ਝੋਨੇ ਤੇ ਡੀਏਪੀ ਦੀ ਸਮੱਸਿਆ: ਕਿਸਾਨਾਂ ਵੱਲੋਂ ਡੀਸੀ ਨਾਲ ਮੁਲਾਕਾਤ
ਸਰਬਜੀਤ ਸਿੰਘ ਭੰਗੂ
ਪਟਿਆਲਾ, 4 ਨਵੰਬਰ
ਝੋਨੇ ਦੀ ਰਹਿੰਦੀ ਫਸਲ ਦੀ ਨਿਰਵਿਘਨ ਖਰੀਦ ਅਤੇ ਕਣਕ ਦੀ ਬਿਜਾਈ ਲੋੜੀਂਦੀ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਇੱਕ ਵਫ਼ਦ ਅੱਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਮਿਲਿਆ। ਇਸ ਦੌਰਾਨ ਹੋਈ ਵਿਚਾਰ ਚਰਚਾ ਦੌਰਾਨ ਡੀਸੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਜਾਣਕਾਰੀ ਯੂਨੀਅਨ ਦੇ ਜ਼ਿਲ੍ਹਾ ਸੰਗਠਨ ਸਕੱਤਰ ਮਾਸਟਰ ਬਲਰਾਜ ਜੋਸ਼ੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਦੀ ਅਗਵਾਈ ਹੇਠਲੇ ਇਸ ਵਫ਼ਦ ’ਚ ਜ਼ਿਲ੍ਹਾ ਖਜ਼ਾਨਚੀ ਜਗਮੇਲ ਸਿੰਘ ਗਾਜੇਵਾਸ, ਜ਼ਿਲ੍ਹਾ ਸੰਗਠਨ ਸਕੱਤਰ ਬਲਰਾਜ ਜੋਸ਼ੀ ਸਮੇਤ ਬਲਾਕ ਆਗੂ ਦਵਿੰਦਰ ਸੀਲ, ਰਾਜਿੰਦਰ ਕਕਰਾਲਾ, ਹਰਦੀਪ ਡਰੌਲੀ, ਜਸਵਿੰਦਰ ਬਿਸ਼ਨਪੁਰਾ, ਭਰਭੂਰ ਗਾਜੇਵਾਸ, ਅਵਤਾਰ ਬੁਰੜ ਅਤੇ ਅਮਰਜੀਤ ਸਿੰਘ ਆਦਿ ਵੀ ਸ਼ਾਮਲ ਸਨ।
ਕਿਸਾਨ ਆਗੂਆਂ ਨੇ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਖਿਲਾਫ਼ ਕੇਸ ਦਰਜ ਕਰਨ ਦੀ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਦੇ ਪ੍ਰਬੰਧ ਨਾ ਕੀਤੇ ਜਾਣ ਕਰਕੇ ਹੀ ਕਿਸਾਨਾਂ ਨੂੰ ਮਜਬੂਰਨ ਅਜਿਹਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨਾਲ ਹੀ ਇਸ ਸਬੰਧੀ ਵੈਲਰਾਂ ਦੀ ਘਾਟ ਦਾ ਮਾਮਲਾ ਵੀ ਡੀਸੀ ਦੇ ਧਿਆਨ ’ਚ ਲਿਆਂਦਾ।