ਡੀਸੀ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਜਨਵਰੀ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲੀਸ, ਪੰਜਾਬ ਮਹਿਲਾ ਪੁਲੀਸ, ਪੰਜਾਬ ਹੋਮ ਗਾਰਡਜ਼ ਸਮੇਤ ਐਨ.ਸੀ.ਸੀ. ਵਿੰਗਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਇਕਲ ਦਿੱਤੇ ਜਾਣਗੇ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਮੌਕੇ ਹਾਜ਼ਰੀ ਯਕੀਨੀ ਬਨਾਉਂਣ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਦੀ ਸੂਚੀ 20 ਜਨਵਰੀ ਤੱਕ ਭੇਜਣ ਲਈ ਕਿਹਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਪੀ. (ਹੈ/ਕੁ) ਰਾਕੇਸ਼ ਯਾਦਵ, ਏਡੀਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ ਆਦਿ ਹਾਜ਼ਰ ਸਨ।