ਲਾਹੇਵੰਦ ਹੈ ਸਬਜ਼ੀਆਂ ਦੀ ਕਾਸ਼ਤ
ਡਾ. ਰਣਜੀਤ ਸਿੰਘ
ਇਹ ਮੰਨਿਆ ਜਾਂਦਾ ਹੈ ਕਿ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਪੰਜਾਬੀ ਚੰਗਾ ਖਾਂਦੇ ਅਤੇ ਚੰਗਾ ਪਹਿਨਦੇ ਹਨ ਪਰ ਅੰਕੜੇ ਦੱਸਦੇ ਹਨ ਕਿ ਜਿੱਥੋਂ ਤੱਕ ਸੰਤੁਲਿਤ ਭੋਜਨ ਦਾ ਸਬੰਧ ਹੈ, ਪੰਜਾਬੀ ਵਿਸ਼ੇਸ਼ ਕਰ ਕੇ ਪਿੰਡਾਂ ਦੇ ਲੋਕ ਭਾਰਤ ਦੇ ਬਾਕੀ ਲੋਕਾਂ ਦੇ ਬਰਾਬਰ ਹੀ ਹਨ। ਇਸ ਅਨੁਸਾਰ ਪੰਜਾਬ ਦੀ ਵੀ ਅੱਧੀ ਆਬਾਦੀ ਨੂੰ ਸੰਤੁਲਿਤ ਭੋਜਨ ਨਸੀਬ ਨਹੀਂ ਹੁੰਦਾ। ਬੱਚਿਆਂ ਅਤੇ ਔਰਤਾਂ ਨੂੰ ਲੋੜੀਂਦੀ ਖ਼ੁਰਾਕ ਨਹੀਂ ਮਿਲਦੀ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਪਿੰਡਾਂ ਦੇ ਵਾਸੀਆਂ ਦੀ ਖ਼ੁਰਾਕ ਵਿੱਚ ਦੁੱਧ, ਸਬਜ਼ੀਆਂ ਅਤੇ ਫਲਾਂ ਦੀ ਘਾਟ ਹੈ। ਖੇਤੀ ਦੇ ਮਸ਼ੀਨੀਕਰਨ ਤੋ ਪਹਿਲਾਂ ਪਿੰਡਾਂ ਦੇ ਲਗਪਗ ਹਰ ਘਰ ਵਿੱਚ ਲਵੇਰਾ ਹੁੰਦਾ ਸੀ। ਬੇਜ਼ਮੀਨੇ ਖੇਤ ਕਾਮੇ ਵੀ ਲਵੇਰੇ ਰੱਖਦੇ ਸਨ। ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ਪੀਣ ਦਾ ਰਿਵਾਜ਼ ਸੀ। ਸਵੇਰੇ ਲੱਸੀ ਤੇ ਮੱਖਣ ਨਾਲ ਰੋਟੀ ਖਾਧੀ ਜਾਂਦੀ ਸੀ। ਹਰ ਕਿਸਾਨ ਖੂਹ ਦੇ ਲਾਗੇ ਕੁਝ ਰਕਬੇ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਦਾ ਸੀ। ਗਰਮੀਆਂ ਵਿੱਚ ਖਰਬੂਜ਼ੇ, ਤਰਾਂ, ਕੱਦੂ, ਕਰੇਲੇ, ਭਿੰਡੀ ਆਦਿ ਦੀ ਬਿਜਾਈ ਕੀਤੀ ਜਾਂਦੀ ਸੀ ਜਦੋਂਕਿ ਸਰਦੀਆਂ ਵਿਚ ਮੂਲੀ, ਗਾਜਰ, ਸ਼ਲਗਮ, ਲਸਣ, ਪਿਆਜ਼, ਸੋਏ, ਸੌਂਫ, ਅਜਵਾਇਣ ਦੀ ਬਿਜਾਈ ਹੁੰਦੀ ਸੀ। ਮੂਲੀਆਂ ਤੇ ਸ਼ਲਗਮ ਤਾਂ ਬਰਸੀਮ ਦੀਆਂ ਵੱਟਾਂ ਉੱਤੇ ਹੀ ਬੀਜ ਦਿੱਤੇ ਜਾਂਦੇ ਸਨ। ਉਦੋਂ ਹਲਟ ਨਾਲ ਸਿੰਜਾਈ ਹੋਣ ਕਰ ਕੇ ਕਿਆਰੇ ਛੋਟੇ ਬਣਾਏ ਜਾਂਦੇ ਸਨ। ਹੁਣ ਤਾਂ ਕਈ ਘਰਾਂ ਨੇ ਲਵੇਰੇ ਰੱਖਣੇ ਹੀ ਬੰਦ ਕਰ ਦਿੱਤੇ ਹਨ ਜਿਹੜੇ ਰੱਖਦੇ ਵੀ ਹਨ, ਉਹ ਚਾਹ ਜੋਗਾ ਦੁੱਧ ਰੱਖ ਕੇ ਬਾਕੀ ਦੋਧੀ ਨੂੰ ਪਾ ਦਿੰਦੇ ਹਨ। ਸਬਜ਼ੀਆਂ ਬੀਜਣ ਦਾ ਤਾਂ ਰਿਵਾਜ ਮੁੱਕਦਾ ਜਾ ਰਿਹਾ ਹੈ। ਪੰਜਾਬੀਆਂ ਵਿੱਚ ਵਧ ਰਹੀਆਂ ਬਿਮਾਰੀਆਂ ਦਾ ਇੱਕ ਕਾਰਨ ਇਹ ਵੀ ਹੈ। ਇਸ ਪਾਸੇ ਧਿਆਨ ਦੇਣ ਦੀ ਲੋੜ ਹੈ। ਪੂਰੇ ਖ਼ੁਰਾਕੀ ਤੱਤ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਤੋਂ ਹੀ ਪ੍ਰਾਪਤ ਹੁੰਦੇ ਹਨ।
ਸਬਜ਼ੀਆਂ ਦੀ ਬਿਜਾਈ ਚੰਗੀ ਤਰ੍ਹਾਂ ਤਿਆਰ ਕੀਤੇ ਖੇਤ ਵਿੱਚ ਕਰਨੀ ਚਾਹੀਦੀ ਹੈ। ਰੂੜੀ ਦੀ ਵਰਤੋਂ ਜ਼ਰੂਰੀ ਹੈ। ਖੇਤ ਤਿਆਰ ਕਰਦੇ ਸਮੇਂ 10 ਕੁ ਟਨ ਦੇਸੀ ਰੂੜੀ ਪ੍ਰਤੀ ਏਕੜ ਪਾਈ ਜਾਵੇ। ਨਦੀਨਾਂ ਦੀ ਰੋਕਥਾਮ ਲਈ ਗੋਡੀ ਕੀਤੀ ਜਾਵੇ ਅਤੇ ਨਦੀਨਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ।
ਮਟਰ ਸਭ ਤੋਂ ਵਧ ਪਸੰਦ ਕੀਤੀ ਜਾਂਦੀ ਸਬਜ਼ੀ ਹੈ। ਮਟਰ ਅਗੇਤਾ-7, ਮਟਰ ਅਗੇਤ-6, ਅਰਕਲ ਅਤੇ ਏ ਪੀ 3 ਅਗੇਤੀਆਂ ਕਿਸਮਾਂ ਹਨ। ਅਗੇਤੀ ਬਿਜਾਈ ਲਈ 45 ਕਿਲੋ ਅਤੇ ਮੁੱਖ ਸਮੇਂ ਲਈ 30 ਕਿਲੋ ਬੀਜ ਵਰਤਿਆ ਜਾਵੇ। ਬਿਜਾਈ ਸਮੇਂ ਅਗੇਤੀਆਂ ਕਿਸਮਾਂ ਦੀ ਬਿਜਾਈ 30x7.5 ਸੈਂਟੀਮੀਟਰ ਦੇ ਫ਼ਾਸਲੇ ਉੱਤੇ ਅਤੇ ਮੁੱਖ ਸਮੇਂ ਦੀ ਬਿਜਾਈ ਸਮੇਂ 30x10 ਸੈਂਟੀਮੀਟਰ ਫ਼ਾਸਲੇ ’ਤੇ ਕੀਤੀ ਜਾਵੇ। ਬੀਜ ਨੂੰ ਬੀਜਣ ਤੋਂ ਪਹਿਲਾਂ ਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਗਾਇਆ ਜਾਵੇ। ਮਟਰ ਧਰਤੀ ਦੀ ਸਿਹਤ ਵਿੱਚ ਸੁਧਾਰ ਕਰਦੇ ਹਨ। ਫਿਰ ਵੀ ਬਿਜਾਈ ਸਮੇਂ 45 ਕਿਲੋ ਯੂਰੀਆ ਅਤੇ 155 ਕਿਲੋ ਸੁਪਰਫਾਸਫ਼ੇਟ ਪ੍ਰਤੀ ਏਕੜ ਪਾਈ ਜਾਵੇ। ਮਟਰਾਂ ਦੀ ਬਿਜਾਈ ਤੋਂ ਇਕ ਮਹੀਨੇ ਪਿਛੋਂ ਤੇ ਫਿਰ ਦੂਜੇ ਮਹੀਨੇ ਗੋਡੀ ਜ਼ਰੂਰ ਕਰੋ। ਬਿਜਾਈ ਤੋਂ ਤਿੰਨ ਮਹੀਨਿਆਂ ਪਿੱਛੋਂ ਪਹਿਲੀ ਤੁੜਾਈ ਕੀਤੀ ਜਾ ਸਕਦੀ ਹੈ। ਇਕ ਏਕੜ ਵਿੱਚੋਂ 60 ਕੁਇੰਟਲ ਤਕ ਹਰੀਆਂ ਫ਼ਲੀਆਂ ਪ੍ਰਾਪਤ ਹੋ ਸਕਦੀਆਂ ਹਨ।
ਗੋਭੀ ਦੀ ਪਨੀਰੀ ਲਗਾਉਣ ਸਮੇਂ ਬੂਟਿਆਂ ਅਤੇ ਕਤਾਰਾਂ ਵਿਚਕਾਰ 45 ਸੈਂਟੀਮੀਟਰ ਫ਼ਾਸਲਾ ਰੱਖਿਆ ਜਾਵੇ। ਬਿਜਾਈ ਸਮੇਂ 50 ਕਿਲੋ ਯੂਰੀਆ, 155 ਕਿਲੋ ਸੁਪਰਫਾਸਫ਼ੇਟ ਅਤੇ 40 ਕਿਲੋ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਪਾਈ ਜਾਵੇ। ਇਕ ਮਹੀਨੇ ਪਿੱਛੋਂ ਲੋੜ ਅਨੁਸਾਰ ਹੋਰ ਯੂਰੀਆ ਪਾਇਆ ਜਾ ਸਕਦਾ ਹੈ। ਪਨੀਰੀ ਲਗਾਉਣ ਤੋਂ ਤੁਰੰਤ ਪਿੱਛੋਂ ਪਾਣੀ ਦਿੱਤਾ ਜਾਵੇ। ਪੂਸਾ ਸਨੋਬਾਲ-1, ਪੂਸਾ ਸਨੋਬਾਲ-ਕੇ-1 ਉਨਤ ਕਿਸਮਾਂ ਹਨ। ਬੰਦ ਗੋਭੀ ਦੀ ਲੁਆਈ ਵੀ ਇਸੇ ਤਰ੍ਹਾਂ ਕੀਤੀ ਜਾ ਸਕਦੀ ਹੈ। ਬਰੌਕਲੀ ਦੇ ਵੀ ਕੁੱਝ ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ। ਇਸ ਵਿੱਚ ਵਿਟਾਮਿਨ, ਲੋਹਾ ਅਤੇ ਕੈਲਸ਼ੀਅਮ ਹੁੰਦੇ ਹਨ। ਪੰਜਾਬ ਬਰੌਕਲੀ-1 ਅਤੇ ਪਾਲਮ ਸਮਰਿਧੀ ਸਿਫ਼ਾਰਸ਼ ਕੀਤੀਆਂ ਕਿਸਮਾਂ ਹਨ। ਇਸ ਦੀ ਲੁਆਈ ਵੀ ਗੋਭੀ ਵਾਂਗ ਹੀ ਕੀਤੀ ਜਾਂਦੀ ਹੈ।
ਗਾਜਰ, ਮੂਲੀ ਤੇ ਸ਼ਲਗਮ ਜੜ੍ਹਾਂ ਵਾਲੀਆਂ ਸਬਜ਼ੀਆਂ ਹਨ। ਗਾਜਰ ਅਤੇ ਸ਼ਲਗਮ ਦੀ ਵਰਤੋਂ ਸਬਜ਼ੀ ਲਈ ਜਦੋਂ ਕਿ ਮੂਲੀ ਨੂੰ ਸਲਾਦ ਦੇ ਰੂਪ ਵਿਚ ਵਰਤਿਆ ਜਾਂਦਾ ਹੈ। ਗਾਜਰ ਦਾ ਰਸ ਅਤੇ ਗਾਜਰਪਾਕ ਮਠਿਆਈ ਵੀ ਬਣਾਈ ਜਾਂਦੀ ਹੈ। ਗਾਜਰ ਅਤੇ ਸ਼ਲਗਮ ਦਾ ਆਚਾਰ ਵੀ ਪਾਇਆ ਜਾਂਦਾ ਹੈ। ਪੰਜਾਬ ਕੈਰਟ ਰੈਡ, ਪੀ ਸੀ 161 ਪੰਜਾਬ ਬਲੈਕ ਬਿਊਟੀ ਅਤੇ ਪੀ ਸੀ-34 ਗਾਜਰ ਦੀਆਂ ਉੱਨਤ ਕਿਸਮਾਂ ਹਨ। ਗਾਜਰ ਦਾ ਇਕ ਏਕੜ ਵਿਚ ਪੰਜ ਕਿਲੋ ਬੀਜ ਪਾਇਆ ਜਾਵੇ। ਐਲ-1 ਸ਼ਲਗਮ ਦੀ ਸਿਫ਼ਾਰਸ਼ ਕੀਤੀ ਕਿਸਮ ਹੈ। ਸ਼ਲਗਮ ਦਾ ਇਕ ਏਕੜ ਵਿੱਚ ਦੋ ਕਿਲੋ ਬੀਜ ਪਾਇਆ ਜਾਵੇ। ਮੂਲੀ ਦੀ ਤਾਂ ਹੁਣ ਸਾਰਾ ਸਾਲ ਕਾਸ਼ਤ ਕੀਤੀ ਜਾ ਸਕਦੀ ਹੈ। ਹੁਣ ਪੰਜਾਬ ਪਸੰਦ, ਜਪਾਨੀ ਵਾਈਟ ਅਤੇ ਪੰਜਾਬ ਸਫੈਦ ਮੂਲੀ-2 ਕਿਸਮਾਂ ਦੀ ਬਿਜਾਈ ਕੀਤੀ ਜਾਵੇ। ਇਸ ਦਾ ਵੀ ਪੰਜ ਕਿਲੋ ਬੀਜ ਪ੍ਰਤੀ ਏਕੜ ਪਾਇਆ ਜਾਵੇ। ਬਿਜਾਈ ਸਮੇਂ 55 ਕਿਲੋ ਯੂਰੀਆ ਅਤੇ 75 ਕਿਲੋ ਸੁਪਰਫਾਸਫ਼ੇਟ ਪ੍ਰਤੀ ਏਕੜ ਪਾਇਆ ਜਾਵੇ। ਹਰੇ ਪੱਤਿਆਂ ਵਾਲੀਆਂ ਸਬਜ਼ੀਆਂ ਵਿਚ ਵਧੇਰੇ ਖ਼ੁਰਾਕੀ ਤੱਤ ਹੁੰਦੇ ਹਨ। ਇਨ੍ਹਾਂ ਵਿੱਚ ਪਾਲਕ, ਮੇਥੀ, ਸਲਾਦ ਅਤੇ ਧਨੀਆ ਮੁੱਖ ਹਨ। ਪਾਲਕ ਦੀ ਪੰਜਾਬ ਗਰੀਨ ਕਿਸਮ ਬੀਜਣੀ ਚਾਹੀਦੀ ਹੈ। ਇਕ ਏਕੜ ਵਿਚ ਪੰਜ ਕਿਲੋ ਬੀਜ ਪਾਇਆ ਜਾਵੇ। ਪੰਜਾਬੀ ਸਲਾਦ ਦੀ ਬਹੁਤ ਘੱਟ ਵਰਤੋਂ ਕਰਦੇ ਹਨ। ਇਸ ਦੇ ਕੁਝ ਬੂਟੇ ਘਰ ਵਿਚ ਜ਼ਰੂਰ ਲਗਾਏ ਜਾਣ। ਕਸੂਰੀ ਸੁਪਰੀਮ ਕਸੂਰੀ ਮੇਥੀ ਦੀ ਸਿਫ਼ਾਰਸ਼ ਕੀਤੀ ਕਿਸਮ ਹੈ। ਧਨੀਆ ਵੀ ਜ਼ਰੂਰ ਬੀਜੋ, ਪਹਿਲਾਂ ਹਰੇ ਪੱਤਿਆਂ ਦੀ ਵਰਤੋਂ ਕਰੋ, ਮੁੜ ਦਾਣੇ ਪ੍ਰਾਪਤ ਕਰੋ। ਪੰਜਾਬ ਸੁਗੰਧ ਸਿਫ਼ਾਰਸ਼ ਕੀਤੀ ਕਿਸਮ ਹੈ। ਕੁਝ ਰਕਬੇ ਵਿਚ ਲਸਣ ਵੀ ਜ਼ਰੂਰ ਬੀਜੋ। ਇਸ ਦੀ ਬਿਜਾਈ ਤੁਰੀਆਂ ਨਾਲ ਕੀਤੀ ਜਾਂਦੀ ਹੈ। ਪੀ ਜੀ-18 ਅਤੇ ਪੀ ਜੀ-17 ਸਿਫ਼ਾਰਸ਼ ਕੀਤੀਆਂ ਕਿਸਮਾਂ ਹਨ। ਤੁਰੀਆਂ ਲਗਉਂਦੇ ਸਮੇਂ ਲਾਈਨਾਂ ਵਿਚਕਾਰ 15 ਤੇ ਬੂਟਿਆਂ ਵਿਚਕਾਰ 7.5 ਸੈਂਟੀਮੀਟਰ ਦਾ ਫ਼ਾਸਲ ਰੱਖੋ।
ਚੀਨੀ ਬੰਦ ਗੋਭੀ ਇਕ ਸਬਜ਼ੀ ਹੈ ਜਿਸ ਦਾ ਸਾਗ ਵਧੀਆ ਬਣਦਾ ਹੈ। ਪੰਜਾਬ ਵਿਚ ਕਾਸ਼ਤ ਲਈ ਸਾਗ ਸਰਸੋਂ ਅਤੇ ਚੀਨੀ ਸਰ੍ਹੋਂ-1 ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਕ ਮਹੀਨੇ ਪਿਛੋਂ ਪੱਤਿਆਂ ਦੀ ਪਹਿਲੀ ਤੁੜਾਈ ਕੀਤੀ ਜਾ ਸਕਦੀ ਹੈ। ਇਸ ਦੀਆਂ ਅੱਠ ਕੁ ਤੁੜਾਈਆਂ ਕੀਤੀਆਂ ਜਾ ਸਕਦੀਆਂ ਹਨ। ਇਕ ਏਕੜ ਵਿਚੋਂ ਕੋਈ 200 ਕੁਇੰਟਲ ਤਕ ਸਾਗ ਪ੍ਰਾਪਤ ਕੀਤਾ ਜਾ ਸਕਦਾ ਹੈ। ਖਾਦਾਂ ਅਤੇ ਖੇਤ ਦੀ ਤਿਆਰੀ ਗੋਭੀ ਵਾਂਗ ਹੀ ਕੀਤੀ ਜਾਵੇ।