ਡੀਸੀ ਵੱਲੋਂ ਪਰਾਲੀ ਸਾੜਨ ਵਾਲੇ ਸੰਭਾਵਿਤ ਪਿੰਡਾਂ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਨਵੰਬਰ
ਪਰਾਲੀ ਸਾੜਨ ਨੂੰ ਰੋਕਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਪਰਾਲੀ ਸਾੜਨ ਵਾਲੇ ਸੰਭਾਵਿਤ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਬਚਾਉਣ ਲਈ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਪੰਜਾਬ ਸਰਕਾਰ ਦਾ ਸਾਥ ਦੇਣ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਨੂੰ ਹੋਰ ਪਲੀਤ ਹੋਣ ਤੋਂ ਬਚਾਉਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਤਰੀਕਿਆਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਨ ਨੂੰ ਖ਼ਤਰਾ ਹੁੰਦਾ ਹੈ ਬਲਕਿ ਉਹ ਮਿੱਟੀ ਦੇ ਜ਼ਰੂਰੀ ਪੌਸ਼ਟਿਕ ਤੱਤਾਂ ਨੂੰ ਨਸ਼ਟ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਅਜਿਹੇ ਅਮਲਾਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਰਾਹੀਂ ਹੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕਿਸਾਨ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਅਪਣਾ ਸਕਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬੱਸੀਆਂ ਦੌਰਾ ਕੀਤਾ ਗਿਆ।