ਸੀਪੀਆਈ (ਐੱਮਐੱਲ) ਵੱਲੋਂ ਪੰਜਾਬ ਭਰ ’ਚ ਪ੍ਰਦਰਸ਼ਨ ਕਰਨ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਸਤੰਬਰ
ਦੇਸ਼ ਭਰ ਵਿੱਚ ਲੋਕਾਂ ਦੀ ਜ਼ੁਬਾਨਬੰਦੀ ਕਰਨ, ਸੂਬਿਆਂ ਦੇ ਅਧਿਕਾਰ ਖੋਹਣ ਅਤੇ ਐੱਨਆਈਏ ਵੱਲੋਂ ਛਾਪੇ ਮਾਰਨ ਤੇ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਫ਼ਸਾਉਣ ਖਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਸੀਪੀਆਈ (ਐੱਮਐੱਲ.) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਤੇ ਦਰਸ਼ਨ ਸਿੰਘ ਖਟਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਨਆਈਏ (ਕੇਂਦਰੀ ਸੁਰੱਖਿਆ ਏਜੰਸੀ) ਨੇ ਚੰਡੀਗੜ੍ਹ ਤੇ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਬੀਤੇ ਦਿਨੀਂ ਛਾਪੇਮਾਰੀ ਕੀਤੀ ਹੈ, ਜਿਸ ਵਿੱਚ ਚੰਡੀਗੜ੍ਹ ਤੋਂ ਵਕੀਲ ਅਜੇ ਸਿੰਗਲ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕਈ ਵਿਅਕਤੀਆਂ ਨੂੰ ਲਖਨਊ ਐੱਨਆਈਏ ਦੇ ਦਫ਼ਤਰ ਪੇਸ਼ ਹੋਣ ਲਈ ਨੋਟਿਸ ਦਿੱਤਾ ਹੈ। ਇਹ ਸਾਰੀ ਕਾਰਵਾਈ ਉੱਤਰ ਪ੍ਰਦੇਸ਼ ਵਿੱਚ ਦਰਜ ਇੱਕ ਸਾਲ ਪੁਰਾਣੇ ਕੇਸ ਵਿੱਚ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨਆਈਏ ਨੇ ਵੱਡੀ ਗਿਣਤੀ ਵਿੱਚ ਘਰਾਂ ਵਿੱਚ ਛਾਪੇਮਾਰੀ ਕਰਕੇ ਦਹਿਸ਼ਤ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਹ ਕਾਰਵਾਈ ਕੇਂਦਰੀ ਹਕੂਮਤ ਵੱਲੋਂ ਹਾਕਮਾਂ ਖਿਲਾਫ ਬੋਲਣ ਵਾਲੇ ਲੋਕਾਂ ਦੀ ਜ਼ੁਬਾਨਬੰਦੀ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਐੱਨਆਈਏ ਨੂੰ ਤੁਰੰਤ ਖਤਮ ਕੀਤਾ ਜਾਵੇ।