ ਦੇ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਰੋਜ਼ਾਨਾ ਆਪੋ-ਆਪਣੇ ਖੇਤਰਾਂ ਅਤੇ ਵਾਰਡਾਂ ਦਾ ਨਿਰੀਖਣ ਕਰਨਗੇ। ਇਸ ਤੋਂ ਇਲਾਵਾ ਸਾਰੇ 250 ਵਾਰਡਾਂ ਦੇ ਜੇਈ, ਸੈਨੇਟਰੀ ਗਾਈਡ, ਸੈਨੇਟਰੀ ਇੰਸਪੈਕਟਰ ਅਤੇ ਏਐੱਸਆਈ ਆਪਣੇ-ਆਪਣੇ ਵਾਰਡਾਂ ਦੀ ਰੋਜ਼ਾਨਾ ਰਿਪੋਰਟ ਦੇਣਗੇ ਅਤੇ ਦੱਸਣਗੇ ਕਿ ਉਨ੍ਹਾਂ ਦੇ ਖੇਤਰ ਵਿੱਚ ਕਿੰਨਾ ਕੂੜਾ ਅਤੇ ਮਲਬਾ ਹੈ। ਡਿਪਟੀ ਕਮਿਸ਼ਨਰ, ਸਹਾਇਕ ਕਮਿਸ਼ਨਰ, ਜੇਈ ਵਰਕ ਮੇਨਟੇਨੈਂਸ ਅਤੇ ਸੈਨੇਟਰੀ ਗਾਈਡ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।