ਡੀਸੀ ਨੇ ਸਨੌਰ ਤੇ ਸਨੌਰੀ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਸਰਬਜੀਤ ਸਿੰਘ ਭੰਗੂ
ਸਨੌਰ (ਪਟਿਆਲਾ) 7 ਅਕਤੂਬਰ
ਅਨਾਜ ਮੰਡੀ ਸਨੌਰ ਵਿੱਚ ਝੋਨੇ ਦੀ ਖਰੀਦ ਨਾ ਹੋਣ ਸਬੰਧੀ ਚੱਲੇ ਆ ਰਹੇ ਰੇੜਕੇ ਨੂੰ ਖਤਮ ਕਰਨ ਦਾ ਦਾਅਵਾ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਨੇ ਅੱਜ ਖੁਦ ਸਨੌਰ ਮੰਡੀ ’ਚ ਪਹੁੰਚ ਗਏ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਜ਼ਿਕਰਯੋਗ ਹੈ ਕਿ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਪਿਛਲੇ ਦਿਨੀਂ ਕਿਸਾਨਾਂ ਨੇ ਧਰਨਾ ਦਿੱਤਾ ਸੀ ਅਤੇ ਚਿਤਾਵਨੀ ਦਿੱਤੀ ਸੀ ਕਿ ਜੇ ਖਰੀਦ ਦੇ ਪ੍ਰਬੰਧ ਸਹੀ ਨਾ ਹੋਏ ਤਾਂ ਉਹ ਪੱਕੇ ਤੌਰ ’ਤੇ ਧਰਨੇ ਮੁਜ਼ਾਹਰੇ ਕਰਨਗੇ। ਇਸੇ ਦੌਰਾਨ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਸਾਨਾਂ ਦੇ ਧਰਨੇ ਵਿੱਚ ਪਹੁੰਚ ਕੇ ਭਰੋਸਾ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਜਲਦੀ ਅਤੇ ਢੰਗ ਨਾਲ ਸ਼ੁਰੂ ਕਰਵਾਉਣ ਦਾ ਭਰੋਸਾ ਦਵਾਇਆ ਸੀ। ਅੱਜ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਸਨੌਰ ਅਤੇ ਪਟਿਆਲਾ ਸਨੌਰ ਰੋਡ ਦੇ ਸਥਿਤ ਸਨੌਰੀ ਮੰਡੀ ਪਟਿਆਲਾ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਧਰ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਅਤੇ ਹੋਰਨਾਂ ਨੇ ਭਾਵੇਂ ਕਿ ਖਰੀਦ ਸ਼ੁਰੂ ਕਰਵਾਉਣ ਦੇ ਇਸ ਫੈਸਲੇ ’ਤੇ ਤਸੱਲੀ ਪ੍ਰਗਟ ਕੀਤੀ ਪ੍ਰੰਤੂ ਨਾਲ ਹੀ ਚਿਤਾਵਨੀ ਵੀ ਦਿੱਤੀ ਹੈ ਕਿ ਜੇ ਅਗਲੇ ਦਿਨਾਂ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਈ ਤਾਂ ਉਹ ਪ੍ਰਦਰਸ਼ਨ ਲਈ ਮਜਬੂਰ ਹੋਣਗੇ। ਦੂਜੇ ਪਾਸੇ ਹਲਕਾ ਵਿਧਾਇਕ ਹਰਮੀਤ ਪਠਾਣ ਮਾਜਰਾ ਨੇ ਮੁੜ ਭਰੋਸਾ ਦਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਵੇਗੀ।
ਡੀਸੀ ਵੱਲੋਂ ਮੰਡੀ ਬੋਰਡ, ਮਾਰਕੀਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜ੍ਹਤੀਆਂ ਨਾਲ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕੀਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਜਿਣਸ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਪੂਰੀ ਤਰ੍ਹਾਂ ਚੌਕਸ ਹੈ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਏ ਅਤੇ ਕਿਸਾਨ ਵੀ ਮੌਜੂਦ ਸਨ।