ਸੀਪੀਆਈ ਨੇ ਡੱਲੇਵਾਲ ਦੀ ਵਿਗੜਦੀ ਸਿਹਤ ’ਤੇ ਚਿੰਤਾ ਪ੍ਰਗਟਾਈ
ਪੱਤਰ ਪ੍ਰੇਰਕ
ਧਾਰੀਵਾਲ, 13 ਦਸੰਬਰ
ਸੀਪੀਆਈ ਐੱਮਐੱਲ ਲਿਬਰੇਸ਼ਨ ਵੱਲੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ’ਤੇ ਚਿੰਤਾ ਦਾ ਇਜ਼ਹਾਰ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਇਸ ਦੇ ਨਿਕਲਣ ਵਾਲੇ ਸਿੱਟਿਆਂ ਲਈ ਕੇਂਦਰ ਸਰਕਾਰ ਦੋਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਸ ਮਹੀਨੇ ਤੋਂ ਹਰਿਆਣਾ ਬਾਰਡਰ ਉਪਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਲੀਡਰਸ਼ਿਪ ਨਾਲ ਕੇਂਦਰ ਸਰਕਾਰ ਵੱਲੋਂ ਕੋਈ ਗੱਲਬਾਤ ਨਾ ਕਰਨ ਦੇ ਨਤੀਜੇ ਕਾਰਨ ਜਗਜੀਤ ਸਿੰਘ ਡੱਲੇਵਾਲ ਨੂੰ ‘ਕਰੋ ਜਾਂ ਮਰੋ’ ਦੇ ਨਾਹਅਰੇ ਤੋਂ ਪ੍ਰਭਾਵਿਤ ਹੋ ਕੇ ਮਰਨ ਵਰਤ ਤੇ ਬੈਠਣ ਦਾ ਫੈਸਲਾ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦੇਣ ਵਰਗੇ ਮੁੱਦਿਆਂ ਲਈ ਚੱਲ ਰਿਹਾ ਕਿਸਾਨੀ ਸੰਘਰਸ਼ ਮਰਨ ਵਰਤ ਰਾਹੀਂ ਜਾਨ ਦੇ ਕੇ ਹੱਲ ਹੋਣ ਵਾਲਾ ਨਹੀਂ ਹੈ ਬਲਕਿ ਇਹ ਮੁੱਦੇ ਕੌਮਾਂਤਰੀ ਪੱਧਰ ’ਤੇ ਸੰਸਾਰ ਵਪਾਰ ਸੰਘ ਅਤੇ ਅੰਤਰਰਾਸ਼ਟਰੀ ਮੁਦਰਾ ਕੋਸ਼ ਵਰਗੀਆਂ ਸੰਸਥਾਵਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿਰੁੱਧ ਕਿਸਾਨੀ ਮੁੱਦਿਆਂ ’ਤੇ ਲੜਨ ਲਈ ਲੰਬੇ ਸੰਘਰਸ਼ ਦੀ ਜ਼ਰੂਰਤ ਹੈ। ਇਸ ਸਥਿਤੀ ਵਿੱਚ ਹਰਿਆਣਾ ਬਾਰਡਰ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਲੀਡਰਸ਼ਿਪ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਉਪਰ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮਰਨ ਵਰਤ ਛੱਡਣ ਦੀ ਬੇਨਤੀ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨੀ ਦੇ ਇੱਕ ਵੱਡੇ ਲੀਡਰ ਦੀ ਜਾਨ ਨੂੰ ਬਚਾਇਆ ਜਾ ਸਕੇ।
ਸੰਗਤ ਵੱਲੋਂ ਡੱਲੇਵਾਲ ਦੀ ਸਿਹਤਯਾਬੀ ਲਈ ਅਰਦਾਸ
ਜੈਂਤੀਪੁਰ:
ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਹੱਕਾਂ ਹਿੱਤਾਂ ਲਈ ਸ਼ੰਭੂ ਅਤੇ ਖਨੌਰੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਤੇ ਕਾਮਯਾਬੀ ਲਈ ਪਿੰਡ ਛਿੱਤ ਦੀ ਸਮੂਹ ਸੰਗਤ ਨੇ ਅੰਮ੍ਰਿਤ ਵੇਲੇ ਅਰਦਾਸ ਕੀਤੀ। ਇਸ ਮੌਕੇ ਸੰਗਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦੇ ਕੁਝ ਕਾਰਪੋਰੇਟ ਘਰਾਣਿਆਂ ਦੀ ਮਦਦ ਕਰ ਕੇ ਉਨ੍ਹਾਂ ਦੇ ਘਰ ਭਰਨ ਦੀ ਥਾਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਹਿੱਤਾਂ ਦੀ ਗੱਲ ਕਰਨੀ ਚਾਹੀਦੀ ਹੈ ਅਤੇ ਕਿਸਾਨੀ ਸੰਘਰਸ਼ ਦੀਆਂ ਮੰਗਾਂ ਮੰਨ ਕੇ ਦੇਸ਼ ਦੇ ਆਮ ਲੋਕਾਂ ਦੇ ਹੱਕ ਵਿੱਚ ਖਲੋਣਾ ਚਾਹੀਦਾ ਹੈ। -ਪੱਤਰ ਪ੍ਰੇਰਕ