ਸੀਪੀਆਈ ਵੱਲੋਂ ਯੇਚੁਰੀ ਨੂੰ ਸ਼ਰਧਾਂਜਲੀਆਂ ਭੇਟ
ਪੱਤਰ ਪ੍ਰੇਰਕ
ਪਟਿਆਲਾ, 19 ਸਤੰਬਰ
ਕਾਮਰੇਡ ਸੀਤਾ ਰਾਮ ਯੇਚੁਰੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਜ਼ਿਲ੍ਹਾ ਪੱਧਰ ’ਤੇ ਸੀਪੀਆਈ (ਐੱਮ) ਅਤੇ ਸੀਪੀਆਈ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਰਥ-ਸ਼ਾਸਤਰੀ ਡਾ. ਬਲਵਿੰਦਰ ਸਿੰਘ ਟਿਵਾਣਾ ਨੇ ਪੰਜਾਬੀ ਯੂਨੀਵਰਸਿਟੀ ਅਧਿਆਪਕਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਵੱਲੋਂ ਭੇਜਿਆ ਸ਼ੋਕ ਸੰਦੇਸ਼ ਪੜ੍ਹਿਆ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਡਾ. ਰਾਜਦੀਪ ਚੋਪੜਾ ਨੇ ਨਿਭਾਈ। ਇਸ ਮੌਕੇ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਸ੍ਰੀ ਯੇਚੁਰੀ ਨੇ ਪਾਰਟੀ ਲਈ ਡਟ ਕੇ ਕੰਮ ਕੀਤਾ। ਵਿਦਿਆਰਥੀ ਜਥੇਬੰਦੀ ਐੱਸਐੱਫਆਈ ਦੇ ਸੂਬਾ ਕੋ-ਆਰਡੀਨੇਟਰ ਅੰਮ੍ਰਿਤਪਾਲ ਨੇ ਕਿਹਾ ਕਿ ਸ੍ਰੀ ਯੇਚੁਰੀ ਨੇ ਖੱਬੇ ਪੱਖੀਆਂ ਪਾਰਟੀਆਂ ਨੂੰ ਸੇਧ ਦਿੱਤੀ।
ਇਸ ਦੌਰਾਨ ਨੈਸ਼ਨਲ ਕੌਂਸਲ ਮੈਂਬਰ ਕਾ. ਨਿਰਮਲ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਕ੍ਰਾਂਤੀਕਾਰੀ ਲੀਡਰ ਦੱਸਿਆ। ਤਹਿਸੀਲ ਸਕੱਤਰ ਕਾਮਰੇਡ ਰਮੇਸ਼ ਆਜ਼ਾਦ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਖੱਬੀ ਲਹਿਰ ਨੂੰ ਕਾਫ਼ੀ ਘਾਟਾ ਪਿਆ ਹੈ। ਸਾਥੀ ਜਗਤਾਰ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਸਤਪਾਲ ਨੇ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਉਹ ਮਜ਼ਦੂਰ ਪੱਖੀ ਸਨ। ਇਸ ਮੌਕੇ ਸੂਬਾ ਸਕੱਤਰੇਤ ਮੈਂਬਰ ਸਾਥੀ ਗੁਰਦਰਸ਼ਨ ਤੇ ਸਾਥੀ ਧਰਮਪਾਲ ਸੀਲ, ਸੀਪੀਆਈ (ਐੱਮ) ਦੇ ਜ਼ਿਲ੍ਹਾ ਸਕੱਤਰ ਨੇ ਵੀ ਸੰਬੋਧਨ ਕੀਤਾ।