ਡੱਲੇਵਾਲ ਦੀ ਜਾਨ ਕੀਮਤੀ ਹੈ: ਸੁਪਰੀਮ ਕੋਰਟ
* ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਕਿਸਾਨ ਆਗੂ ਨੂੰ ਮਿਲਣ ਅਤੇ ਮੈਡੀਕਲ ਸਹਾਇਤਾ ਦੇਣ ਦੇ ਹੁਕਮ
ਨਵੀਂ ਦਿੱਲੀ, 13 ਦਸੰਬਰ
ਸੁਪਰੀਮ ਕੋਰਟ ਨੇ ਪਿਛਲੇ 17 ਦਿਨਾਂ ਤੋਂ ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਨਿੱਘਰਦੀ ਹਾਲਤ ਉੱਤੇ ਫ਼ਿਕਰ ਜਤਾਇਆ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਫੌਰੀ ਡੱਲੇਵਾਲ ਨੂੰ ਮਿਲਣ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ। ਬੈਂਚ ਨੇ ਕਿਹਾ ਕਿ ਮਰਨ ਵਰਤ ਉੱਤੇ ਬੈਠੇ ਡੱਲੇਵਾਲ ਦੀ ਜ਼ਿੰਦਗੀ ਬਹੁਤ ਕੀਮਤੀ ਹੈ, ਲਿਹਾਜ਼ਾ ਉਨ੍ਹਾਂ ਨੂੰ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ। ਬੈਂਚ ਨੇ ਸੌਲੀਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਡੱਲੇਵਾਲ ਦਾ ਮਰਨ ਵਰਤ ਤੋੜਨ ਲਈ ਉਦੋਂ ਤੱਕ ਕਿਸੇ ਬਲ ਦੀ ਵਰਤੋਂ ਨਾ ਕੀਤੀ ਜਾਵੇ, ਜਦੋਂ ਤੱਕ ਉਨ੍ਹਾਂ ਦੀ ਜਾਨ ਬਚਾਉਣ ਲਈ ਅਜਿਹਾ ਜ਼ਰੂਰੀ ਨਾ ਹੋਵੇ। ਬੈਂਚ ਨੇ ਮਹਿਤਾ ਤੇ ਸਿੰਘ ਨੂੰ ਕਿਹਾ, ‘‘ਤੁਸੀਂ ਦੋਵੇਂ ਜਣੇ ਫੌਰੀ ਇਸ ਮੁੱਦੇ ਨੂੰ ਸੁਲਝਾਉਣ ਲਈ ਚਾਰਾਜੋਈ ਕਰੋ।’’ ਬੈਂਚ ਨੇ ਸਲਾਹ ਦਿੱਤੀ ਕਿ ਲੋੜ ਪੈਣ ਉੱਤੇ ਡੱਲੇਵਾਲ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਜਾਂ ਨੇੜਲੇ ਪਟਿਆਲਾ ਸ਼ਹਿਰ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾ ਸਕਦਾ ਹੈ। ਬੈਂਚ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਅੰਦੋਲਨ ਨੂੰ ਗਾਂਧੀਵਾਦੀ ਤਰੀਕੇ ਨਾਲ ਚਲਾਉਣ ਅਤੇ ਇਸ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦੇਣ ਜਾਂ ਸ਼ਾਹਰਾਹ ਤੋਂ ਤਬਦੀਲ ਕਰ ਦੇਣ। ਸੁਪਰੀਮ ਕੋਰਟ ਨੇ ਆਪਣੇ ਵੱਲੋਂ ਕਾਇਮ ਉੱਚ ਤਾਕਤੀ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰੇ। ਡੱਲੇਵਾਲ ਫ਼ਸਲਾਂ ਦੀ ਐੱਮਐੱਸਪੀ ਉੱਤੇ ਖਰੀਦ ਦੀ ਕਾਨੂੰਨੀ ਗਾਰੰਟੀ ਸਣੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਨੂੰ ਲੈ ਕੇ ਕੇਂਦਰ ਉੱਤੇ ਦਬਾਅ ਬਣਾਉਣ ਲਈ ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ਉੱਤੇ 26 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਹਨ। ਕਿਸਾਨ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਡਟੇ ਹੋਏ ਹਨ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਦੀ ਕੋਸ਼ਿਸ਼ ਕੀਤੀ ਸੀ, ਪਰ ਸੁੁਰੱਖਿਆ ਬਲਾਂ ਵੱਲੋਂ ਹਰਿਆਣਾ ਦੀ ਸਰਹੱਦ ਉੱਤੇ ਹੀ ਰੋਕੇ ਜਾਣ ਕਰਕੇ ਉਨ੍ਹਾਂ ਉਥੇ ਹੀ ਪੱਕੇ ਧਰਨੇ ਲਾ ਦਿੱਤੇ। -ਪੀਟੀਆਈ