ਸੀਪੀਆਈ ਵੱਲੋਂ ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਵਿੱਚ ਕਾਂਗਰਸ ਦੀ ਹਮਾਇਤ ਦਾ ਐਲਾਨ
ਗੁਰਿੰਦਰ ਸਿੰਘ
ਲੁਧਿਆਣਾ, 23 ਮਈ
ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਪੱਧਰੀ ਕਾਡਰ ਮੀਟਿੰਗ ਵਿੱਚ ਇੰਡੀਆ ਗੱਠਜੋੜ ਨੂੰ ਜਿਤਾਉਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚੋਂ ਪਾਰਟੀ ਆਗੂ ਸ਼ਾਮਲ ਹੋਏ।
ਜ਼ਿਲ੍ਹਾ ਸਕੱਤਰ ਕਾਮਰੇਡ ਡੀਪੀ ਮੌੜ ਨੇ ਦੱਸਿਆ ਕਿ ਅੱਜ ਦੇਸ਼ ਨੂੰ ਸਭ ਤੋਂ ਵੱਡਾ ਖ਼ਤਰਾ ਫਾਸ਼ੀਵਾਦੀ ਸ਼ਕਤੀਆਂ ਤੋਂ ਹੈ ਇਸ ਲਈ ਸਾਰੀਆਂ ਹਮਖਿਆਲੀ ਪਾਰਟੀਆਂ ਨੇ ਮਿਲ ਕੇ ਇੰਡੀਆ ਬਲਾਕ ਦਾ ਗਠਨ ਕੀਤਾ ਹੈ ਜਿਸ ਦਾ ਮੁੱਖ ਨਿਸ਼ਾਨਾ ਆਰਐਸਐਸ ਦੀ ਥਾਪੜੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਗੱਦੀ ਤੋਂ ਲਾਹ ਕੇ ਸੁੱਟਣਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਸਮਾਜਿਕ ਤਾਣੇ ਬਾਣੇ ਨੂੰ ਪੂਰੀ ਤਰ੍ਹਾਂ ਤੋੜਨ ’ਤੇ ਜ਼ੋਰ ਲਗਾ ਦਿੱਤਾ ਹੈ ਅਤੇ ਸਮਾਜ ਵਿੱਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ ਜਿਸ ਨਾਲ ਫ਼ਿਰਕਿਆਂ ਵਿਚ ਵੰਡੀਆਂ ਪਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਨੂੰ ਵੇਖਦਿਆਂ ਪਾਰਟੀ ਨੇ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ। ਸ਼ਹਿਰੀ ਸਕੱਤਰ ਕਾਮਰੇਡ ਐਮਐਸ ਭਾਟੀਆ ਨੇ ਕਿਹਾ ਕਿ ਲੋਕਾਂ ਦੀਆਂ ਹੱਕੀ ਮੰਗਾਂ ਲਈ ਪਾਰਟੀ ਲਗਾਤਾਰ ਸੰਘਰਸ਼ ਕਰਦੀ ਰਹੀ ਹੈ ਤੇ ਹੁਣ ਵੀ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਛੋਟੇ ਤੇ ਮੱਧਮ ਉਦਮੀਆਂ ਦੀਆਂ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੋ ਕੇ ਨੀਤੀਆਂ ਘੜਨ ਲਈ ਪ੍ਰਚਾਰ ਕਰੇਗੀ। ਮੀਟਿੰਗ ਵਿੱਚ ਰਮੇਸ਼ ਰਤਨ, ਵਿਜੇ ਕੁਮਾਰ, ਭਗਵਾਨ ਸਿੰਘ ਸੋਮਲਖੇੜੀ, ਡਾ: ਗੁਲਜਾਰ ਸਿੰਘ ਪੰਧੇਰ, ਡਾ: ਰਜਿੰਦਰ ਪਾਲ ਸਿੰਘ ਔਲਖ,ਐਡਵੋਕੇਟ ਨਵਲ ਛਿੱਬਡ, ਸੈਨੇਟ ਮੈਂਬਰ ਨਰੇਸ਼ ਗੌੜ, ਸੁਰਿੰਦਰ ਕੈਲੇ, ਮਾਸਟਰ ਜਗਮੇਲ ਸਿੰਘ ਪੱਖੋਵਾਲ, ਕੇਵਲ ਸਿੰਘ ਬਨਵੈਤ, ਪ੍ਰਵੀਨ ਕੁਮਾਰ ਅਤੇ ਅਜੀਤ ਜਵੱਦੀ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਪੀਆਈ ਵੱਲੋਂ ਕਾਂਗਰਸ ਪਾਰਟੀ ਦੇ ਸਮਰਥਨ ਲਈ ਕੀਤੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅੱਗੇ ਤੋਂ ਵੀ ਫਾਸ਼ੀਵਾਦੀ ਤਾਕਤਾਂ ਦੇ ਖਿਲਾਫ ਦੋਨੋਂ ਪਾਰਟੀਆਂ ਰਲ ਕੇ ਚੱਲਣਗੀਆਂ।
ਇਸ ਮੌਕੇ ਪਾਰਟੀ ਦੇ ਜ਼ਿਲਾ ਸਹਾਇਕ ਸਕੱਤਰ ਕਾਮਰੇਡ ਚਮਕੌਰ ਸਿੰਘ ਨੇ ਪਾਰਟੀ ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਰਾਜਾ ਵੜਿੰਗ ਅਤੇ ਉਸ ਨਾਲ ਆਏ ਹੋਏ ਕਾਂਗਰਸ ਪਾਰਟੀ ਦੇ ਆਗੂ ਮਲਕੀਤ ਸਿੰਘ ਦਾਖਾ, ਕੰਵਰ ਹਰਪ੍ਰੀਤ ਸਿੰਘ, ਅਸ਼ਵਨੀ ਸ਼ਰਮਾ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦਾ ਵੀ ਧੰਨਵਾਦ ਕੀਤਾ।
ਜੁਮਲੇਬਾਜ਼ਾਂ ਤੇ ਗੁਮਰਾਹ ਕਰਨ ਵਾਲਿਆਂ ਤੋਂ ਚੌਕਸ ਰਹਿਣ ਲੋਕ: ਵੜਿੰਗ
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵਰਗੇ ਵੱਖ-ਵੱਖ ‘ਜੁਮਲੇਬਾਜ਼ਾਂ’ ਵੱਲੋਂ ਚੋਣਾਂ ਦੌਰਾਨ ਕੀਤੇ ‘ਜੁਮਲਿਆਂ’ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਤਨਜ਼ ਕੱਸਦਿਆ ਕਿਹਾ ਕਿ ਕਈ ਆਗੂ ਚੋਣਾਂ ਵੇਲੇ ਤਾਂ ਚੰਨ ਤੱਕ ਜਾਣ ਦਾ ਵਾਅਦਾ ਕਰਦੇ ਹਨ, ਪਰ ਚੋਣਾਂ ਤੋਂ ਬਾਅਦ ਸਭ ਭੁੱਲ ਜਾਂਦੇ ਹਨ। ਵੜਿੰਗ ਨੇ ਭਾਜਪਾ ਨੂੰ ਹਰ ਭਾਰਤੀ ਦੇ ਬੈਂਕ ਖਾਤੇ ਵਿੱਚ 15 ਲੱਖ ਰੁਪਏ ਜਮ੍ਹਾਂ ਕਰਵਾਉਣ ਅਤੇ ਹਰ ਸਾਲ 2 ਕਰੋੜ ਨੌਕਰੀਆਂ ਪੈਦਾ ਕਰਨ ਵਰਗੇ ਵਾਅਦੇ ਯਾਦ ਕਰਵਾਏ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦਸ ਸਾਲਾਂ ਦੇ ਸ਼ਾਸਨ ਦੌਰਾਨ ਇਨ੍ਹਾਂ ਦੋਨਾਂ ਵਿੱਚੋਂ ਕੋਈ ਵੀ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ’ਆਪ’ ਨੂੰ ਸੱਤਾ ’ਚ ਆਏ ਢਾਈ ਸਾਲ ਹੋ ਗਏ ਹਨ ਅਤੇ ਇਹ 1000 ਰੁਪਏ ਭੁੱਲ ਗਈ ਹੈ। ਪਰ ਜਿਨ੍ਹਾਂ ਮਹਿਲਾਵਾਂ ਨੂੰ ਧੋਖਾ ਦਿੱਤਾ ਗਿਆ, ਉਹ ਨਹੀਂ ਭੁੱਲੀਆਂ ਹਨ ਅਤੇ ਉਹ 1 ਜੂਨ ਨੂੰ ਵੋਟਾਂ ਵੇਲੇ ਇਸ ਦਾ ਅਹਿਸਾਸ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਮੁਫ਼ਤ ਬਿਜਲੀ ਦੇਣ ਦਾ ਦਾਅਵਾ ਕਰ ਰਹੀ ਹੈ, ਜਿਸਦੀ ਸ਼ੁਰੂਆਤ ਵੀ ਕਾਂਗਰਸ ਸਰਕਾਰ ਨੇ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ, ਤਾਂ ਕਾਂਗਰਸ ਸਰਕਾਰ ਨੇ ਨਾ ਸਿਰਫ਼ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਸੀ, ਸਗੋਂ ਪਿਛਲੇ ਸਾਰੇ ਬਕਾਏ ਵੀ ਮੁਆਫ਼ ਕਰ ਦਿੱਤੇ ਸਨ, ਜਿਸ ਨਾਲ ਲੱਖਾਂ ਲੋਕਾਂ ਨੂੰ ਫਾਇਦਾ ਹੋਇਆ।