ਡੱਲੇਵਾਲ ਨੇ ਮਰਨ ਵਰਤ ਖਤਮ ਨਹੀਂ ਕੀਤਾ: ਕਿਸਾਨ ਆਗੂ
ਚੰਡੀਗੜ੍ਹ, 29 ਮਾਰਚ
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਸ਼ਨਿੱਚਰਵਾਰ ਨੂੰ ਕਿਹਾ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਖਤਮ ਨਹੀਂ ਕੀਤਾ ਹੈ, ਭਾਵੇਂ ਕਿ ਉਨ੍ਹਾਂ ਨੇ ਪਿਛਲੇ ਹਫ਼ਤੇ ਸੂਬਾ ਪੁਲੀਸ ਦੁਆਰਾ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਰਿਹਾਅ ਕਰਨ ਤੋਂ ਬਾਅਦ ਇਕ ਗਲਾਸ ਪਾਣੀ ਪੀਤਾ ਸੀ।
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਡੱਲੇਵਾਲ ਨੇ ਪਾਣੀ ਸਵੀਕਾਰ ਕੀਤਾ ਅਤੇ ਆਪਣਾ ਵਰਤ ਤੋੜ ਦਿੱਤਾ। ਪੰਜਾਬ ਸਰਕਾਰ ਦੇ ਦਾਅਵਿਆਂ ਦਾ ਵਿਰੋਧ ਕਰਦੇ ਹੋਏ ਕੋਹਾੜ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਡੱਲੇਵਾਲ ਨੇ ਸਪੱਸ਼ਟ ਕੀਤਾ ਸੀ ਕਿ ਉਹ ਸਾਰੇ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਹੀ ਪਾਣੀ ਪੀਣਗੇ ਅਤੇ ਡੱਲੇਵਾਲ ਨੇ ਕਿਸਾਨ ਆਗੂਆਂ ਦੀ ਰਿਹਾਈ ਤੋਂ ਬਾਅਦ ਇਕ ਗਲਾਸ ਪਾਣੀ ਪੀਤਾ ਹੈ। ਉਨ੍ਹਾਂ ਕਿਹਾ, "ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਇਕ ਗਲਤ ਪ੍ਰਭਾਵ ਪਾਇਆ ਜਾ ਰਿਹਾ ਸੀ ਕਿ ਡੱਲੇਵਾਲ ਨੇ ਆਪਣਾ ਅਣਮਿੱਥੇ ਸਮੇਂ ਲਈ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ।"
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ 19 ਮਾਰਚ ਨੂੰ ਹਰਿਆਣਾ ਨਾਲ ਲੱਗਦੇ ਖਨੌਰੀ ਅਤੇ ਸ਼ੰਭੂ ਸਰਹੱਦੀ ਥਾਵਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾ ਦਿੱਤਾ ਸੀ ਅਤੇ ਧਰਨਿਆਂ ਕਾਰਨ ਬੰਦ ਹੋਈਆਂ ਸੜਕਾਂ ਅਤੇ ਹਾਈਵੇਅ ਖੋਲ੍ਹ ਦਿੱਤੇ ਹਨ। ਇੱਕ ਹੋਰ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਵੀ ਸ਼ਨਿੱਚਰਵਾਰ ਨੂੰ ਕਿਹਾ ਕਿ ਜਦੋਂ ਡੱਲੇਵਾਲ ਨੂੰ ਕਿਸਾਨਾਂ ਦੀ ਹਿਰਾਸਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਸਾਰਿਆਂ ਦੇ ਰਿਹਾਅ ਹੋਣ ਤੱਕ ਪਾਣੀ ਪੀਣ ਤੋਂ ਇਨਕਾਰ ਕਰ ਦਿੱਤਾ ਜੋ ਕਿ ਉਨ੍ਹਾਂ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਪਾਣੀ ਪੀ ਲਿਆ। -ਪੀਟੀਆਈ