ਕਿਸਾਨਾਂ ਦੀ ਸਾਰ ਲੈਣ ਲਈ ਮੰਡੀ ’ਚ ਪੁੱਜੇ ਡੀਸੀ ਤੇ ਐੱਸਐੱਸਪੀ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 26 ਅਕਤੂਬਰ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ ਅੱਜ ਸਨੇਟਾ ਮੰਡੀ ਪੁੱਜੇ। ਇਸ ਮੌਕੇ ਐਸਡੀਐਮ ਦਮਨਦੀਪ ਕੌਰ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ। ਡੀਸੀ ਅਤੇ ਐੱਸਐੱਸਪੀ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,22,197 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜੋ ਕੁੱਲ ਅਨੁਮਾਨੀ ਆਮਦ 2.14 ਲੱਖ ਮੀਟਰਿਕ ਟਨ ਦੀ 57 ਫ਼ੀਸਦੀ ਬਣਦੀ ਹੈ। ਹੁਣ ਤੱਕ 26250 ਮੀਟਰਿਕ ਟਨ ਫ਼ਸਲ ਚੁੱਕੀ ਗਈ ਹੈ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਕਿਸਾਨਾਂ ਨੂੰ 252 ਕਰੋੜ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ। ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਮੰਡੀਆਂ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ।