ਮਾਤਾ ਗੁਜਰੀ ਕਾਲਜ ’ਚ ਰਚਨਾਤਮਕ ਮੁਕਾਬਲੇ
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 30 ਅਕਤੂਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਜਿਵੇਂ ਰੰਗੋਲੀ, ਮੋਮਬੱਤੀ ਅਤੇ ਦੀਵਾ ਸਜਾਉਣ ਅਤੇ ‘ਡੂ ਇਟ ਯੂਅਰਸੈਲਫ’ ਆਦਿ ਮੁਕਾਬਲੇ ਕਰਵਾਏ ਗਏ ਅਤੇ ਵਾਤਾਵਰਨ ਨੂੰ ਸਾਫ਼ ਰਖਣ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਸਹੁੰ ਚੁਕਵਾਈ ਗਈ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ‘ਹਰੀ ਦੀਵਾਲੀ’ ਮਨਾਉਣ ਦੇ ਸੰਕਲਪ ਨੂੰ ਲਾਗੂ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਸਹੀ ਅਰਥਾਂ ਵਿੱਚ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ। ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਸਹਿਯੋਗ, ਆਤਮ ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਵਿਭਾਗ ਮੁਖੀ ਡਾ. ਮੁਹੰਮਦ ਅਨਵਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਈਕੋ ਫਰੈਂਡਲੀ ਦੀਵਾਲੀ ਮਨਾਉਣ ਦੇ ਉਦੇਸ਼ ਅਤੇ ਜਾਗਰੂਕਤਾ ਤਹਿਤ ਇਹ ਮੁਕਾਬਲੇ ਕਰਵਾਏ ਗਏ। ਕਮਰਸ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਧੰਨਵਾਦ ਕੀਤਾ।