For the best experience, open
https://m.punjabitribuneonline.com
on your mobile browser.
Advertisement

ਡੀਸੀ ਅਤੇ ਐੱਸਐੱਸਪੀ ਨੇ ਖੇਤਾਂ ਵਿੱਚ ਜਾ ਕੇ ਬੁਝਾਈ ਅੱਗ

10:23 AM Nov 10, 2024 IST
ਡੀਸੀ ਅਤੇ ਐੱਸਐੱਸਪੀ ਨੇ ਖੇਤਾਂ ਵਿੱਚ ਜਾ ਕੇ ਬੁਝਾਈ ਅੱਗ
ਦੋਦਾ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਡੀਸੀ ਰਾਜੇਸ਼ ਤ੍ਰਿਪਾਠੀ ਤੇ ਐੱਸਐੱਸਪੀ ਤੁਸ਼ਾਰ ਗੁਪਤਾ।
Advertisement

ਗੁਰਸੇਵਕ ਸਿੰਘ ਪ੍ਰੀਤ/ਜਸਵੀਰ ਸਿੰਘ ਭੁੱਲਰ
ਸ੍ਰੀ ਮੁਕਤਸਰ ਸਾਹਿਬ/ਦੋਦਾ, 9 ਨਵੰਬਰ
ਮੁਕਤਸਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਅਤੇ ਐੱਸਐੱਸਪੀ ਤੁਸ਼ਾਰ ਗੁਪਤਾ ਨੇ ਅੱਜ ਦੋਦਾ, ਧੂਲਕੋਟ, ਕੋਟਲੀ ਤੇ ਮੱਲਣ ਆਦਿ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਦੋਦਾ ਵਿੱਚ ਇੱਕ ਕਿਸਾਨ ਵੱਲੋਂ ਪਰਾਲੀ ਨੂੰ ਲਾਈ ਅੱਗ ਬੁਝਾਈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਅੱਗ ਲਾਉਣ ਨਾਲ ਜਿਥੇ ਵਾਤਾਵਰਨ ਪਲੀਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਅਤੇ ਮਿੱਤਰ ਕੀੜੇ ਇਸ ਅੱਗ ਵਿੱਚ ਸੜ ਕੇ ਰਾਖ ਹੋ ਜਾਂਦੇ ਹਨ, ਜਿਸ ਕਾਰਨ ਆਉਣ ਵਾਲੀ ਫਸਲਾਂ ਦੇ ਝਾੜ ਉਤੇ ਵੀ ਮਾੜਾ ਪ੍ਰਭਾਵ ਪੈਦਾ ਹੈ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਪਾਸੇ ਕਿਸਾਨਾਂ ਵੱਲੋਂ ਪ੍ਰਸ਼ਾਸਨ ਦੀ ਸਖਤ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਪਰ ਸਰਕਾਰਾਂ ਵੱਲੋਂ 2014-15 ’ਚ ਗ੍ਰੀਨ ਟ੍ਰਿਬਿਊਨਲ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਿੱਲੀ ਸਮੇਤ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਅੱਜ ਤੱਕ ਵੀ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਲਾਲ਼ ਐਂਟਰੀ, ਜੁਰਮਾਨਾ, ਪਰਚੇ ਦਰਜ ਕੀਤੇ ਤਾਂ ਜ਼ਿੰਮੇਵਾਰ ਅਧਿਕਾਰੀਆਂ ਦੇ ਘਿਰਾਓ ਕੀਤੇ ਜਾਣਗੇ। ਅਜਿਹੇ ਵਿਚ ਆਗਾਮੀ ਦਿਨਾਂ ਦਿੌਰਾਨ ਕਿਸਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਰੇੜਕਾ ਵੱਧ ਸਕਦਾ ਹੈ। ਦੂਜੇ ਪਾਸੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਵੇਰਵੇ ਅਨੁਸਾਰ ਮੁਕਤਸਰ ਜ਼ਿਲ੍ਹੇ ਵਿੱਚ ਇਸ ਵਾਰ ਪਿਛਲੇ ਸਾਲ ਨਾਲੋਂ ਪਰਾਲੀ ਸਾੜਨ ਦੇ 81 ਫੀਸਦੀ ਘੱਟ ਮਾਮਲੇ ਦਰਜ ਕੀਤੇ ਗਏ ਹਨ। ਹਾਲੇ ਤੱਕ ਜ਼ਿਲ੍ਹੇ ਅੰਦਰ 103 ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਏ ਜਾਣ ਦੇ ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਪਿਛਲੇ ਸਾਲ ਇਹ ਇਸ ਸਮੇਂ ਤੱਕ ਇਹ ਗਿਣਤੀ 528 ਹੋ ਗਈ ਸੀ। ਇਸੇ ਤਰ੍ਹਾਂ 17 ਪਰਚੇ ਦਰਜ ਕੀਤੇ ਗਏ ਹਨ ਅਤੇ 24 ਲਾਲ ਇੰਦਰਾਜ ਲੈਂਡ ਰਿਕਾਰਡ ਵਿੱਚ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਪੁਰਾਲੀ ਸਾੜਣ ਦੇ ਦੋਸ਼ ਵਿੱਚ ਲਾਏ ਗਏ 72 ਹਜ਼ਾਰ 500 ਰੁਪਏ ਦੇ ਜਰਮਾਨੇ ਵਿੱਚੋਂ 15 ਹਜ਼ਾਰ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ।‌

Advertisement

ਗੁਰੂਹਰਸਹਾਏ ਨੇੜਲੇ ਕਈ ਥਾਵਾਂ ’ਤੇ ਲਾਈ ਅੱਗ

ਗੁਰੂਹਰਸਹਾਏ (ਅਸ਼ੋਕ ਸੀਕਰੀ):
ਇਥੇ ਆਸ-ਪਾਸ ਦੇ ਪਿੰਡਾਂ ਵਿੱਚ ਪਰਾਲੀ ਨੂੰ ਅੱਗਾਂ ਲਾਉਣ ਕਾਰਨ ਧੂੰਆਂ ਅਸਮਾਨੀ ਚੜ੍ਹਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਪਿਛਲੇ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੋਈ ਅਸਰ ਨਹੀਂ ਹੋਇਆ ਹੈ। ਪਿੰਡਾਂ ਵਿੱਚ ਅਫ਼ਸਰਾਂ ਦੇ ਵਾਰ-ਵਾਰ ਰੋਕਣ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਾ ਰਹੇ ਹਨ ਜਿਸਦਾ ਮੁੱਖ ਕਾਰਨ ਅਫਸਰਾਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਡੰਗ ਟਪਾਉਣ ਲਈ ਹੁਕਮਾਂ ਨੂੰ ਵਿਖਾਵਾ ਕੀਤਾ ਜਾ ਰਿਹਾ ਹੈ। ਕੋਈ ਵੀ ਅਧਿਕਾਰੀ ਪਿੰਡਾਂ ਵਿੱਚ ਨਜ਼ਰ ਨਹੀਂ ਆ ਰਹੇ ਜਿਸ ਕਾਰਨ ਗੁਰੂਹਰਸਹਾਏ ਦੇ ਆਸ-ਪਾਸ ਪਿੰਡਾਂ ਵਿੱਚ ਵੱਡੀ ਪੱਧਰ ’ਤੇ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ।

Advertisement

Advertisement
Author Image

joginder kumar

View all posts

Advertisement