ਦਾਨ ਸਿੰਘ ਵਾਲਾ ਕਾਂਡ: ਇਨਸਾਫ਼ ਲਈ ਐਕਸ਼ਨ ਕਮੇਟੀ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਸ਼ਗਨ ਕਟਾਰੀਆ
ਬਠਿੰਡਾ, 28 ਜਨਵਰੀ
ਦਾਨ ਸਿੰਘ ਅਗਜ਼ਨੀ ਕਾਂਡ ਸਬੰਧੀ ਬਣੀ ‘ਜਬਰ ਵਿਰੋਧੀ ਐਕਸ਼ਨ ਕਮੇਟੀ’ ਨੇ ਪੀੜਤਾਂ ਲਈ ਨਿਆਂ ਦੀ ਮੰਗ ਲੈ ਕੇ ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ।
ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਘਟਨਾ ਨੂੰ ‘ਦੋ ਗਰੁੱਪਾਂ ਦੀ ਆਪਸੀ ਲੜਾਈ’ ਕਹਿ ਕੇ ਮੁਲਜ਼ਮਾਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਰਅਸਲ ਹਮਲੇ ਦਾ ਸ਼ਿਕਾਰ ਹੋਣ ਵਾਲੇ ਪਿੰਡ ਵਿੱਚ ਚਿੱਟੇ ਦੀ ਖਰੀਦੋ-ਫ਼ਰੋਖ਼ਤ ਦਾ ਵਿਰੋਧ ਕਰ ਰਹੇ ਸਨ ਅਤੇ ਹਮਲਾਵਰਾਂ ਨੇ ਸੱਚ ਦਾ ਗਲ਼ਾ ਘੁੱਟਣ ਦੇ ਮੰਤਵ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਸਿਆਸੀ ਨੁਮਾਇੰਦੇ ਅਤੇ ਪ੍ਰਸ਼ਾਸਨ ਅਸਲੀਅਤ ਨੂੰ ਜਾਣ-ਬੁੱਝ ਕੇ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਕਿ ਘਟਨਾ ਪਿੱਛੇ ਕੰਮ ਕਰਦੇ ਪਿੰਡ ਦੇ ਨਸ਼ਾ ਵੇਚਣ ਵਾਲੇ ਅਨਸਰਾਂ ਨੂੰ ਬਚਾਇਆ ਜਾ ਸਕੇ।
ਆਗੂਆਂ ਨੇ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਮੁਆਵਜ਼ੇ ਨੂੰ ‘ਮਾਮੂਲੀ’ ਕਰਾਰ ਦਿੰਦਿਆਂ, ਮੰਗ ਕੀਤੀ ਕਿ ਪੀੜਤਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਪਰਦੇ ਪਿਛਲੇ ਸਾਜਿਸ਼ੀਆਂ ਦੀ ਗ੍ਰਿਫ਼ਤਾਰੀ ਵੀ ਮੰਗੀ। ਉਨ੍ਹਾਂ ਘਟਨਾ ਮੌਕੇ ਚੁਰਾਏ ਗਏ ਘਰੇਲੂ ਸਾਜ਼ੋ-ਸਾਮਾਨ ਅਤੇ ਪਸ਼ੂ ਵਾਪਿਸ ਕਰਨ ਦੀ ਵੀ ਮੰਗ ਰੱਖੀ। ਆਗੂਆਂ ਨੇ ਕਿਹਾ ਕਿ ਅਸਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਸੰਘਰਸ਼ ਜਾਰੀ ਰਹੇਗਾ। ਸੰਘਰਸ਼ ਨੂੰ ਲੋਕਾਂ ਤੱਕ ਲਿਜਾਣ ਲਈ 5 ਫਰਵਰੀ ਨੂੰ ਪਿੰਡਾਂ ਵਿੱਚ ਝੰਡਾ ਮਾਰਚ ਕਰਨ ਦਾ ਐਲਾਨ ਵੀ ਕੀਤਾ ਗਿਆ।
ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਮਜ਼ਦੂਰ ਮੁਕਤੀ ਮੋਰਚਾ (ਆਇਰਲਾ) ਦੇ ਆਗੂ ਗੋਬਿੰਦ ਸਿੰਘ ਛਾਜਲੀ, ਪੰਜਾਬ ਖੇਤ ਮਜ਼ਦੂਰ ਸਭਾ ਦੀ ਆਗੂ ਦੇਵੀ ਕੁਮਾਰੀ, ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਆਗੂ ਭਗਵੰਤ ਸਿੰਘ ਸਮਾਓਂ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਬਿੱਕਰ ਸਿੰਘ ਦਾਨ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਭੂਪ ਚੰਦ ਚੰਨੋ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੇਲਬਰਾਹ, ਭਾਰਤੀ ਕਿਸਾਨ ਯੂਨੀਅਨ (ਮਾਲਵਾ) ਦੇ ਆਗੂ ਜਗਜੀਤ ਸਿੰਘ ਕੋਟਸ਼ਮੀਰ, ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਆਗੂ ਜਗਸੀਰ ਸ਼ਰਮਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਖ਼ਸ਼ੀਸ਼ ਸਿੰਘ ਅਤੇ ਲਾਲ ਝੰਡਾ ਮਜ਼ਦੂਰ ਯੂਨੀਅਨ ਦੇ ਆਗੂ ਵਿਜੈ ਕੁਮਾਰ ਨੇ ਸੰਬੋਧਨ ਕੀਤਾ।
ਸਰਬੱਤ ਦਾ ਭਲਾ ਟਰੱਸਟ ਵੱਲੋਂ ਪੀੜਤਾਂ ਦੀ ਮਦਦ

ਬਠਿੰਡਾ (ਮਨੋਜ ਸ਼ਰਮਾ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਨੇ ਦਾਨ ਸਿੰਘ ਵਾਲਾ ਦੇ ਪੀੜਤ ਪਰਿਵਾਰਾਂ ਨੂੰ ਲੋੜੀਂਦਾ ਸਾਮਾਨ ਜਿਵੇਂ- ਪੇਟੀਆਂ, ਬੈੱਡ, ਗੱਦੇ, ਬੱਠਲ, ਬਾਲਟੀਆਂ ਤੇ ਪੱਖੇ ਆਦਿ ਮੁਹੱਇਆ ਕਰਵਾਇਆ। ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਸਰਬੱਤ ਦਾ ਭਲਾ ਬਠਿੰਡਾ ਇਕਾਈ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਸਾਮਾਨ ਵੰਡਿਆ ਗਿਆ। ਗੌਰਤਲਬ ਹੈ ਕਿ 9 ਜਨਵਰੀ ਨੂੰ ਓਬਰਾਏ ਟੀਮ ਬਠਿੰਡਾ ਨੇ ਮੌਕੇ ’ਤੇ ਜਾ ਕੇ ਲੋੜਵੰਦ ਪਰਿਵਾਰਾਂ ਦਾ ਹਾਲ-ਚਾਲ ਪੁੱਛਿਆ ਸੀ ਅਤੇ ਲੋੜੀਂਦੇ ਸਾਮਾਨ ਦੀ ਲਿਸਟ ਬਣਾ ਕੇ ਸ੍ਰੀ ਓਬਰਾਏ ਕੋਲ ਭੇਜੀ ਗਈ ਸੀ।