ਢਾਬੀ ਗੁੱਜਰਾਂ ’ਤੇ ਡੱਲੇਵਾਲ ਦਾ ਮਰਨ ਵਰਤ ਜਾਰੀ
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ/ਪਾਤੜਾਂ, 28 ਦਸੰਬਰ
ਕਿਸਾਨੀ ਮੰਗਾਂ ਦੀ ਪੂਰਤੀ ਲਈ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 33ਵੇਂ ਦਿਨ ਵੀ ਜਾਰੀ ਰਿਹਾ। ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਵੱਡੀ ਗਿਣਤੀ ਕਿਸਾਨ ਇੱਥੇ ਡਟੇ ਰਹੇ। ਉੱਧਰ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਲੱਦਾਖ ਤੋਂ ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਨੇ ਡੱਲੇਵਾਲ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹਾਲਚਾਲ ਜਾਣਿਆ। ਇਸ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ ਕੀਤੀ ਅਤੇ ਕੇਂਦਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਗੱਲ ਆਖੀ। ਬੀਬੀ ਭੱਠਲ ਤੇ ਮਾਨ ਨੇ ਪੰਜਾਬ ਸਰਕਾਰ ਨੂੰ ਵੀ ਭੰਡਿਆ। ਇਸੇ ਦੌਰਾਨ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਗੁਰਦੀਪ ਸਿੰਘ ਬਠਿੰਡਾ, ਜਗਤਾਰ ਸਿੰਘ ਹਵਾਲਾ ਦੇ ਧਰਮ ਪਿਤਾ ਗੁਰਚਰਨ ਸਿੰਘ ਜਰੀਕਪੁਰ ਅਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਵੀ ਅੱਜ ਢਾਬੀ ਗੁੱਜਰਾਂ ਬਾਰਡਰ ’ਤੇ ਡੱਲੇਵਾਲ ਦਾ ਹਾਲਚਾਲ ਪੁੱਛਣ ਲਈ ਪੁੱਜੇ ਸਨ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਾਰਟੀਆਂ ਦੇ ਆਗੂ ਸਮੇਂ-ਸਮੇਂ ’ਤੇ ਇੱਥੇ ਪਹੁੰਚ ਕੇ ਡੱਲੇਵਾਲ ਦਾ ਹਾਲਚਾਲ ਪੁੱਛ ਚੁੱਕੇ ਹਨ, ਜਿਨ੍ਹਾਂ ਵਿੱਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਹੁਲਇੰਦਰ ਸਿੰਘ ਸਿੱਧੂ, ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਅਤੇ ਭਾਜਪਾ ਆਗੂ ਸੁਖਮਿੰਦਰਪਾਲ ਗਰੇਵਾਲ ਆਦਿ ਦੇ ਨਾਮ ਸ਼ਾਮਲ ਹਨ।
ਸਿਰਫ਼ ਤਸਵੀਰਾਂ ਖਿਚਵਾਉਣ ਲਈ ਡੱਲੇਵਾਲ ਕੋਲ ਪੁੱਜ ਰਹੇ ਨੇ ਸਿਆਸੀ ਆਗੂ: ਬਿੱਟੂ ਤੇ ਜਾਖੜ
ਇਸੇ ਦੌਰਾਨ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਾਰੇ ਸਿਆਸੀ ਲੀਡਰ ਸਿਰਫ਼ ਕਿਸਾਨ ਆਗੂ ਡੱਲੇਵਾਲ ਨਾਲ ਤਸਵੀਰਾਂ ਖਿਚਵਾਉਣ ਲਈ ਢਾਬੀ ਗੁੱਜਰਾਂ ਪਹੁੰਚ ਰਹੇ ਹਨ। ਇਸ ਗੱਲ ਦਾ ਗੰਭੀਰ ਨੋਟਿਸ ਲੈਂਦਿਆਂ ਕਈ ਆਗੂਆਂ ਦਾ ਕਹਿਣਾ ਸੀ ਕਿ ਜਾਖੜ ਵਰਗੇ ਸੁਲਝੇ ਸਿਆਸਤਦਾਨ ਦੇ ਮੂੰਹੋਂ ਅਜਿਹੀ ਬਿਆਨਬਾਜੀ ਸ਼ੋਭਾ ਨਹੀਂ ਦਿੰਦੀ।