ਏਡੀਸੀ ਵੱਲੋਂ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਮਾਰਚ
ਅੰਮ੍ਰਿਤਸਰ ਵਿੱਚ 14 ਮਾਰਚ ਤੋਂ 23 ਮਾਰਚ ਤੱਕ ਸਰਸ ਮੇਲਾ ਲਾਇਆ ਜਾ ਰਿਹਾ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਤਿਆਰੀਆਂ ਜਾ ਜਾਇਜ਼ਾ ਲਿਆ।
ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਵਿਭਾਗ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਮੇਲੇ ਵਿੱਚ ਟੈਂਟ, ਲਾਈਟ, ਸਾਊਡ ਆਦਿ ਦੇ ਟੈਡਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਿ ਇਸ ਮੇਲੇ ਵਿੱਚ ਦੇਸ਼ ਭਰ ਤੋਂ ਹੱਥ ਕਿਰਤਾਂ ਬਣਾਉਣ ਵਾਲੇ ਕਲਾਕਾਰਾਂ ਅਤੇ ਲੋਕ ਨਾਚਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੇਲਾ ਰਣਜੀਤ ਐਵਨਿਊ ਦੇ ਦੁਸ਼ਹਿਰਾ ਮੈਦਾਨ ਵਿੱਚ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ’ਚ 174 ਸਟਾਲ ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਆ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਲਾਕਾਰਾਂ ਨੂੰ ਵਿਸ਼ੇਸ਼ ਸਥਾਨ ਦਿੱਤਾ ਜਾਵੇਗਾ ਜਿਸ ਵਿੱਚ ਜੰਡਿਆਲਾ ਗੁਰੂ ਦੇ ਭਾਂਡੇ ਬਣਾਉਣ ਵਾਲੇ ਠਠਿਆਰ ਅਤੇ ਅੰਮ੍ਰਿਤਸਰ ਦੀ ਸ਼ਤਰੰਜ ਨੂੰ ਵੀ ਯੋਗ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਰਸ ਮੇਲਾ ਟੂਰਿਜ਼ਮ ਇੰਡਸਟਰੀ ਨੂੰ ਹੋਰ ਪ੍ਰਫੁਲਿਤ ਕਰੇਗਾ।
ਉਨ੍ਹਾਂ ਨੇ ਦੱਸਿਆ ਕਿ ਇਸ ਵਿੱਚ ਰੋਜ਼ਾਨਾ ਸ਼ਾਮ ਨੂੰ ਪੰਜਾਬੀ ਕਲਾਕਾਰਾਂ ਦੀ ਸਟੇਜ ਲੱਗੀ, ਜਿਸ ਵਿੱਚ ਪੰਜਾਬੀ ਗਾਇਕ ਰਾਜਵੀਰ ਜਵੰਦਾ, ਗੁਰਲੇਜ ਅਖਤਰ, ਨਿਰਵੈਰ ਪੰਨੂ ਅਤੇ ਹੋਰ ਵੱਡੇ ਕਲਾਕਾਰ ਲੋਕਾਂ ਦਾ ਮਨੋਰੰਜਨ ਕਰਨਗੇ। ਇਸ ਤੋਂ ਇਲਾਵਾ ਮੇਲੇ ਵਿੱਚ ਰਵਾਇਤੀ ਪੁਸ਼ਾਕ ਪਾ ਕੇ ਆਉਣ ਵਾਲੇ ਮੇਲੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਕੱਤਰ ਰੈੱਡ ਕਰਾਸ ਸੈਮਸਨ ਮਸੀਹ, ਸਹਾਇਕ ਫੂਡ ਕਮਿਸ਼ਨਰ ਰਜਿੰਦਰ ਕੁਮਾਰ, ਮਨੋਹਰ ਸਿੰਘ, ਏਪੀਓ ਹਰਸਿਮਰਨ ਕੌਰ, ਨੋਡਲ ਅਫਸਰ ਸਪੋਰਟਸ ਆਸੂ ਵਿਸ਼ਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।