ਡੀਸੀ ਤੇ ਐੱਸਐੱਸਪੀ ਨੇ ਪਿੰਡ ਘਰਾਂਗਣਾ ’ਚ ਪਰਾਲੀ ਨੂੰ ਲੱਗੀ ਅੱਗ ਬੁਝਾਈ
ਪੱਤਰ ਪ੍ਰੇਰਕ
ਮਾਨਸਾ, 5 ਨਵੰਬਰ
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐੱਸਐੱਸਪੀ ਭਗੀਰਥ ਸਿੰਘ ਮੀਨਾ ਵੱਲੋਂ ਨੇੜਲੇ ਪਿੰਡ ਘਰਾਂਗਣਾਂ ਵਿੱਚ ਕਿਸਾਨ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾ ਕੇ ਬੁਝਾਇਆ ਗਿਆ। ਉਨ੍ਹਾਂ ਨਾਲ ਡੀਐੱਸਪੀ ਬੂਟਾ ਸਿੰਘ ਗਿੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਇਸ ਦਾ ਹੋਰ ਤਰੀਕਿਆਂ ਰਾਹੀਂ ਢੁੱਕਵਾਂ ਹੱਲ ਕੱਢਕੇ ਵਾਤਾਵਰਣ ਦੀ ਸੁਰੱਖਿਆ ਵਿਚ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਐੱਸਐੱਸਪੀ ਭਗੀਰਥ ਸਿੰਘ ਮੀਨਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।