ਡੀਸੀ ਨੇ ਦੌਲਤਪੁਰ ’ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਨਵਾਂਸ਼ਹਿਰ, 5 ਨਵੰਬਰ
ਪੰਜਾਬ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਬ- ਡਿਵੀਜ਼ਨ ਨਵਾਂਸ਼ਹਿਰ ਦੇ ਪਿੰਡ ਦੌਲਤਪੁਰ ਵਿੱਚ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਕੈਂਪ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਇਹ ਸ਼ਿਕਾਇਤ ਨਿਵਾਰਣ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੂਰੇ ਸੂਬੇ ਵਿਚ ਲੱਗ ਰਹੇ ਹਨ, ਜਿਸ ਦੇ ਤਹਿਤ ਪ੍ਰਸ਼ਾਸਨਿਕ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕੈਂਪ ਵਿੱਚ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੈਂਪ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ-ਆਪਣੇ ਸਟਾਲ ਲਗਾਏ, ਜਿਨ੍ਹਾਂ ਵੱਲੋਂ ਮਹੱਤਵਪੂਰਨ ਸੇਵਾਵਾਂ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਗਈ। ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਸਟਾਲਾਂ ’ਤੇ ਜਾ ਕੇ ਆਪਣੀ ਸਮੱਸਿਆ ਰੱਖੀ। ਸਬੰਧਤ ਅਧਿਕਾਰੀਆਂ ਨੇ ਮੌਕੇ ’ਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਯਤਨ ਕੀਤਾ ਅਤੇ ਲੰਬਿਤ ਮਾਮਲਿਆਂ ਨੂੰ ਜਲਦ ਨਿਪਟਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਬੀ.ਡੀ.ਪੀ.ਓ ਰਾਜਵਿੰਦਰ ਕੌਰ, ਸਰਪੰਚ ਦੌਲਤਪੁਰ ਹਰਮਨਦੀਪ ਸਿੰਘ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।