ਕਿਸਾਨ ਆਗੂ ਡੱਲੇਵਾਲ ਨੇ ਦੂਜੇ ਦਿਨ ਵੀ ਨਹੀਂ ਖਾਧਾ ਖਾਣਾ; ਸ਼ੂਗਰ ਵਧੀ
ਗਗਨਦੀਪ ਅਰੋੜਾ
ਲੁਧਿਆਣਾ, 27 ਨਵੰਬਰ
ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕੀਤੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਡੀਐੱਮਸੀ ਹਸਪਤਾਲ ਵਿੱਚ ਖਾਣਾ-ਪੀਣਾ ਬੰਦ ਕਰ ਦਿੱਤਾ ਹੈ। ਇਸ ਕਾਰਨ ਕਿਸਾਨ ਆਗੂ ਦੇ ਸ਼ੂਗਰ ਦਾ ਪੱਧਰ ਵੱਧ ਗਿਆ ਹੈ। ਬੁੱਧਵਾਰ ਨੂੰ ਵੀ ਡਾਕਟਰਾਂ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਉਨ੍ਹਾਂ ਨੂੰ ਖਾਣ ਲਈ ਮਨਾਉਂਦੇ ਰਹੇ ਪਰ ਕਿਸਾਨ ਆਗੂ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਕਾਰੀਆਂ ਅਤੇ ਡਾਕਟਰਾਂ ਦੇ ਦਬਾਅ ਕਾਰਨ ਡੱਲੇਵਾਲ ਨੇ ਸਿਰਫ਼ ਪਾਣੀ ਹੀ ਪੀਤਾ। ਦੂਜੇ ਪਾਸੇ ਮੰਗਲਵਾਰ ਦੇਰ ਰਾਤ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਸਾਨ ਆਗੂ ਨੂੰ ਮਿਲਣ ਨਹੀਂ ਦਿੱਤਾ, ਜਿਸ ਤੋਂ ਬਾਅਦ ਉਹ ਕੁਝ ਸਮਾਂ ਹਸਪਤਾਲ ਦੇ ਬਾਹਰ ਰੁਕੇ ਅਤੇ ਵਾਪਸ ਪਰਤ ਗਏ। ਬੁੱਧਵਾਰ ਨੂੰ ਵੀ ਡੀਐੱਮਸੀ ਹਸਪਤਾਲ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਕਿਸਾਨ ਆਗੂ ਕੋਲ ਕਿਸੇ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਸਿਰਫ਼ ਪ੍ਰਸ਼ਾਸਨਿਕ ਅਧਿਕਾਰੀ ਹੀ ਉਨ੍ਹਾਂ ਕੋਲ ਪੁੱਜੇ ਅਤੇ ਉਨ੍ਹਾਂ ਕਿਸਾਨ ਆਗੂ ਨੂੰ ਕੁਝ ਖਾਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਜਗਜੀਤ ਸਿੰਘ ਡੱਲੇਵਾਲ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ।
ਹਸਪਤਾਲ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡੀਐੱਮਸੀ ਹਸਪਤਾਲ ਦੇ ਮੁੱਖ ਗੇਟ ਸਣੇ ਐਮਰਜੈਂਸੀ ਵਾਰਡ ਦੇ ਬਾਹਰ ਅਤੇ ਜਿਸ ਵਾਰਡ ਵਿੱਚ ਕਿਸਾਨ ਆਗੂ ਡੱਲੇਵਾਲ ਦਾਖਲ ਹਨ, ਉੱਥੇ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਢਾਬੀਗੁੱਜਰਾਂ ਪਹੁੰਚੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ
ਪਟਿਆਲਾ/ਪਾਤੜਾ ਂ(ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ):
ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਢਾਬੀਗੁੱੱਜਰਾਂ ਬਾਰਡਰ ’ਤੇ ਸ਼ੁਰੂ ਕੀਤਾ ਮਰਨ ਵਰਤ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਗੱਲਬਾਤ ਲਈ ਢਾਬੀਗੁੱਜਰਾਂ ਪਹੁੰਚੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲੀਸ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਦਰਮਿਆਨ ਮੀਟਿੰਗ ਹੋਈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੁਲੀਸ ਅਫਸਰ ਸੁਨੇਹਾ ਲੈ ਕੇ ਆਏ ਸਨ ਕਿ ਪੰਜਾਬ ਸਰਕਾਰ ਕਿਸਾਨੀ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਮੁੜ ਤੋਂ ਗੱਲਬਾਤ ਸ਼ੁਰੂ ਕਰਵਾਉਣਾ ਚਾਹੁੰਦੀ ਹੈ ਪਰ ਕਿਸਾਨ ਆਗੂਆਂ ਦਾ ਦੋ ਟੁੱਕ ਜਵਾਬ ਸੀ ਕਿ ਡੱਲੇਵਾਲ ਦੀ ਰਿਹਾਈ ਤੋਂ ਪਹਿਲਾਂ ਉਹ ਕੋਈ ਵੀ ਗੱਲ ਨਹੀਂ ਕਰਨਗੇ।