ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹਿਰ ਦੇ ਮਾੜੇ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਇਕਜੁੱਟ ਹੋਏ ਕੌਂਸਲਰ

10:41 AM Jun 08, 2024 IST
ਕਾਰਜਸਾਧਕ ਅਫ਼ਸਰ ਅਮਨਦੀਪ ਸਿੰਘ ਨਾਲ ਗੱਲਬਾਤ ਕਰਦੇ ਹੋਏ ਕੌਂਸਲਰ।

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 7 ਜੂਨ
ਸਮੂਹ ਸਿਆਸੀ ਪਾਰਟੀਆਂ ਨਾਲ ਸਬੰਧਤ ਨਗਰ ਕੌਂਸਲਰਾਂ ਨੇ ਠੋਸ ਕੂੜੇ ਦੇ ਨਿਬੇੜੇ ਦੇ ਸਬੰਧ ਵਿੱਚ ਕੌਂਸਲ ਅਧਿਕਾਰੀਆਂ ’ਤੇ ਉਨ੍ਹਾਂ ਦੀ ਆਵਾਜ਼ ਨਾ ਸੁਣੇ ਜਾਣ ਦਾ ਦੋਸ਼ ਲਗਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਜੇ ਤੁਰੰਤ ਇਸ ਸਬੰਧ ਵਿੱਚ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਸ਼ੁਰੂ ਕਰਨਗੇ।
ਕੂੜੇ ਦੇ ਨਿਬੇੜੇ ਲਈ ਆਉਣ ਵਾਲੇ ਫੰਡਾਂ ਵਿੱਚ ਅਧਿਕਾਰੀਆਂ ਵੱਲੋਂ ਘਪਲੇ ਕਰਨ ਦਾ ਦੋਸ਼ ਲਗਾਉਂਦਿਆਂ ਕੌਂਸਲਰਾਂ ਨੇ ਮੰਗ ਕੀਤੀ ਹੈ ਕਿ ਉੱਚ ਅਧਿਕਾਰੀਆਂ ਵੱਲੋਂ ਇਸ ਸਬੰਧ ਵਿੱਚ ਪੜਤਾਲ ਕਰਵਾਈ ਜਾਵੇ।
ਇਸੇ ਤਰ੍ਹਾਂ ਦੇ ਦੋਸ਼ ਇਸ ਤੋਂ ਪਹਿਲਾਂ ਪਰਵਾਸੀ ਭਾਰਤੀ ਨਗਰ ਕੌਂਸਲ ਦੇ ਬ੍ਰਾਂਡ ਅੰਬੈਸਡਰ ਰਾਜ ਕੁਮਾਰ ਸ਼ਰਮਾ ਨੇ ਵੀ ਲਗਾਏ ਸਨ ਹਾਲਾਂਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਜਵਾਬ ਵਿੱਚ ਵਿਜੀਲੈਂਸ ਵਿਭਾਗ (ਸਥਾਨਕ ਸਰਕਾਰਾਂ) ਨੇ ਪੜਤਾਲ ਦੇ ਹੁਕਮ ਦਿੱਤੇ ਗਏ ਸਨ ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਪਲਾਸਟਿਕ ਬਾਰੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਅਸਫਲਤਾ, ਕੂੜਾ ਡੰਪ ਕਰਨ ਲਈ ਢੁਕਵੀਂ ਥਾਂ ਅਤੇ ਠੋਸ ਰਹਿੰਦ-ਖੂੰਹਦ ਨੂੰ ਵੱਖ ਕਰਨ ਅਤੇ ਚੁੱਕਣ ਲਈ ਬੁਨਿਆਦੀ ਢਾਂਚੇ ਦੀ ਘਾਟ ਸ਼ਹਿਰ ਦੀ ਸਫ਼ਾਈ ’ਚ ਵੱਡੀ ਰੁਕਾਵਟ ਹਨ।
ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਨਾਲ ਸਬੰਧਤ ਕੌਂਸਲਰਾਂ ਵੱਲੋਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਨੂੰ ਲਿਖੇ ਸ਼ਿਕਾਇਤ ਪੱਤਰ ਰਾਹੀਂ ਦੋਸ਼ ਲਗਾਇਆ ਗਿਆ ਹੈ ਕਿ ਸਥਾਨਕ ਕਸਬੇ ਦੇ ਵਸਨੀਕ ਅੱਠ ਮਹੀਨਿਆਂ ਤੋਂ ਗੰਦਗੀ ’ਚ ਰਹਿਣ ਲਈ ਮਜਬੂਰ ਹਨ। ਇੱਥੇ ਕਰੀਬ ਤਿੰਨ ਸਾਲਾਂ ਤੋਂ ਪਾਣੀ ਦੀ ਸਪਲਾਈ ਵੀ ਸਹੀ ਨਹੀਂ ਹੈ। ਕੌਂਸਲਰਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਸਬੰਧਤ ਅਧਿਕਾਰੀਆਂ ਨੂੰ ਵਾਰ ਵਾਰ ਸ਼ਿਕਾਇਤਾਂ ਕਰਨ ’ਤੇ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਘਰਾਂ ਵਿੱਚੋਂ ਕਈ ਕਈ ਦਿਨ ਕੂੜਾ ਨਹੀਂ ਚੁੱਕਿਆ ਜਾਂਦਾ।
ਸ਼ਿਕਾਇਤ ਕਰਨ ਤੋਂ ਪਹਿਲਾਂ ਕਾਰਜਸਾਧਕ ਅਫ਼ਸਰ ਅਮਨਦੀਪ ਸਿੰਘ ਨਾਲ ਕੀਤੀ ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਕੂੜਾ ਸੁੱਟਣ ਲਈ ਥਾਂ ਦੀ ਘਾਟ ਹੋਣ ਕਾਰਨ ਮੌਜੂਦਾ ਸਥਿਤੀ ਪੈਦਾ ਹੋਈ ਹੈ। ਅਮਨਦੀਪ ਸਿੰਘ ਨੇ ਭਰੋਸਾ ਦਿਵਾਇਆ ਕਿ ਠੋਸ ਕੂੜਾ ਪ੍ਰਬੰਧਨ ਅਤੇ ਜਲ ਸਪਲਾਈ ਨੂੰ ਠੀਕ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।

Advertisement

Advertisement