ਸ਼ਹੀਦੀ ਸਭਾ ਦੇ ਪ੍ਰਬੰਧਾਂ ਲਈ ਡੀਸੀ ਤੇ ਐੱਸਐੱਸਪੀ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 10 ਜਨਵਰੀ
ਸ਼ਹੀਦੀ ਸਭਾ-2024 ਦੌਰਾਨ ਸਿਵਲ ਤੇ ਪੁਲੀਸ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਸ਼ਲਾਘਾਯੋਗ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੇ ਸਰਹਿੰਦ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਦਫ਼ਤਰਾਂ ਵਿੱਚ ਸੀਨੀਅਰ ਸਿਟੀਜ਼ਨਾਂ ਦੇ ਕੰਮਾਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕੀਤਾ ਜਾਂਦਾ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਸੀਨੀਅਰ ਸਿਟੀਜ਼ਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਸੀਨੀਅਰ ਸਿਟੀਜ਼ਨ ਅਨਿਲ ਅੱਤਰੀ ਵੱਲੋਂ ਤਿਆਰ ਕੀਤੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦਾ ਚਿੱਤਰ ਵੀ ਜਾਰੀ ਕੀਤਾ। ਇਸ ਮੌਕੇ ਸੀਨੀਅਰ ਸਿਟੀਜ਼ਨ ਤਰਸੇਮ ਖੁੱਲਰ ਤੇ ਸੱਤਪਾਲ ਪੁਰੀ ਨੇ ਗੀਤ ਗਾਏ। ਇਸ ਮੌਕੇ ਐਸਪੀ (ਡੀ) ਰਾਕੇਸ਼ ਯਾਦਵ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ, ਸੰਸਥਾ ਦੇ ਪ੍ਰਧਾਨ ਆਰਐੱਨ ਸ਼ਰਮਾ, ਬਸੀ ਪਠਾਣਾ ਦੇ ਪ੍ਰਧਾਨ ਐੱਮਐੱਲ ਵਰਮਾ, ਪ੍ਰੋ. ਅਸ਼ੋਕ ਸੂਦ, ਸੁਰਿੰਦਰ ਭਾਰਦਵਾਜ ਅਤੇ ਸੰਸਥਾ ਦੇ ਸਕੱਤਰ ਨਕੇਸ਼ ਜਿੰਦਲ ਹਾਜ਼ਰ ਸਨ।