ਡੀਸੀ ਨੇ ਖੇਤਾਂ ’ਚ ਪਰਾਲੀ ਨੂੰ ਲੱਗੀ ਅੱਗ ਬੁਝਾਈ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 23 ਅਕਤੂਬਰ
ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ) ਦੁਆਰਾ ਸਾਂਝੀਆਂ ਕੀਤੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਹੇਠਲੇ ਪੱਧਰ ਤੱਕ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਜ਼ਿਲ੍ਹੇ ਦੇ ਪਿੰਡ ਨਾਰੀਕੇ, ਤੋਲੇਵਾਲ ਅਤੇ ਰਾਮਪੁਰ ਛੰਨਾ ਪੁੱਜੇ ਅਤੇ ਭੌਤਿਕ ਪੜਤਾਲ ਦੌਰਾਨ ਪਾਇਆ ਕਿ ਕਿਸੇ ਵੀ ਪਿੰਡ ਵਿੱਚ ਅੱਗ ਲੱਗਣ ਦੀ ਕੋਈ ਵੀ ਘਟਨਾ ਨਹੀਂ ਵਾਪਰੀ ਹੈ। 250 ਮੀਟਰ ਦੇ ਘੇਰੇ ਵਿੱਚ ਕੋਈ ਵੀ ਅੱਗ ਲੱਗਣ ਦਾ ਸੰਕੇਤ ਨਹੀਂ ਪਾਇਆ ਗਿਆ। ਜਾਣਕਾਰੀ ਅਨੁਸਾਰ ਜ਼ਿਲ੍ਹਾ ਅਧਿਕਾਰੀ ਪਿੰਡ ਗੁਆਰਾ ਵਿਖੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੇ ਖੇਤ ਪੁੱਜੇ ਅਤੇ ਮੌਕੇ ’ਤੇ ਉਨ੍ਹਾਂ ਆਪਣੇ ਸਹਾਇਕ ਟੀਮ ਨਾਲ ਕਿਸਾਨ ਦੇ ਖੇਤ ਵਿੱਚ ਲੱਗੀ ਅੱਗ ਬੁਝਵਾਈ। ਡਿਪਟੀ ਕਮਿਸ਼ਨਰ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਉਪ ਮੰਡਲ ਮੈਜਿਸਟੇਟ ਅਮਰਗੜ੍ਹ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਨੂੰ ਬਿਲਕੁਲ ਹੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕੀਤੇ ਜਾਣਗੇ, ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵੀ ਕੀਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੇਸ ਵੀ ਦਰਜ ਕੀਤੇ ਜਾਣ। ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਸਬੰਧਤ ਡੀਐੱਸਪੀ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।